ਸੰਤੋਖ ਗਿੱਲ
ਗੁਰੂਸਰ ਸੁਧਾਰ, 24 ਅਪਰੈਲ
ਕਿਲ੍ਹਾ ਰਾਏਪੁਰ ਵਿਚ ਧਰਨਾਕਾਰੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਨੇ ਕਿਹਾ ਕਿ ਮੋਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ, ਹਸਪਤਾਲਾਂ ਵਿੱਚ ਦਵਾਈਆਂ ਤਾਂ ਦੂਰ ਮਰੀਜ਼ ਆਕਸੀਜਨ ਤੋਂ ਬਿਨਾ ਦਮ ਤੋੜ ਰਹੇ ਹਨ। ਕਿਸਾਨ ਆਗੂ ਨੇ ਕਿਹਾ ਕਿ ਮੋਦੀ ਸਰਕਾਰ ਹੁਣ ਲੋਕਾਂ ਦੇ ਗੁੱਸੇ ਤੋਂ ਬਚ ਨਹੀਂ ਸਕਦੀ। ਸੰਯੁਕਤ ਕਿਸਾਨ ਮੋਰਚਾ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਸਾਹਮਣੇ ਵਿਵਾਦਿਤ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਲੜੀਵਾਰ ਧਰਨੇ ਦੀ ਅਗਵਾਈ ਹਰਪਾਲ ਕੌਰ, ਹਰਜੀਤ ਕੌਰ ਅਤੇ ਮਹਿੰਦਰ ਕੌਰ ਨੇ ਕੀਤੀ।
ਇਸ ਮੌਕੇ ਜਨਵਾਦੀ ਇਸਤਰੀ ਸਭਾ ਦੀ ਆਗੂ ਅਮਨਦੀਪ ਕੌਰ, ਸੁਖਵਿੰਦਰ ਕੌਰ, ਕੁਲਜੀਤ ਕੌਰ ਗਰੇਵਾਲ, ਰਾਜਿੰਦਰ ਕੌਰ, ਪਰਮਜੀਤ ਕੌਰ, ਮੋਨਿਕਾ ਢਿੱਲੋਂ, ਮਨਜੀਤ ਕੌਰ ਤੇ ਨਰਿੰਦਰ ਕੌਰ ਨੇ ਵੀ ਸੰਬੋਧਨ ਕੀਤਾ। ਜਮਹੂਰੀ ਕਿਸਾਨ ਸਭਾ ਦੇ ਆਗੂ ਸੁਰਜੀਤ ਸਿੰਘ ਸੀਲੋ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਕਲੈਕਟਰ ਸਿੰਘ ਨਾਰੰਗਵਾਲ, ਅਰਪਿੰਦਰ ਸਿੰਘ ਮਲੌਦ ਰੋੜੀਆਂ, ਸਾਬਕਾ ਕੌਂਸਲਰ ਹਰਭਜਨ ਸਿੰਘ ਸੰਦੀਲਾ ਨੇ ਧਰਨਾਕਾਰੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਦੀ ਮੰਡੀਆਂ ਵਿਚ ਹੋਰ ਰਹੀ ਖੱਜਲ-ਖ਼ੁਆਰੀ ਦੀ ਨਿੰਦਾ ਕੀਤੀ। ਉੱਧਰ ਲੁਧਿਆਣਾ ਬਠਿੰਡਾ ਰਾਜ ਮਾਰਗ ਉੱਪਰ ਹਿੱਸੋਵਾਲ ਟੌਲ ਪਲਾਜ਼ਾ ’ਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਲੜੀਵਾਰ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਨੂੰ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨੀ ਮੋਰਚਿਆਂ ਨਾਲ ਛੇੜਛਾੜ ਵਿਰੁੱਧ ਚਿਤਾਵਨੀ ਦਿੱਤੀ ਹੈ ਅਤੇ ਕਿਸਾਨਾਂ ਨੂੰ ਵਾਢੀ ਦਾ ਕੰਮ ਨਬਿੇੜ ਕੇ ਦਿੱਲੀ ਕੂਚ ਕਰਨ ਦਾ ਸੱਦਾ ਦਿੱਤਾ।