ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 2 ਜੁਲਾਈ
ਲੁਧਿਆਣਾ-ਫਿਰੋਜ਼ਪੁਰ ਮਾਰਗ ’ਤੇ ਸਥਿਤ ਚੌਕੀਮਾਨ ਟੌਲ ਪਲਾਜ਼ਾ ’ਤੇ ਕਿਸਾਨ ਧਰਨਾ ਅੱਜ ਵੀ ਜਾਰੀ ਰਿਹਾ। ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਕਾਮਾਗਾਟਾਮਾਰੂ ਯਾਦਗਾਰੀ ਕਮੇਟੀ ਅਤੇ ਸਹਿਯੋਗੀ ਜਥੇਬੰਦੀਆਂ ਦੀ ਅਗਵਾਈ ’ਚ ਲੱਗੇ ਧਰਨੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੇ ਮੰਤਰੀਆਂ ਦੀ ਨਕੇਲ ਕੱਸ ਕੇ ਰੱਖਣ ਲਈ ਕਿਹਾ ਗਿਆ। ਇਸ ਤੋਂ ਇਲਾਵਾ ਗਾਜ਼ੀਪੁਰ ਬਾਰਡਰ ’ਤੇ ਹੋਈ ਘਟਨਾ ਸਬੰਧੀ ਸੈਂਕੜੇ ਕਿਸਾਨਾਂ ਖ਼ਿਲਾਫ਼ ਪੁਲੀਸ ਵੱਲੋਂ ਮਾਮਲਾ ਦਰਜ ਕਰਨ ਦੀ ਨਿਖੇਧੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਮੰਤਰੀ ਨਰਿੰਦਰ ਤੋਮਰ ਇਕ ਪਾਸੇ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਬਿਆਨ ਦਿੰਦਾ ਹੈ ਅਤੇ ਦੂਜੇ ਪਾਸੇ ਤਿੰਨ ਖੇਤੀ ਕਾਨੂੰਨ ਕਿਸੇ ਵੀ ਕੀਮਤ ’ਤੇ ਵਾਪਸ ਨਾ ਲੈਣ ਦਾ ਐਲਾਨ ਕਰਦਾ ਹੈ। ਇਸ ਤਰ੍ਹਾਂ ਉਹ ਕਿਵੇਂ ਸੋਚ ਸਕਦੇ ਹਨ ਕਿ ਗੱਲਬਾਤ ’ਚ ਆਈ ਖੜੋਤ ਟੁੱਟੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਆਪਣੇ ਹੰਕਾਰੀ ਮੰਤਰੀਆਂ ਨੂੰ ਅਜਿਹੀ ਬਿਆਨਬਾਜ਼ੀ ਤੋਂ ਰੋਕਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਡੀਜ਼ਲ-ਪੈਟਰੋਲ ਦੇ ਲੁੱਟ ਮਚਾਊ ਰੇਟਾਂ ਲਈ ਜ਼ਿੰਮੇਵਾਰ ਨਾਜਾਇਜ਼ ਤੌਰ ’ਤੇ ਲਾਏ ਟੈਕਸ ਬੰਦ ਕਰਕੇ ਜਾਇਜ਼ ਟੈਕਸ ਲਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਫਿਰਕੂ ਫਾਸ਼ੀ ਮੋਦੀ ਹਕੂਮਤ ਕਿਸਾਨ ਅੰਦੋਲਨ ਦੀ ਲੋਕਪ੍ਰਿਅਤਾ ਤੋਂ ਘਬਰਾਈ ਹੋਈ ਹੈ। ਹੋਰ ਕੋਈ ਵਾਹ ਨਾ ਚੱਲਦਾ ਦੇਖ ਸਰਕਾਰ ਹੁਣ ਅੰਦੋਲਨ ’ਚ ਜੁੜੇ ਵੱਖ ਵੱਖ ਧਰਮਾਂ ਦੇ ਲੋਕਾਂ ਭਾਈਚਾਰਿਆਂ ’ਚ ਨਫ਼ਰਤ ਦੀ ਅੱਗ ਸੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਸਿੰਘੂ, ਟਿਕਰੀ, ਗਾਜ਼ੀਪੁਰ ਬਾਰਡਰਾਂ ਉੱਪਰ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਲੋਕਾਂ ’ਚ ਆਪਸੀ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।
ਲੁਧਿਆਣਾ (ਖੇਤਰੀ ਪ੍ਰਤੀਨਿਧ): ਲੁਧਿਆਣਾ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂ ਇਨਕਲਾਬੀ ਕੇਂਦਰ ਪੰਜਾਬ ਦੇ ਜਸਵੰਤ ਜੀਰਖ, ਇਨਕਲਾਬੀ ਮਜ਼ਦੂਰ ਕੇਂਦਰ ਦੇ ਸੁਰਿੰਦਰ ਸਿੰਘ, ਤਰਕਸ਼ੀਲ ਸੁਸਾਇਟੀ ਦੇ ਬਲਵਿੰਦਰ ਸਿੰਘ ਲਾਲ ਬਾਗ਼, ਜਮਹੂਰੀ ਅਧਿਕਾਰ ਸਭਾ ਦੇ ਸਤੀਸ਼ ਸੱਚਦੇਵਾ, ਇਨਕਲਾਬੀ ਵਿਦਿਆਰਥੀ ਮੰਚ ਦੇ ਹਰਸਾ ਸਿੰਘ ਨੇ ਗਾਜ਼ੀਪੁਰ ਹੱਦ ’ਤੇ ਵਾਪਰੀ ਘਟਨਾ ’ਚ ਕਿਸਾਨਾਂ ’ਤੇ ਦਰਜ ਕੀਤੇ ਕੇਸਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸਰਕਾਰ ਦੀ ਇਹ ਨੀਤੀ ਇਨਸਾਫ਼ ਲੈਣ ਲਈ ਉੱਠ ਰਹੀ ਹਰ ਲੋਕ ਆਵਾਜ਼ ਨੂੰ ਬੰਦ ਕਰਨ ਲਈ ਵਰਤੀ ਜਾ ਰਹੀ ਹੈ। ਆਗੂਆਂ ਨੇ ਕਿਸਾਨਾਂ ਉੱਪਰ ਦਰਜ ਕੀਤੇ ਸਾਰੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਹੈ।
ਕੁੱਪ ਕਲਾ (ਕੁਲਵਿੰਦਰ ਸਿੰਘ ਗਿੱਲ): ਤਿੰਨ ਨਵੇਂ ਬਣੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਵੱਲੋਂ ਲਹਿਰਾ ਟੌਲ ਪਲਾਜ਼ਾ ਦਾ ਧਰਨਾ 275ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂਆਂ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਹਿਮਦਗੜ੍ਹ ਦੇ ਪ੍ਰਧਾਨ ਸ਼ੇਰ ਸਿੰਘ ਮਹੋਲੀ, ਗੁਰਮੇਲ ਸਿੰਘ ਅਤੇ ਹਰਬੰਸ ਸਿੰਘ ਮਾਣਕੀ ਦੀ ਅਗਵਾਈ ’ਚ ਕਿਸਾਨਾਂ ਦਾ ਲਹਿਰਾ ਟੌਲ ਪਲਾਜ਼ਾ ’ਤੇ ਧਰਨਾ ਕੇਂਦਰ ਦੀ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਨਿਰੰਤਰ ਜਾਰੀ ਹੈ।
6 ਨੂੰ ਮੋਤੀ ਮਹਿਲ ਦਾ ਘਿਰਾਓ ਕਰਨਗੇ ਕਿਸਾਨ
ਬਿਜਲੀ ਸੰਕਟ ਦਾ ਮੂੰਹ ਭੰਨ੍ਹਣ ਲਈ ਲੁਧਿਆਣਾ ਜ਼ਿਲ੍ਹੇ ਵਿੱਚੋਂ ਹਜ਼ਾਰਾਂ ਕਿਸਾਨ 6 ਜੁਲਾਈ ਨੂੰ ਮੋਤੀ ਮਹਿਲ ਦਾ ਘਿਰਾਉ ਕਰਨ ਲਈ ਪਟਿਆਲਾ ਵੱਲ ਕੂਚ ਕਰਨਗੇ। ਇਹ ਜਾਣਕਾਰੀ ਇਥੇ ਚੱਲ ਰਹੇ ਕਿਸਾਨ ਸੰਘਰਸ਼ ਮੋਰਚੇ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਨੇ ਦਿੱਤੀ। ਰੇਲਵੇ ਪਾਰਕ ਚੱਲ ਰਹੇ ਲਗਾਤਾਰ ਧਰਨੇ ਦੇ 275ਵੇਂ ਦਿਨ ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਭਰ ’ਚ ਹਰ ਥਾਂ ’ਤੇ ਬਿਜਲੀ ਦਫਤਰਾਂ ਦੇ ਘਿਰਾਉ ਤੋਂ ਲੈ ਕੇ ਟਰੈਫਿਕ ਜਾਮ ਤੱਕ ਸਭ ਕਰਕੇ ਦੇਖ ਲਿਆ ਪਰ ਬਿਜਲੀ ਸੰਕਟ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਨਿੱਜੀ ਕੰਪਨੀਆਂ ਨਾਲ ਕੀਤੇ ਸਾਰੇ ਲੋਕ ਵਿਰੋਧੀ ਸਮਝੋਤੇ ਰੱਦ ਕਰਨ ਦੀ ਮੰਗ ਕੀਤੀ ਹੈ। ਧਰਨੇ ’ਚ ਅੱਜ ਦੇ ਦਿਨ 1923 ’ਚ ਦੋ ਜੁਲਾਈ ਨੂੰ ਅੰਗਰੇਜ਼ ਹਕੂਮਤ ਵੱਲੋਂ ਫਾਂਸੀ ਚਾੜ੍ਹ ਕੇ ਸ਼ਹੀਦ ਕੀਤੇ ਚੋਰਾ ਚੋਰੀ ਕਾਂਡ ਦੇ 19 ਸ਼ਹੀਦਾਂ ਨੂੰ ਸ਼ਰਧਾਜਲੀ ਭੇਟ ਕੀਤੀ ਗਈ।