ਗਗਨਦੀਪ ਅਰੋੜਾ
ਲੁਧਿਆਣਾ, 26 ਅਪਰੈਲ
ਜਵਾਹਰ ਨਗਰ ਕੈਂਪ ਦੇ ਲੇਬਰ ਕਲੋਨੀ ਇਲਾਕੇ ’ਚ ਅੱਜ ਸਵੇਰੇ ਇੱਕ ਔਰਤ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲੋਕਾਂ ਨੇ ਦੋਸ਼ ਲਾਇਆ ਕਿ ਔਰਤ ਦਾ ਕਤਲ ਕਰ ਕੇ ਲਾਸ਼ ਸੁੱਟੀ ਗਈ ਹੈ, ਜਦੋਂ ਕਿ ਪੁਲੀਸ ਇਸ ਨੂੰ ਸ਼ੱਕੀ ਮੰਨ ਰਹੀ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲੀਸ ਦੇ ਉਚ ਅਧਿਕਾਰੀ ਅਤੇ ਥਾਣਾ ਡਵੀਜ਼ਨ ਨੰਬਰ 5 ਦੇ ਐਸਐਚਓ ਸਬ ਇੰਸਪੈਕਟਰ ਵਿਜੈ ਕੁਮਾਰ ਮੌਕੇ ’ਤੇ ਪੁੱਜੇ। ਮ੍ਰਿਤਕਾ ਦੀ ਪਛਾਣ ਵਿਮਲਾ ਦੇਵੀ ਵਜੋਂ ਹੋਈ ਹੈ। ਪੁਲੀਸ ਨੇ ਜਾਂਚ ਤੋਂ ਬਾਅਦ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਹਾਲੇ ਮੌਤ ਦਾ ਸਪਸ਼ਟ ਕਾਰਨ ਪਤਾ ਨਹੀਂ ਲੱਗ ਪਾਇਆ ਹੈ। ਸਰੀਰ ’ਤੇ ਕਿਸੇ ਤਰ੍ਹਾਂ ਦੇ ਸੱਟ ਦੇ ਨਿਸ਼ਾਨ ਵੀ ਨਹੀਂ ਹਨ। ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦਾ ਅਸਲ ਕਾਰਨਾਂ ਦਾ ਪਤਾ ਲੱਗੇਗਾ।
ਵਿਮਲਾ ਦੇਵੀ ਦੀ ਰਿਸ਼ਤੇਦਾਰ ਕ੍ਰਿਸ਼ਨਾ ਨੇ ਦੱਸਿਆ ਕਿ ਅਕਸਰ ਵਿਮਲਾ ਦੇ ਘਰ ਦਾ ਦਰਵਾਜ਼ਾ ਬੰਦ ਰਹਿੰਦਾ ਸੀ। ਅੱਜ ਸਵੇਰੇ ਉਨ੍ਹਾਂ ਨੇ ਦਰਵਾਜ਼ਾ ਖੁੱਲ੍ਹਾ ਦੇਖਿਆ ਤਾਂ ਸ਼ੱਕ ਹੋਣ ’ਤੇ ਉਸ ਨੇ ਅੰਦਰ ਜਾ ਕੇ ਦੇਖਿਆ ਤਾਂ ਵਿਮਲਾ ਜ਼ਮੀਨ ਹੇਠਾਂ ਡਿੱਗੀ ਹੋਈ ਸੀ। ਇਹ ਦੇਖ ਕੇ ਉਸ ਨੇ ਰੌਲਾ ਪਾਇਆ ਤਾਂ ਆਸਪਾਸ ਦੇ ਲੋਕ ਇਕੱਠੇ ਹੋ ਗਏ। ਕ੍ਰਿਸ਼ਨਾ ਨੇ ਦੱਸਿਆ ਕਿ ਵਿਮਲਾ ਦੇਵੀ ਦਾ ਆਪਣੀ ਰਿਸ਼ਤੇਦਾਰ ਨਾਲ ਕਿਸੇ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਹੁਣ ਅਚਾਨਕ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਮਲਾ ਦਾ ਕਤਲ ਕੀਤਾ ਗਿਆ ਹੈ ਤੇ ਲਾਸ਼ ਸੁੱਟੀ ਗਈ ਹੈ। ਪੁਲੀਸ ਦੇ ਉਚ ਅਧਿਕਾਰੀਆਂ ਦੇ ਨਾਲ ਨਾਲ ਥਾਣਾ ਡਵੀਜ਼ਨ ਨੰਬਰ 5 ਦੇ ਐਸ.ਐਸਓ ਨੇ ਵੀ ਘਟਨਾ ਸਥਾਨ ਦਾ ਜਾਇਜ਼ਾ ਲਿਆ ਜਿਸ ਤੋਂ ਬਾਅਦ ਲਾਸ਼ ਨੂੰ ਪੁਲੀਸ ਨੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਥਾਣਾ ਡਵੀਜ਼ਨ ਨੰ. 5 ਦੇ ਐਸ.ਐਚ.ਓ. ਸਬ ਇੰਸਪੈਕਟਰ ਵਿਜੈ ਕੁਮਾਰ ਨੇ ਦੱਸਿਆ ਕਿ ਫੋਰੈਂਸਿਕ ਟੀਮ ਨੇ ਆਪਣੇ ਤੌਰ ’ਤੇ ਜਾਂਚ ਕੀਤੀ ਹੈ। ਬਾਕੀ ਕੋਈ ਅਜਿਹਾ ਸਬੂਤ ਕੋਈ ਨਹੀਂ ਮਿਲਿਆ, ਜਿਸ ਤੋਂ ਲੱਗੇ ਕਿ ਇਹ ਕਤਲ ਹੈ। ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਵੀ ਸੱਦਿਆ ਗਿਆ ਹੈ। ਉਨ੍ਹਾਂ ਦੇ ਬਿਆਨ ਲੈਣ ਤੋਂ ਬਾਅਦ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ।