ਪੱਤਰ ਪ੍ਰੇਰਕ
ਜਗਰਾਉਂ, 4 ਜੁਲਾਈ
ਕੈਪਟਨ ਸਰਕਾਰ ਦੀ ਵਾਅਦਾਖਿਲਾਫੀ ਤੋਂ ਨਾਰਾਜ਼ ਸੂਬੇ ਦੇ ਨੰਬਰਦਾਰਾਂ ਨੇ ਕਾਂਗਰਸ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸੂਬਾ ਪ੍ਰਧਾਨ ਪਰਮਿੰਦਰ ਗਾਲਬਿ ਦੀ ਅਗਵਾਈ ਹੇਠ ਹੋਈ ਨੰਬਰਦਾਰਾ ਐਸੋਸੀਏਸ਼ਨ ਗਾਲਬਿ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ 2 ਅਗਸਤ ਨੂੰ ਪਟਿਆਲਾ ਵਿੱਚ ਕੈਪਟਨ ਦੇ ਨਿਊ ਮੋਤੀ ਬਾਗ ਪੈਲੇਸ ਦੇ ਘਿਰਾਓ ਦਾ ਫੈਸਲਾ ਕੀਤਾ ਗਿਆ ਤੇ ਨਾਲ ਹੀ ਸੂਬਾ ਕਮੇਟੀ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅੰਦਰ ਨੰਬਰਦਾਰਾਂ ਤੇ ਸਾਥੀ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ 2 ਅਗਸਤ ਦੇ ਧਰਨੇ ਸਬੰਧੀ ਲਾਮਬੰਦ ਕਰਨ ਦਾ ਫੈਸਲਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਗਾਲਬਿ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣੇ ਰਾਜ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਨੰਬਰਦਾਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਰਕੇ ਨੰਬਰਦਾਰ ਸਰਕਾਰ ਤੋਂ ਸਖਤ ਨਾਰਾਜ਼ ਹਨ। ਇਸ ਮੌਕੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਖਾਈ, ਆਲਮਜੀਤ ਸਿੰਘ ਚਕੋਹੀ ਤੇ ਜਰਨੈਲ ਸਿੰਘ ਬਾਜਵਾ ਸਣੇ ਹੋਰ ਵੀ ਆਗੂ ਹਾਜ਼ਰ ਸਨ।