ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 19 ਮਈ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬਲਾਕ ਲੁਧਿਆਣਾ-2 ਅਧੀਨ ਪਿੰਡ ਭੈਣੀ ਸ਼ਾਲੂ ਵਿੱਚ 7 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਹੈ। ਇਸ ਸਬੰਧੀ ਬਲਾਕ ਵਿਕਾਸ ਪੰਚਾਇਤ ਅਫ਼ਸਰ (ਬੀਡੀਪੀਓ) ਗੁਰਪ੍ਰੀਤ ਸਿੰਘ ਮਾਂਗਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਰੰਭੀ ਮੁਹਿੰਮ ਤਹਿਤ ਪਿੰਡ ਭੈਣੀ ਸ਼ਾਲੂ ਵਿੱਚ 7 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕਰੀਬ 188 ਏਕੜ ਪੰਚਾਇਤੀ ਜ਼ਮੀਨ ਕਬਜ਼ਾ ਮੁਕਤ ਕਰਵਾਈ ਜਾ ਚੁੱਕੀ ਹੈ ਜਿਸ ’ਚੋਂ ਇਕੱਲੇ ਬਲਾਕ ਲੁਧਿਆਣਾ-2 ਦੀ ਕਰੀਬ 102 ਏਕੜ ਪੰਚਾਇਤੀ ਜ਼ਮੀਨ ਹੈ। ਬੀਡੀਪੀਓ ਮਾਂਗਟ ਨੇ ਦੱਸਿਆ ਕਿ ਇਹ ਪੰਚਾਇਤੀ ਜ਼ਮੀਨ ਪੰਚਾਇਤ ਸਕੱਤਰ ਸ਼ਰੇਨੂ ਅਗਰਵਾਲ, ਪੰਚਾਇਤ ਸਮਿਤੀ ਪਟਵਾਰੀ ਬਲਜਿੰਦਰ ਸਿੰਘ ਤੇ ਸਰਪੰਚ ਪਿੰਡ ਭੈਣੀ ਸ਼ਾਲੂ ਅਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਬਜ਼ਾ ਮੁਕਤ ਕਰਵਾਈ ਗਈ ਹੈ।
ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ (ਡੀਡੀਪੀਓ) ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਬਲਾਕਾਂ ਅਧੀਨ ਪੈਂਦੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਦੀ ਪ੍ਰਕਿਰਿਆ ਵੀ ਜਲਦ ਆਰੰਭ ਕਰ ਦਿੱਤੀ ਜਾਵੇਗੀ।