ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 24 ਦਸੰਬਰ
ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਇਤਿਹਾਸਕ ਨਗਰੀ ਮਾਛੀਵਾੜਾ ਦੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿੱਚ ਉਨ੍ਹਾਂ ਦੀ ਆਮਦ ਦੀ ਯਾਦ ਵਿਚ ਲੱਗਦੀ ਤਿੰਨ ਦਿਨਾਂ ਸਿੰਘ ਸਭਾ ਦੇ ਅੰਤਿਮ ਦਿਨ ਅੱਜ ਨਗਰ ਕੀਰਤਨ ਸਜਾਇਆ ਗਿਆ। ਇਸ ਸਿੰਘ ਸਭਾ ਦੌਰਾਨ ਸਾਰੀ ਰਾਤ ਗੁਰਦੁਆਰੇ ਦੇ ਦੀਵਾਨ ਹਾਲ ਵਿੱਚ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥਿਆਂ ਵੱਲੋਂ ਗੁਰੂ ਸਾਹਿਬ ਸਬੰਧੀ ਵਾਰਾਂ ਅਤੇ ਸਾਖੀਆਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅੱਜ ਸਵੇਰੇ ਅਖੰਡ ਪਾਠ ਦੇ ਭੋਗ ਉਪਰੰਤ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸੁੰਦਰ ਪਾਲਕੀ ’ਚ ਸ਼ੁਸੋਭਿਤ ਕਰਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਨਗਰ ਕੀਰਤਨ ਨੂੰ ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਮੈਨੇਜਰ ਸਰਬਦਿਆਲ ਸਿੰਘ ਤੇ ਹਰਜਿੰਦਰ ਸਿੰਘ ਪਵਾਤ ਨੇ ਸਿਰੋਪਾਓ ਭੇਟ ਕਰਕੇ ਰਵਾਨਾ ਕੀਤਾ। ਚਰਨ ਕੰਵਲ ਚੌਕ ਵਿੱਚ ਸ਼ਰਧਾਲੂਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਮੌਕੇ ਬਾਜ਼ਾਰ ਵਿੱਚ ਦੁਕਾਨਦਾਰਾਂ ਵੱਲੋਂ ਜਿੱਥੇ ਸਜਾਵਟੀ ਗੇਟ ਲਗਾਏ ਗਏ ਉਥੇ ਸੰਗਤਾਂ ਲਈ ਲੰਗਰ ਵਰਤਾਏ ਗਏ। ਇਸ ਮੌਕੇ ਗੱਤਕੇ ਦੇ ਜੌਹਰ ਦਿਖਾਏ ਗਏ। ਮਾਤਾ ਹਰਦੇਈ ਸਤਿਸੰਗ ਸਭਾ ਦੀਆਂ ਸ਼ਰਧਾਲੂ ਔਰਤਾਂ ਵੱਲੋਂ ਵੀ ਨਗਰ ਕੀਰਤਨ ਵਿੱਚ ਆਪਣੀ ਵਿਸ਼ੇਸ਼ ਹਾਜ਼ਰੀ ਲਗਵਾਈ ਗਈ। ਇਹ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ, ਗੁਰਦੁਆਰਾ ਚੁਬਾਰਾ ਸਾਹਿਬ ਅਤੇ ਗੁਰਦੁਆਰਾ ਕ੍ਰਿਪਾਨ ਭੇਟ ਸਾਹਿਬ ਦੇ ਦਰਸ਼ਨ ਕਰਦਾ ਹੋਇਆ ਵਾਪਸ ਗੁਰਦੁਆਰਾ ਚਰਨ ਕੰਵਲ ਸਾਹਿਬ ਵਿੱਚ ਹੀ ਸਮਾਪਤ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸਰਬੰਸ ਸਿੰਘ ਮਾਣਕੀ, ਸਰਕਲ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਜਥੇ. ਹਰਦੀਪ ਸਿੰਘ ਬਹਿਲੋਲਪੁਰ ਮੌਜੂਦ ਸਨ।
ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਚੇਤਨਾ ਮਾਰਚ
ਖੰਨਾ (ਜੋਗਿੰਦਰ ਸਿੰਘ ਓਬਰਾਏ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਮਾਤਾ ਗੰਗਾ ਖਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿੱਚ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਤੇ ਗੁਰਮਤਿ ਚੇਤਨਾ ਮਾਰਚ ਕਰਵਾਇਆ ਗਿਆ। ਸਮਾਗਮ ਦੌਰਾਨ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸਬੰਧਤ ਗੁਰੂ ਇਤਿਹਾਸ ਸਬੰਧੀ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਸ਼ਬਦ ਗਾਇਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਉਪਰੰਤ ਢਾਡੀ ਜੱਥੇ ਨੇ ਵਾਰ ਗਾਇਨ ਕੀਤਾ। ਪ੍ਰਿੰਸੀਪਲ ਡਾ.ਕੁਲਦੀਪ ਕੌਰ ਧਾਲੀਵਾਲ ਦੀ ਅਗਵਾਈ ਹੇਠਾਂ ਸਮੁੱਚੀ ਟੀਮ ਅਤੇ ਵਿਦਿਆਰਥੀਆਂ ਨੇ ਆਲੇ ਦੁਆਲੇ ਦੇ ਪਿੰਡਾਂ ਵਿਚ ਗੁਰਮਤਿ ਚੇਤਨਾ ਮਾਰਚ ਕੱਢਿਆ ਅਤੇ ਗੁਰਬਾਣੀ ਤੁਕਾਂ ਤੇ ਸ਼ਬਦ ਗਾਇਨ ਕਰਦੇ ਹੋਏ ਲੋਕਾਂ ਨੂੰ ਸਿੱਖ ਇਤਿਹਾਸ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ
ਪਾਇਲ (ਦੇਵਿੰਦਰ ਸਿੰਘ ਜੱਗੀ): ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ ਜੋ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਰਾਈਮਾਜਰਾ ਤੋਂ ਆਰੰਭ ਹੋ ਕੇ ਬੱਸ ਸਟੈਂਡ, ਸ਼ਹਿਰ ਦੀਆਂ ਗਲੀਆਂ ਅਤੇ ਚਾਰ ਚੁਫੇਰੇ ਦੀ ਹੁੰਦਾ ਹੋਇਆ ਮੁੜ ਗੁਰੂ ਘਰ ਪੁੱਜਿਆ। ਰਾਗੀ ਸਿੰਘਾਂ ਵੱਲੋਂ ਬਾਬਾ ਮੋਤੀ ਰਾਮ ਮਹਿਰਾ ਦੇ ਜੀਵਨ ’ਤੇ ਚਾਨਣਾ ਪਾਇਆ ਅਤੇ ਗੁਰਇਤਿਹਾਸ ਨਾਲ ਜੋੜਿਆ ਗਿਆ। ਗੱਤਕਾ ਪਾਰਟੀ ਨੇ ਗੱਤਕੇ ਦੇ ਜ਼ੌਹਰ ਵਿਖਾਏ। ਸੰਗਤਾਂ ਲਈ ਥਾਂ ਥਾਂ ’ਤੇ ਵੱਖ ਵੱਖ ਪਕਵਾਨਾਂ ਦੇ ਲੰਗਰ ਵਰਤਾਏ ਗਏ। ਨਗਰ ਕੀਰਤਨ ਵਿੱਚ ਸੁਰਿੰਦਰ ਸਿੰਘ ਢਿੱਲੋਂ, ਸਾਬਕਾ ਐੱਸਡੀਓ ਮੁਖਤਿਆਰ ਸਿੰਘ, ਹਾਕਮ ਸਿੰਘ ਅਲੂਣਾ, ਕੈਪਟਨ ਤਰਸੇਮ ਸਿੰਘ, ਗੁਰਮੇਲ ਸਿੰਘ ਪੱਲਾ, ਕੇਸਰ ਸਿੰਘ ਘੁਡਾਣੀ, ਰਛਪਾਲ ਸਿੰਘ ਰਾਈਮਾਜਰਾ, ਲਾਡੀ ਸ਼ਾਹਪੁਰ ਵੱਲੋਂ ਸੇਵਾਵਾਂ ਦਿੱਤੀਆਂ ਗਈਆਂ।