ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਸਤੰਬਰ
ਅੱਜ ਇਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿੱਚ ਸਾਬਕਾ ਸੈਨਿਕਾਂ ਦੀ ਇੱਕਤਰਤਾ ਹੋਈ, ਜਿਸ ਵਿੱਚ ਸਾਬਕਾ ਸੈਨਿਕਾਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੂਬੇਦਾਰ ਰੱਬੀਂ ਸਿੰਘ ਤੇ ਮੇਜਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਬਕਾ ਸੈਨਿਕਾਂ ਦੀ ‘ਇਕ ਰੈਂਕ-ਇਕ ਪੈਨਸ਼ਨ’ ਦਾ ਅਜੇ ਤੱਕ ਹੱਲ ਨਹੀਂ ਕੀਤਾ, ਜਿਸ ਖ਼ਿਲਾਫ਼ ਸੈਨਿਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਦਿਨ ਰਾਤ ਬਾਰਡਰਾਂ ’ਤੇ ਡਿਊਟੀ ਕੀਤੀ ਅਤੇ ਦੇਸ਼ ਦੀ ਰਾਖੀ ਕੀਤੀ। ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਕੈਪਟਨ ਨੰਦ ਲਾਲ ਮਾਜਰੀ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਕੈਪਟਨ ਮਾਜਰੀ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਕੇਂਦਰ ਸਰਕਾਰ ਤੋਂ ਸਾਬਕਾ ਸੈਨਿਕਾਂ ਦੇ ਰਹਿੰਦੇ ਮਸਲੇ ਹੱਲ ਕਰਵਾਉਣ ਲਈ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਭੁਪਿੰਦਰ ਸਿੰਘ, ਸੂਬੇਦਾਰ ਮਲਕੀਤ ਸਿੰਘ, ਚਰਨਜੀਤ ਸਿੰਘ, ਕੁਲਵਿੰਦਰ ਸਿੰਘ, ਗੁਲਚਮਨ ਸਿੰਘ, ਰਾਮ ਮੋਹਣ ਆਦਿ ਹਾਜ਼ਰ ਸਨ।