ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਜੂਨ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਨੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵੱਲੋਂ 26 ਜੂਨ ਨੂੰ ਜ਼ਿਲ੍ਹਾ ਤੇ ਤਹਿਸੀਲ ਹੈੱਡ ਕੁਆਰਟਰਾਂ ’ਤੇ ਕੀਤੇ ਜਾ ਰਹੇ ਰੋਸ ਮੁਜ਼ਾਹਰਿਆਂ ਵਿੱਚ ਹਿੱਸਾ ਲੈਣ ਦਾ ਫ਼ੈਸਲਾ ਕੀਤਾ ਹੈ।
ਲੁਧਿਆਣਾ ਸ਼ਹਿਰੀ ਕਮੇਟੀ ਦੀ ਮੀਟਿੰਗ ਬਲਰਾਮ ਸਿੰਘ ਦੀ ਪ੍ਰਧਾਨਗੀ ਹੇਠ ਇੱਥੇ ਜ਼ਿਲ੍ਹਾ ਦਫ਼ਤਰ ’ਚ ਹੋਈ। ਆਰਐੱਮਪੀਆਈ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਬੈਨੀਪਾਲ ਤੇ ਸੂਬਾਈ ਆਗੂ ਪਰਮਜੀਤ ਸਿੰਘ ਲੁਧਿਆਣਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਪੱਖ ਦੀਆਂ ਨੀਤੀਆਂ ਲਾਗੂ ਕਰਨ ਲਈ ਦੇਸ਼ ਵਿੱਚ ਨਫ਼ਰਤ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਅਣਐਲਾਨੀ ਐਮਰਜੈਂਸੀ ਵਿਰੁੱਧ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਦੇ ਸੱਦੇ ਅਨੁਸਾਰ 26 ਜੂਨ ਨੂੰ ਡੀਸੀ ਲੁਧਿਆਣਾ ਦੇ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਜਾਵੇਗਾ।