ਪੱਤਰ ਪ੍ਰੇਰਕ
ਦੋਰਾਹਾ, 22 ਅਪਰੈਲ
ਇਥੇ ਭਾਰਤੀ ਮਾਰਕਸਵਾਦੀ ਕਮਿਊਨਿਸਟ ਪਾਰਟੀ (ਯੂਨਾਈਟਡ), ਐੱਮਸੀਪੀਆਈ (ਯੂ) ਅਤੇ ਏਆਈਕੇਐੱਫ਼ ਦੇ ਮੈਂਬਰਾਂ ਦੀ ਇੱਕਤਰਤਾ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਤੇ ਕਾਂਗਰਸ ਨੂੰ ਹਰਾਉਣ ਲਈ ਪਟਿਆਲਾ ਤੋਂ ਡਾ. ਬਲਬੀਰ ਸਿੰਘ ਤੇ ਲੁਧਿਆਣਾ ਤੋਂ ਅਸ਼ੋਕ ਕੁਮਾਰ ਪ੍ਰਾਸ਼ਰ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਕੁਲਦੀਪ ਸਿੰਘ ਅਤੇ ਕਾਮਰੇਡ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਭਾਰਤ ਵਿਚ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਉੱਠ ਰਹੇ ਸੰਘਰਸ਼ਾਂ ਨੂੰ ਦਬਾਉਣ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਨਾਲ ਦੇਸ਼ ਦੇ ਸੰਘੀ ਢਾਂਚੇ ਤੇ ਜਮਹੂਰੀਅਤ ਨੂੰ ਗੰਭੀਰ ਖਤਰਾ ਪੈਦਾ ਹੋ ਰਿਹਾ ਹੈ। ਜੇਕਰ ਭਾਜਪਾ ਸਰਕਾਰ ਮੁੜ ਸੱਤਾ ਵਿਚ ਆਉਂਦੀ ਹੈ ਤਾਂ ਦੇਸ਼ ਤੇ ਲੋਕਾਂ ਲਈ ਬਹੁਤ ਗੰਭੀਰ ਖਤਰੇ ਪੈਦਾ ਹੋ ਜਾਣਗੇ। ਇਸ ਲਈ ਭਾਜਪਾ ਨੂੰ ਸੱਤਾ ਤੋਂ ਲਾਹੁਣਾ ਅਤਿ ਜ਼ਰੂਰੀ ਹੈ। ਪੰਜਾਬ ਅੰਦਰ ਵਿਰੋਧੀ ਪਾਰਟੀਆਂ ਦਾ ਕੋਈ ਅਸਰਦਾਰ ਗੱਠਜੋੜ ਨਾ ਬਣਨਾ ਪੰਜਾਬ ਦੇ ਹਿੱਤ ਵਿਚ ਨਹੀਂ ਹੈ। ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿੱਢੇ ਜਾ ਰਹੇ ਸੰਘਰਸ਼ ਦਾ ਸਮਰਥਨ ਕਰਦਿਆਂ ਏਆਈਕੇਐਫ ਲੁਧਿਆਣਾ ਵਿੱਚ 30 ਅਪਰੈਲ ਨੂੰ ਹੋ ਰਹੀ ਮੀਟਿੰਗ ਵਿਚ ਸ਼ਮੂਲੀਅਤ ਕਰੇਗੀ। ਇਸ ਮੌਕੇ ਇਕਬਾਲ ਸਿੰਘ, ਪਵਨ ਸੋਗਲ, ਪੱਪੂ ਸਿੰਘ, ਪ੍ਰੇਮ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।