ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 21 ਮਈ
ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਜੀਐੱਚਆਈ ਬਲਾਕ ਭਾਈ ਰਣਧੀਰ ਸਿੰਘ ਨਗਰ ਵੱਲੋਂ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਗਰਮੀ ਤੇ ਹੁੰਮਸ ਦੇ ਬਾਵਜੂਦ ਭਾਰੀ ਗਿਣਤੀ ਚ ਸੰਗਤ ਨੇ ਸ਼ਮੂਲੀਅਤ ਕੀਤੀ। ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਸੁਨੇਤ, ਗੁਰਦੁਆਰਾ ਕੁਟੀਆ ਸਾਹਿਬ, ਗੁਰਦੁਆਰਾ ਹਾਊਸਿੰਗ ਬੋਰਡ, ਰਾਜਗੁਰੂ ਨਗਰ, ਗੁਰਦੁਆਰਾ ਜੇ ਬਲਾਕ ਤੋਂ ਹੁੰਦਾ ਹੋਇਆ ਦੇਰ ਸ਼ਾਮ ਸ਼ੁਰੂਆਤੀ ਸਥਾਨ ‘ਤੇ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ਦੇ ਸਾਰੇ ਰਸਤੇ ਵਿੱਚ ਥਾਂ ਥਾਂ ਸੰਗਤ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਲੰਗਰ ਲਗਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਸ਼ਬਦੀ ਜੱਥੇ, ਗਤਕਾ ਪਾਰਟੀਆਂ, ਬੈਂਡ ਪਾਰਟੀਆਂ, ਮਿਲਟਰੀ ਬੈਂਡ ਤੇ ਸਕੂਲੀ ਬੱਚਿਆਂ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਵਿੱਚ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਸਾਬਕਾ ਚੈਅਰਮੈਨ ਬਾਬਾ ਅਜੀਤ ਸਿੰਘ ਨੇ ਹਾਜ਼ਰੀ ਭਰੀ। ਗੁਰਦਆਰਾ ਕਮੇਟੀ ਦੇ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਬੇਦੀ, ਇੰਦਰਜੀਤ ਸਿੰਘ ਜੈਰੀ, ਬਾਬਾ ਭੁਪਿੰਦਰ ਸਿੰਘ ਅਲੀਗੜ੍ਹ ਤੇ ਇੰਟਰਨੈਸ਼ਨਲ ਸਿੱਖ ਧਰਮ ਪ੍ਰਚਾਰ ਮੰਚ ਦੇ ਪ੍ਰਧਾਨ ਗੁਰਦੀਪ ਸਿੰਘ ਲੀਲ ਨੇ ਜੱਥਿਆਂ ਨੂੰ ਸਨਮਾਨਿਤ ਕੀਤਾ। ਨਗਰ ਕੀਰਤਨ ਦਾ ਐਚ ਬਲਾਕ ਵਿੱਚ ਅਮਰ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵਲੋਂ ਗੁਰਿੰਦਰ ਪਾਲ ਸਿੰਘ ਪੱਪੂ ਦੀ ਅਗਵਾਈ ਹੇਠ ਸਵਾਗਤ ਕੀਤਾ ਗਿਆ।
ਸੰਗਤ ਨੂੰ ਕੌਮ ਦੇ ਧਾਰਮਿਕ ਵਿਰਸੇ ਨਾਲ ਜੁੜਨ ਲਈ ਪ੍ਰੇਰਿਆ
ਰਾਏਕੋਟ (ਪੱਤਰ ਪ੍ਰੇਰਕ): ਪਿੰਡ ਬੱਸੀਆ ਦੇ ਗੁਰੂਦੁਆਰਾ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦੇ ਅੱਗੇ ਗੱਤਕਾ ਪਾਰਟੀਆਂ ਵਲੋਂ ਆਪਣੀ ਕਲਾ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਦੌਰਾਨ ਭਾਈ ਜਗਦੀਸ਼ ਸਿੰਘ ਤਿਹਾੜਾ ਦੇ ਢਾਡੀ ਜੱਥੇ ਵੱਲੋ ਸੰਗਤਾ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ ਅਤੇ ਸੰਗਤਾ ਨੂੰ ਕੌਮ ਦੇ ਸ਼ਾਨਾਮੱਤੀ ਕੁਰਬਾਨੀਆ ਭਰੇ ਧਾਰਮਿਕ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।