ਨਿੱਜੀ ਪੱਤਰ ਪ੍ਰੇਰਕ
ਖੰਨਾ, 3 ਸਤੰਬਰ
ਇੱਥੋਂ ਦੀ ਅਨਾਜ ਮੰਡੀ ਵਿੱਚ ਸਥਿਤ ਪਨਗ੍ਰੇਨ ਦਫ਼ਤਰ ਅੱਗੇ ਪੱਲੇਦਾਰ ਮਜ਼ਦੂਰਾਂ ਵੱਲੋਂ ਅਣਮਿੱਥੇ ਸਮੇਂ ਲਈ ਆਰੰਭੀ ਹੜਤਾਲ ਅੱਜ ਤੀਜੇ ਦਿਨ ’ਚ ਦਾਖਲ ਹੋ ਗਈ ਹੈ। ਇਸ ਮੌਕੇ ਅਵਤਾਰ ਸਿੰਘ ਭੱਟੀਆ ਅਤੇ ਕਮਲੂ ਪਾਸਵਾਨ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਵਿਭਾਗ ਨੂੰ 27 ਜੁਲਾਈ ਤੋਂ 14 ਦਿਨ ਦਾ ਨੋਟਿਸ ਦਿੱਤਾ ਗਿਆ ਸੀ, ਜਿਸ ਸਬੰਧੀ 10 ਅਗਸਤ ਨੂੰ ਪੰਜਾਬ ਭਵਨ ਵਿੱਚ ਮੀਟਿੰਗ ਹੋਈ ਸੀ ਪਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਨਿਕਲਿਆ। ਇਸ ਤੋਂ ਪ੍ਰੇਸ਼ਾਨ ਹੋ ਕੇ ਮਜ਼ਦੂਰਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੜਵਤਾਲ ਨੂੰ ਅੱਜ ਤਿੰਨ ਦਿਨ ਹੋ ਗਏ ਹਨ ਪਰ ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਤੱਕ ਪਹੁੰਚ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਅਜੇ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਕੌਰਵ ਕੁਮਾਰ, ਲਲਨ ਪਾਸਵਾਨ, ਮਨਜੀਤ ਸਿੰਘ, ਜਤਿੰਦਰਪਾਲ, ਹੰਸ ਰਾਜ, ਮਨੋਜ ਚੌਧਰੀ, ਰਾਜ ਕੁਮਾਰ, ਸੰਜੀਵ ਚੌਧਰੀ, ਧਰਮ ਪਾਸਵਾਨ, ਪ੍ਰਮੋਦ ਪਾਸਵਾਨ ਤੇ ਹੋਰ ਹਾਜ਼ਰ ਸਨ।