ਜੋਗਿੰਦਰ ਸਿੰਘ ਓਬਰਾਏ
ਖੰਨਾ, 12 ਅਪਰੈਲ
ਪੰਜਾਬ ਸਰਕਾਰ ਵੱਲੋਂ ਕਰੋਨਾ ਦੇ ਮੱਦੇਨਜ਼ਰ ਸੂਬੇ ਵਿੱਚ ਸਕੂਲ ਬੰਦ ਕੀਤੇ ਗਏ ਹਨ ਪਰ ਫਿਰ ਵੀ ਨਿੱਜੀ ਸਕੂਲਾਂ ਵੱਲੋਂ ਵਿਦਿਆਰਥੀਆਂ ਨੂੰ ਬੇਲੋੜੀਆਂ ਕਿਤਾਬਾਂ ਤੇ ਫੀਸਾਂ ਦੇਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਹ ਗੱਲ ਅੱਜ ਇਥੇ ਸਰਬਜੀਤ ਸਿੰਘ ਕੰਗ ਅਤੇ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਮਾਪਿਆਂ ਨੇ ਆਖੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਸੀ.ਬੀ.ਐੱਸ.ਸੀ ਦੀਆਂ ਹਦਾਇਤਾਂ ਦੇ ਉਲਟ ਚੱਲਣ ਵਾਲੇ ਨਿੱਜੀ ਸਕੂਲਾਂ ਖਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਇਸ ਮੌਕੇ ਸ੍ਰੀ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਰਾਹਤ ਤਾਂ ਕੀ ਦੇਣੀ ਸੀ, ਉਲਟਾ ਵਿਦਿਆਰਥੀਆਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਥੋਂ ਦੇ ਸੁਆਮੀ ਸ਼ਗਨ ਲਾਲ ਹੰਸਰਾਜ ਜੈਨ ਪਬਲਿਕ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਮਹਿੰਗੇ ਭਾਅ ’ਤੇ ਕਿਤਾਬਾਂ ਲੈਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਦੋਂ ਕਿ ਉਸੇ ਸਿਲੇਬਸ ਦੀਆਂ ਕਿਤਾਬਾਂ ਕਈ ਕੰਪਨੀਆਂ ਵੱਲੋਂ ਬਹੁਤ ਘੱਟ ਕੀਮਤ ’ਤੇ ਮਿਲਦੀਆਂ ਹਨ। ਸ੍ਰੀ ਰੁਪਾਲੋਂ ਨੇ ਕਿਹਾ ਕਿ ਲੋਕ ਪਹਿਲਾਂ ਹੀ ਆਪਣੇ ਬੱਚਿਆਂ ਨੂੰ ਪੜ੍ਹਾਉਣ ਤੋਂ ਅਸਮਰੱਥ ਹਨ ਤੇ ਉਪਰੋਂ ਵਿਦਿਆਰਥੀਆਂ ’ਤੇ ਬੇਲੋੜਾ ਬੋਝ ਪਾਇਆ ਜਾ ਰਿਹਾ ਹੈ।
ਉਪਰੋਕਤ ਮੈਂਬਰਾਂ ਨੇ 3 ਦਿਨਾਂ ਵਿਚ ਫੀਸਾਂ ਦੇ ਮਾਮਲੇ ਦੇ ਹੱਲ ਲਈ ਮੰਗ ਪੱਤਰ ਗਿਆ। ਇਸ ਮੌਕੇ ਗੁਰਦੀਪ ਸਿੰਘ, ਨਰਿੰਦਰ ਗੋਇਲ, ਰਾਜਿੰਦਰ ਬੰਟੀ, ਅਮਨਦੀਪ ਕੌਰ, ਲੁਕੇਸ਼ ਕੁਮਾਰ ਆਦਿ ਹਾਜ਼ਰ ਸਨ। ਉਧਰ ਸਕੂਲ ਪ੍ਰਿੰਸੀਪਲ ਨੇ ਕਿਹਾ ਕਿ ਉਹ ਸਾਰਾ ਮਾਮਲਾ ਜਲਦ ਹੀ ਪ੍ਰਬੰਧਕ ਕਮੇਟੀ ਦੇ ਧਿਆਨ ਵਿਚ ਲਿਆ ਕੇ ਫ਼ੀਸਾਂ ਸਬੰਧੀ ਮਾਮਲੇ ਦਾ ਹੱਲ ਕਰਨਗੇ।