ਸਤਵਿੰਦਰ ਬਸਰਾ
ਲੁਧਿਆਣਾ, 9 ਨਵੰਬਰ
ਪੀਏਯੂ ਦੇ ਗੇਟ ਨੰਬਰ ਇੱਕ ਨੇੜੇ ਪਿਛਲੇ ਛੇ ਦਿਨਾਂ ਤੋਂ ਪੱਕਾ ਧਰਨਾ ਲਾ ਕੇ ਬੈਠੇ ਖੇਤੀਬਾੜੀ ਦੇ ਵਿਦਿਆਰਥੀਆਂ ਨੇ ’ਵਰਸਿਟੀ ਦੇ ਉਪ ਕੁਲਪਤੀ ਦੀ ਅਗਵਾਈ ਹੇਠ ਅੱਜ ਮੁੱਖ ਮੰਤਰੀ ਦੇ ਸਪੈਸ਼ਲ ਚੀਫ ਸਕੱਤਰ ਨੂੰ ਮੰਗ ਪੱਤਰ ਸੌਂਪਿਆ। ਇਨ੍ਹਾਂ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਬਾਰੇ ਚਰਚਾ ਲਈ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਅਪੀਲ ਕੀਤੀ।
ਪੀਏਯੂ ਵਿੱਚ ਆਪਣੀਆਂ ਮੰਗਾਂ ਸਬੰਧੀ ਪੱਕੇ ਧਰਨੇ ’ਤੇ ਬੈਠੇ ਬੀਐੱਸਸੀ ਅਤੇ ਐੱਮਐੱਸਸੀ ਖੇਤੀਬਾੜੀ ਦੇ ਵਿਦਿਆਰਥੀਆਂ ਨੇ ਅੱਜ ਪੀਏਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਸਪੈਸ਼ਲ ਚੀਫ ਸਕੱਤਰ ਵੀਕੇ ਸਿੰਘ ਨੂੰ ਮੰਗ ਪੱਤਰ ਸੌਂਪਿਆ ਤੇ ਖੇਤੀਬਾੜੀ ਵਿਦਿਆਰਥੀਆਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਵਿਦਿਆਰਥੀਆਂ ਦੇ ਵਫ਼ਦ ਵਿੱਚ ਅੰਗਰੇਜ਼ ਮਾਨ, ਹਰਮਨ ਮਾਨ ਅਤੇ ਆਕਾਸ਼ ਚੌਧਰੀ ਸ਼ਾਮਲ ਸਨ। ਇਨ੍ਹਾਂ ਵਿਦਿਆਰਥੀ ਆਗੂਆਂ ਨੇ ਅਧਿਕਾਰੀ ਨੂੰ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਸਕੂਲਾਂ ਵਿੱਚ ਖੇਤੀਬਾੜੀ ਦਾ ਵਿਸ਼ਾ ਦੁਬਾਰਾ ਸ਼ੁਰੂ ਕਰਨ ਤੇ ਖੇਤੀਬਾੜੀ ਅਧਿਆਪਕਾਂ ਦੀ ਭਰਤੀ ਕਰਨ ਦੀ ਮੰਗ ਕਰਦੇ ਆ ਰਹੇ ਹਨ।
ਇਸ ਸਬੰਧੀ ਪਹਿਲਾਂ ਵੀ ਕਈ ਵਾਰ ਉੱਚ ਅਧਿਕਾਰੀਆਂ ਅਤੇ ਸਰਕਾਰੀ ਨੁਮਾਇੰਦਿਆਂ ਨੂੰ ਮੰਗ ਪੱਤਰ ਸੌਂਪੇ ਗਏ ਪਰ ਹਰ ਵਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਗਿਆ ਹੈ। ਇਸ ਵਾਰ ਉਨ੍ਹਾਂ ਨੇ ਮਜਬੂਰ ਹੋ ਕੇ ਪੱਕਾ ਧਰਨਾ ਲਾਇਆ ਹੈ। ਵਫਦ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਸਪੈਸ਼ਲ ਚੀਫ ਸਕੱਤਰ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਚਾਰ ਚਰਚਾ ਕਰ ਕੇ ਜਲਦ ਉਪ ਕੁਲਪਤੀ ਰਾਹੀਂ ਵਿਦਿਆਰਥੀਆਂ ਨਾਲ ਗੱਲ ਕਰਨਗੇ। ਵਿਦਿਆਰਥੀ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਰੋਸ ਧਰਨਾ ਇਸੇ ਤਰ੍ਹਾਂ ਦਿਨ-ਰਾਤ ਜਾਰੀ ਰੱਖਿਆ ਜਾਵੇਗਾ। ਜੇਕਰ ਸਰਕਾਰ ਨੇ ਹਾਲੇ ਵੀ ਕੋਈ ਪੁਖਤਾ ਕਦਮ ਨਾ ਚੁੱਕਿਆ ਤਾਂ ਆਉਂਦੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ।