ਸੰਤੋਖ ਗਿੱਲ
ਗੁਰੂਸਰ ਸੁਧਾਰ, 26 ਅਪਰੈਲ
ਵਿਵਾਦਿਤ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਲੜੀਵਾਰ ਧਰਨਾ 116ਵੇਂ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਦੀ ਅਗਵਾਈ ਅਮਨਦੀਪ ਕੌਰ, ਸੁਖਵਿੰਦਰ ਕੌਰ ਤੇ ਕੁਲਜੀਤ ਕੌਰ ਜੜਤੌਲੀ ਨੇ ਕੀਤੀ। ਸਾਬਕਾ ਕੌਂਸਲਰ ਹਰਭਜਨ ਸਿੰਘ ਸੰਦੀਲਾ ਨੇ ਕਿਹਾ ਕਿ ਮੋਦੀ ਹਕੂਮਤ ਦੇਸ਼ ਦੇ ਲੋਕਾਂ ਨੂੰ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇਣ ਦੀ ਥਾਂ ਕਾਰਪੋਰੇਟ ਘਰਾਣਿਆਂ ਲਈ ਲੁੱਟ ਦਾ ਰਾਹ ਪੱਧਰਾ ਕਰਨ ਵਿਚ ਜੁਟੀ ਹੈ। ਕਿਸਾਨ ਆਗੂਆਂ ਨੇ ਸੰਘ ਅਤੇ ਮੋਦੀ ਦੇ ਟੁੱਕੜਬੋਚਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਬੇਨਕਾਬ ਕਰਨ ਦਾ ਸੱਦਾ ਦਿੱਤਾ ਤੇ ਮੋਰਚੇ ਦੀ ਚੜ੍ਹਦੀ ਕਲਾ ਲਈ ਹੰਭਲਾ ਮਾਰਨ ਦੀ ਪ੍ਰੇਰਨਾ ਕੀਤੀ। ਜਨਵਾਦੀ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਕਿਲ੍ਹਾ ਰਾਏਪੁਰ, ਕੁਲਜੀਤ ਕੌਰ ਗਰੇਵਾਲ, ਰਾਜਿੰਦਰ ਕੌਰ, ਮਨਜੀਤ ਕੌਰ, ਨਰਿੰਦਰ ਕੌਰ, ਜਮਹੂਰੀ ਕਿਸਾਨ ਸਭਾ ਦੇ ਸੂਬਾਈ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਕਲੈਕਟਰ ਸਿੰਘ ਨਾਰੰਗਵਾਲ ਨੇ ਸੰਬੋਧਨ ਕੀਤਾ। ਉੱਧਰ ਲੁਧਿਆਣਾ ਬਠਿੰਡਾ ਰਾਜ ਮਾਰਗ ਉੱਪਰ ਹਿੱਸੋਵਾਲ ਟੌਲ ਪਲਾਜ਼ਾ ਉੱਪਰ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਪੱਕੇ ਸ਼ੈੱਡ ਉਸਾਰ ਦਿੱਤੇ ਗਏ ਹਨ ਅਤੇ ਧਰਨਾ ਲਗਾਤਾਰ ਜਾਰੀ ਹੈ।
ਲੁਧਿਆਣਾ (ਖੇਤਰੀ ਪ੍ਰਤੀਨਿਧ): ਸਥਾਨਕ ਫਿਰੋਜਪੁਰ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਾਇਆ ਧਰਨਾ 168ਵੇਂ ਦਿਨ ਵੀ ਜਾਰੀ ਰਿਹਾ। ਕੈਂਪ ਆਗੂ ਪ੍ਰਧਾਨ ਗੁਰਪ੍ਰੀਤ ਸਿੰਘ ਨੂਰਪੁਰਾ, ਮਾਸਟਰ ਚਰਨ ਸਿੰਘ ਨੂਰਪੁਰਾ, ਭਰਪੂਰ ਸਿੰਘ ਥਰੀਕੇ ਨੇ ਦੱਸਿਆ ਕਿ ਅਜ ਇਨਕਲਾਬੀ ਲੋਕ ਕਵੀ ਸੰਤ ਰਾਮ ਉਦਾਸੀ ਦਾ 82ਵਾਂ ਜਨਮਦਿਨ ਮਨਾਇਆ ਗਿਆ। ਇਸ ਮੌਕੇ ਧੰਨਾ ਭਗਤ ਨੂੰ ਵੀ ਯਾਦ ਕੀਤਾ ਗਿਆ, ਬਾਪੂ ਬਲਕੌਰ ਸਿੰਘ ਨੇ ਕਿਹਾ ਕਿ ਧੰਨਾ ਭਗਤ ਨੇ ਸਬਰ, ਸੰਤੋਖ, ਸਿਰੜ ਨਾਲ ਕਿਰਤੀ ਮਿਹਨਤੀ ਲੋਕਾਂ ਦੀ ਗੱਲ ਕੀਤੀ ਹੈ। ਸ੍ਰੀ ਬਲਕੌਰ ਨੇ ਕਿਸਾਨਾਂ ਨੂੰ ਆਪਣੇ ਹੱਕਾਂ ਲਈ ਜਿੱਤ ਤੱਕ ਸੰਘਰਸ਼ ਨੂੰ ਜਾਰੀ ਰੱਖਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸੰਤ ਰਾਮ ਉਦਾਸੀ ਵੀ ਜ਼ਿੰਦਗੀ ਭਰ ਇਨਸਾਨੀ ਜ਼ਿੰਦਗੀ ਨੂੰ ਵਧੀਆ ਬਣਾਉਣ ਲਈ ਆਪਣੇ ਗੀਤਾਂ ਵਿੱਚ ਸਮੇਂ ਦੇ ਹਾਕਮਾਂ ਨੂੰ ਕੋਸਦਾ ਰਿਹਾ। ਉਸ ਦਾ ਕਹਿਣਾ ਸੀ ਕਿ ਲੋਕ ਦੋਖੀ ਹਾਕਮਾਂ ਨੇ ਆਮ ਲੋਕਾਈ ਦਾ ਜੀਵਨ ਦੁੱਭਰ ਕੀਤਾ ਹੋਇਆ ਹੈ, ਜਥੇਬੰਦ ਹੋ ਕੇ ਲੋਕ ਸੰਘਰਸ਼ ਇਨਕਲਾਬੀ ਵਿਚਾਰਧਾਰਾ ਨੂੰ ਅਂਗੇ ਵਧਾ ਕੇ ਹੀ ਲੋਕ ਦੋਖੀ ਪ੍ਰਬੰਧ ਦਾ ਫਸਤਾ ਵੱਢਿਆ ਜਾ ਸਕਦਾ। ਗੁਰਪ੍ਰੀਤ ਸਿੰਘ ਨੂਰਪੁਰਾ ਨੇ ਭਾਵਪੂਰਤ ਤਕਰੀਰ ਕਰਦਿਆਂ ਕਿਸਾਨੀ ਸੰਘਰਸ਼ ਨੂੰ ਫੇਲ੍ਹ ਕਰਨ ਵਾਲੀਆਂ ਤਾਕਤਾਂ ਤੋਂ ਖਬਰਦਾਰ ਰਹਿਣ ਲਈ ਆਖਿਆ।
ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਲਈ ਪਾਠ ਦੇ ਭੋਗ ਪਾਏ
ਖੰਨਾ (ਨਿੱਜੀ ਪੱਤਰ ਪ੍ਰੇਰਕ): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ 209ਵੇਂ ਦਿਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਰਿਹਾ। ਅੱਜ ਕਿਸਾਨਾਂ ਨੇ ਗੁਰੂ ਤੇਗ ਬਹਾਦਰ ਦਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਅੰਦੋਲਨ ਦੀ ਚੜ੍ਹਦੀ ਕਲਾ ਲਈ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ। ਇਸ ਮੌਕੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ ਤੇ ਰੁਲ ਰਹੇ ਹਨ, ਪਰ ਮੋਦੀ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਤੋਂ ਬਿਨਾਂ ਕਿਸੇ ਦੀ ਕੋਈ ਫ਼ਿਕਰ ਨਹੀਂ। ਇਸ ਮੌਕੇ ਦਲਜੀਤ ਸਿੰਘ ਸਵੈਚ ਅਤੇ ਹਰਮਿੰੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲੀ ਕੇਂਦਰ ਸਰਕਾਰ ਜੋ ਹਰ ਫਰੰਟ ’ਤੇ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱੱਕ ਕਿਸਾਨਾਂ ਅੰਦੋਲਨ ਸਫ਼ਲ ਨਹੀਂ ਹੁੰਦਾ ਉਹ ਘਰ ਵਾਪਸ ਮੁੜਨ ਵਾਲੇ ਨਹੀਂ, ਇਸ ਲਈ ਚਾਹੇ ਕਰੋਨਾ ਦਾ ਬਹਾਨਾ ਬਣਾਇਆ ਜਾਵੇ ਜਾਂ ਫ਼ਿਰ ਭਾਵੇਂ ਕੁਝ ਹੋਰ। ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਅਜੇ ਵੀ ਕਾਲੇ ਕਾਨੂੰਨ ਵਾਪਸ ਲੈ ਲਵੇ ਨਹੀਂ ਤਾਂ ਇਸ ਦੇ ਮਾੜੇ ਨਤੀਜੇ ਭੁਗਤਣ ਲਈ ਤਿਆਰ ਰਹੇ, ਕਿਉਂਕਿ ਕਿਸਾਨ ਆਪਣੀਆਂ ਮੰਗਾਂ ਤੇ ਅੜੇ ਰਹਿਣਗੇ। ਕਿਸਾਨਾਂ ਨੇ ਅਪੀਲ ਕੀਤੀ ਕਿ ਕਣਕ ਫ਼ਸਲ ਦੇ ਸੀਜ਼ਨ ਤੋਂ ਵਿਹਲੇ ਹੋ ਕੇ ਕਿਸਾਨ ਵੱਧ ਤੋਂ ਵੱਧ ਇੱਕਠ ਕਰਕੇ ਦਿੱਲੀ ਸੰਘਰਸ਼ ਲਈ ਰਵਾਨਾ ਹੋਣ।
ਲੋਕਾਂ ਨੂੰ ਦਿੱਲੀ ਵੱਲ ਵਹੀਰਾਂ ਘੱਤਣ ਦੀ ਅਪੀਲ
ਦੋਰਾਹਾ (ਜੋਗਿੰਦਰ ਸਿੰਘ ਓਬਰਾਏ): ਅੱਜ ਇਥੇ ਭਾਰਤੀ ਕਿਸਾਨ ਯੂਨੀਅਨ (ਏਕਤਾਂ-ਉਗਰਾਹਾਂ) ਦੇ ਮੈਬਰਾਂ ਦੀ ਇੱਕਤਰਤਾ ਸਾਧੂ ਸਿੰਘ ਪੰਜੇਟਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਬੋਲਦਿਆਂ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਕੇਂਦਰ ਸਰਕਾਰ ਕਰੋਨਾ ਦੀ ਰੋਕਥਾਮ ਵੱਲ ਧਿਆਨ ਨਹੀਂ ਦੇ ਰਹੀ, ਇਕ ਸਾਲ ਤੋਂ ਵੱਧ ਸਮਾਂ ਬੀਤ ਜਾਣ ’ਤੇ ਵੀ ਵੈਂਟੀਲੇਟਰ, ਡਾਕਟਰ, ਦਵਾਈਆਂ ਤੇ ਆਕਸੀਜਨ ਦਾ ਪ੍ਰਬੰਧ ਸਹੀ ਢੰਗ ਨਾਲ ਨਹੀਂ ਹੋ ਸਕਿਆ, ਪਰ ਦੂਜੇ ਪਾਸੇ ਕਰੋਨਾ ਦੀ ਆੜ ਹੇਠ ਕਾਲੇ ਖੇਤੀ ਕਾਨੂੰਨ ਜ਼ਬਰਦਸਤੀ ਥੋਪੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਰੋਨਾ ਨਾਲ ਆਏ ਦਿਨ ਮਰ ਰਹੇ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ, ਉਸ ਨੂੰ ਸਿਰਫ਼ ਵਿਸ਼ਵ ਵਪਾਰ ਸੰਸਥਾ ਦੀ ਨੀਤੀ ਲਾਗੂ ਕਰਕੇ ਦੇਸ਼ ਨੂੰ ਕਾਰਪੋਰੇਟ ਹੱਥ ਦੇਣ ਦੀ ਚਿੰਤਾ ਹੈ। ਉਪਰੋਕਤ ਆਗੂਆਂ ਨੇ ਮੰਗ ਕੀਤੀ ਕਿ ਵੱਧ ਰਹੀ ਮਹਿੰਗਾਈ ਨੂੰ ਕੰਟਰੋਲ ਕੀਤਾ ਜਾਵੇ ਤਾਂ ਜੋ ਆਮ ਲੋਕ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਵਿਚ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਸਾਨਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਕਣਕ ਦਾ ਸੀਜ਼ਨ ਖਤਮ ਹੋ ਗਿਆ ਹੈ, ਹੁਣ ਵੱਡੇ ਪੱਧਰ ਤੇ ਦਿੱਲੀ ਵੱਲ ਵਹੀਰਾਂ ਘੱਤੀਆਂ ਜਾਣ।