ਗਗਨਦੀਪ ਅਰੋੜਾ
ਲੁਧਿਆਣਾ, 1 ਅਪਰੈਲ
ਕੈਬਿਨਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਕੌਂਸਲਰ ਪਤਨੀ ਮਮਤਾ ਆਸ਼ੂ ਨੇ ਕਰੋਨਾ ਵੈਕਸੀਨੇਸ਼ਨ ਦੀ ਕਮਾਨ ਸਾਂਭ ਲਈ ਹੈ। ਅੱਜ ਕੌਂਸਲਰ ਮਮਤਾ ਆਸ਼ੂ ਵੱਲੋਂ ‘ਵੈਕਸੀਨੇਸ਼ਨ ਐਟ ਡੋਰਸਟੈਪਸ’ ਮੁਹਿੰਮ ਦੀ ਅਗਵਾਈ ਕਰਦਿਆਂ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਦੇ ਵੱਖ-ਵੱਖ ਹਿੱਸਿਆਂ ਵਿਚ ਤਿੰਨ ਕੋਵਿਡ-19 ਟੀਕਾਕਰਨ ਕੈਂਪਾਂ ਦਾ ਉਦਘਾਟਨ ਕੀਤਾ। ਇਹ ਕੈਂਪ ਹੰਬੜਾ ਰੋਡ ’ਤੇ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ, ਮੁੰਡੀਆਂ ਕਲਾਂ ਅਤੇ ਸੀਆਈਸੀਯੂ ਫੋਕਲ ਪੁਆਇੰਟ ਵਿੱਚ ਲਗਾਏ ਗਏ। ਮਮਤਾ ਆਸ਼ੂ ਨੇ ਕਿਹਾ ਕਿ ਇਹ ਟੀਕਾਕਰਨ ਹੁਣ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਖੁੱਲ੍ਹ ਗਿਆ ਹੈ ਅਤੇ ਕਿਸੇ ਵੀ ਕਿਸਮ ਦੀ ਆਈਡੀ ਰਾਹੀਂ ਵੈਕਸੀਨੇਸ਼ਨ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜੰਗੀ ਪੱਧਰ ’ਤੇ ਟੀਕਾਕਰਨ ਦੀ ਮੁਹਿੰਮ ਚਲਾ ਰਿਹਾ ਹੈ ਅਤੇ ਹੁਣ ਲੋਕਾਂ ਦੀ ਵੀ ਸਮਾਜਿਕ ਜ਼ਿੰਮੇਵਾਰੀ ਬਣਦੀ ਹੈ ਉਹ ਆਪਣੀ ਵੈਕਸੀਨੇਸ਼ਨ ਕਰਵਾਉਣ।
ਵੈਕਸੀਨੇਸ਼ਨ ਦੀ ਗਤੀ ਨੂੰ ਵਧਾਉਣ ਦੇ ਉਦੇਸ਼ ਨਾਲ, ਖ਼ਾਸਕਰ ਪੇਂਡੂ ਖੇਤਰ ਵਿਚ ਲੋਕਾਂ ਦੇ ਘਰਾਂ ਨੇੜੇ ਟੀਕਾਕਰਨ ਦੀਆਂ ਹੋਰ ਥਾਵਾਂ ਸਥਾਪਤ ਕਰਦਿਆਂ ਵਿਧਾਨ ਸਭਾ ਹਲਕਾ ਗਿੱਲ ਤੋਂ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਪੋਹੀੜ ਪਿੰਡ ਵਿਚ ਟੀਕਾਕਰਨ ਕੈਂਪ ਦੀ ਸ਼ੂਰੂਆਤ ਕੀਤੀ ਗਈ। ਆਪਣੀ ਖੱਬੀ ਬਾਂਹ ਵਿਚ ਟੀਕਾ ਲਗਵਾ ਕੇ ਕੈਂਪ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਵੈਦ ਨੇ ਡਿਪਟੀ ਕਮਿਸ਼ਨਰ ਦੇ ਨਾਲ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਸਨੀਕ ਹੁਣ ਕਰੋਨਾਵਾਇਰਸ ਟੀਕਿਆਂ ਦੇ ਯੋਗ ਹਨ, ਪ੍ਰਸ਼ਾਸਨ ਪਹਿਲਾਂ ਹੀ ਇਸ ਮਿਸ਼ਨ ’ਤੇ ਕੰਮ ਕਰ ਰਿਹਾ ਅਤੇ ਹੁਣ ਤੱਕ ਲਗਭਗ 250 ਟੀਕਾਕਰਨ ਕੈਂਪ ਲਗਾਏ ਜਾ ਚੁੱਕੇ ਹਨ, ਜਿਸ ਵਿੱਚ ਸਿਵਲ ਹਸਪਤਾਲ, ਸਬ-ਡਿਵੀਜ਼ਨਲ, ਨਿੱਜੀ ਸੰਸਥਾਵਾਂ ਅਤੇ ਹੈਲਥ ਐਂਡ ਵੈਲਨੈੱਸ ਸੈਂਟਰ ਸ਼ਾਮਲ ਹਨ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਲੋਕਾਂ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਵੈਕਸੀਨੇਸ਼ਨ ਕਰਵਾਈ ਜਾਵੇ।
ਉਨ੍ਹਾਂ ਕਿਹਾ ਕਿ ਇਹ ਟੀਕਾ ਇਸ ਮਹਾਮਾਰੀ ਦੀ ਤਾਜ਼ਾ ਲਹਿਰ ਨੂੰ ਠੱਲ੍ਹ ਪਾਉਣ ਲਈ ਮਹੱਤਵਪੂਰਨ ਹੈ।
ਲੁਧਿਆਣਾ ਵਿੱਚ 8 ਮੌਤਾਂ, 376 ਨਵੇਂ ਮਰੀਜ਼ ਆਏ
ਲੁਧਿਆਣਾ ਵਿੱਚ ਕਰੋਨਾ ਦੇ ਹਾਲਾਤ ਮਾੜੇ ਹੁੰਦੇ ਜਾ ਰਹੇ ਹਨ, ਅੱਜ ਫਿਰ ਕਰੋਨਾ ਨਾਲ 8 ਮਰੀਜ਼ਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 376 ਨਵੇਂ ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਸਿਵਲ ਸਰਜਨ ਡਾ. ਸੁਖਜੀਵਨ ਕੱਕੜ ਨੇ ਦੱਸਿਆ ਕਿ ਅੱਜ 376 ਨਵੇਂ ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਜਿਸ ਤੋਂ ਬਾਅਦ ਕਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 34,786 ਹੋ ਗਈ ਹੈ, ਜਿਨ੍ਹਾਂ ਵਿੱਚੋਂ 30,697 ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ। ਮੌਜੂਦਾ ਸਮੇਂ ਵਿਚ 2,937 ਐਕਟਿਵ ਮਰੀਜ਼ ਹਨ, ਜਿਨ੍ਹਾਂ ਦਾ ਵੱਖ ਵੱਖ ਹਸਪਤਾਲਾਂ ਤੇ ਘਰਾਂ ਵਿਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ 8 ਮਰੀਜ਼ਾਂ ਦੀਆਂ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਕਰੋਨਾ ਨਾਲ ਜਾਨ ਗਵਾਉਣ ਵਾਲੇ ਲੋਕਾਂ ਦੀ ਗਿਣਤੀ 1152 ਹੋ ਚੁੱਕੀ ਹੈ।