ਖੇਤਰੀ ਪ੍ਰਤੀਨਿਧ
ਲੁਧਿਆਣਾ, 15 ਮਈ
ਪੰਚਸ਼ੀਲ ਵਿਹਾਰ ਦੇ ਲੋਕਾਂ ਨੇ ਅੱਜ ਕਲੋਨੀ ਦੇ ਇੱਕ ਪਾਰਕ ਵਾਲੀ ਥਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਕਲੋਨੀ ਦੇ ਲੋਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਅਗਲੇ ਹਫ਼ਤੇ ਤੋਂ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ। ਇਸ ਧਰਨੇ ਵਿੱਚ ਇਲਾਕੇ ਦੇ ਲੋਕਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਬੱਚੇ ਵੀ ਸ਼ਾਮਲ ਹੋਏ। ਵੈਲੂਅਰਜ਼ ਐਸੋਸੀਏਸ਼ਨ ਵੱਲੋਂ ਇੰਜ. ਕਪਿਲ ਅਰੋੜਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਵੀ ਸ਼ਿਰਕਤ ਕੀਤੀ ਜਦਕਿ ਰੋਸ ਧਰਨੇ ਵਿੱਚ ਦੀਪਕ ਆਨੰਦ, ਪ੍ਰਦੀਪ ਚਾਵਲਾ, ਕੁਲਦੀਪ ਨਾਰੰਗ, ਰਤਨ ਗਰੇਵਾਲ ਅਤੇ ਪਰਉਪਕਾਰ ਸਿੰਘ ਘੁੰਮਣ ਵੀ ਹਾਜ਼ਰ ਸਨ। ਕਲੋਨੀ ਦੇ ਲੋਕਾਂ ਦਾ ਕਹਿਣਾ ਸੀ ਕਿ ਪਿਛਲੇ 20-25 ਸਾਲ ਤੋਂ ਪਾਰਕ ਲਈ ਥਾਂ ਰਾਖਵੀਂ ਸੀ ਜਿਸ ਨੂੰ ਕਥਿਤ ਤੌਰ ’ਤੇ ਕਿਸੇ ਨੂੰ ਵੇਚ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰੀ ਵਿਭਾਗਾਂ ਤੋਂ ਆਰਟੀਆਈ ਰਾਹੀਂ ਪ੍ਰਾਪਤ ਕੀਤੀ ਜਾਣਕਾਰੀ ਤੋਂ ਇਹ ਸਾਫ਼ ਹੋ ਗਿਆ ਕਿ ਸਬੰਧਤ ਥਾਂ ਪਾਰਕ ਲਈ ਰਾਖਵੀਂ ਸੀ ਜਿਸ ਕਰਕੇ ਇਸ ਨੂੰ ਕਿਸੇ ਹੋਰ ਮਕਸਦ ਲਈ ਵਰਤਿਆ ਨਹੀਂ ਜਾ ਸਕਦਾ।
ਇਸ ਮੌਕੇ ਉਨ੍ਹਾਂ ਦੋਸ਼ ਲਾਇਆ ਕਿ ਪਾਰਕ ਵਾਲੀ ਥਾਂ ਕਥਿਤ ਤੌਰ ’ਤੇ ਉੱਚ ਅਧਿਕਾਰੀਆਂ ਨਾਲ ਮਿਲੀਭੁਗਤ ਕਰ ਕੇ ਵੇਚੀ ਗਈ ਹੈ। ਇਸ ਸਬੰਧੀ ਉਹ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਮਿਲ ਚੁੱਕੇ ਹਨ ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ।