ਪੱਤਰ ਪ੍ਰੇਰਕ
ਪਾਇਲ, 6 ਜੂਨ
ਲੋਕ ਸਭਾ ਹਲਕਾ ਲੁਧਿਆਣਾ ਤੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇਤਿਹਾਸਕ ਜਿੱਤ ਦਰਜ ਕਰਨ ’ਤੇ ਅੱਜ ਪੰਜਾਬ ਕਾਂਗਰਸ ਦੇ ਸਕੱਤਰ ਪਰਮਜੀਤ ਸਿੰਘ ਘਵੱਦੀ ਨੇ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਮੂੰਹ ਮਿੱਠਾ ਕਰਾ ਕੇ ਖ਼ੁਸ਼ੀ ਮਨਾਈ। ਸ੍ਰੀ ਘਵੱਦੀ ਨੇ ਦੋਵੇਂ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਲੋਕਤੰਤਰ ਦੀ ਸ਼ਾਨਾਮੱਤੀ ਜਿੱਤ ਹੈ, ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ’ਤੇ ਮੋਹਰ ਲਗਾਈ ਹੈ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਸਮਰਥਨ ਦਿੱਤਾ ਹੈ, ਉਸ ਤੋਂ ਸਪਸ਼ਟ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਰਾਹ ਲੋਕਾਂ ਨੇ ਪੱਧਰਾ ਕਰ ਦਿੱਤਾ ਹੈ। ਘਵੱਦੀ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਇਕ ਵਾਰ ਫਿਰ ਕਾਂਗਰਸ ਪਾਰਟੀ ਦੇ ਹੱਕ ਵਿਚ ਹਵਾ ਚੱਲਣ ਲੱਗ ਪਈ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਵੀ ਕਾਂਗਰਸ ਪਾਰਟੀ ਇਸੇ ਤਰ੍ਹਾਂ ਸ਼ਾਨਦਾਰ ਜਿੱਤ ਹਾਸਲ ਕਰੇਗੀ।