ਪੱਤਰ ਪ੍ਰੇਰਕ
ਮਾਛੀਵਾੜਾ, 25 ਜਨਵਰੀ
ਗੁਰਦੁਆਰਾ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਅਤੇ ਸਿੱਖ ਧਰਮ ਦੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ 26 ਜਨਵਰੀ ਦੀ ਦਿੱਲੀ ਟਰੈਕਟਰ ਪਰੇਡ ’ਚ ਸ਼ਾਮਲ ਹੋਣ ਵਾਲੇ ਕਿਸਾਨਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸਰਕਾਰ ਇਸ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਵਿਚ ਲੱਗੀ ਹੋਈ ਹੈ। ਇਸ ਲਈ ਸ਼ਾਂਤਮਈ ਢੰਗ ਅਤੇ ਅਨੁਸ਼ਾਸਨ ਵਿਚ ਰਹਿੰਦਿਆਂ ਇਸ ਵਿਚ ਸ਼ਮੂਲੀਅਤ ਕਰਨੀ ਚਾਹੀਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਆਗੂਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਸਰਕਾਰਾਂ ਤਾਂ ਚਾਹੁੰਦੀਆਂ ਹਨ ਕਿ ਉਥੇ ਹੁੱਲੜਬਾਜ਼ੀ ਹੋਵੇ ਅਤੇ ਗਲਤ ਨਾਅਰੇਬਾਜ਼ੀ ਹੋਵੇ ਜਿਸ ਨੂੰ ਉਹ ਚੈਨਲਾਂ ’ਤੇ ਦਿਖਾ ਕੇ ਅੰਦੋਲਨ ਨੂੰ ਬਦਨਾਮ ਕਰ ਸਕਣ।