ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 17 ਜੂਨ
ਇਥੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਵੱਲੋਂ ਅੱਜ ਇਥੇ ‘ਬਲਿਹਾਰੀ ਕੁਦਰਤ ਵਸਿਆ’ ਮੁਹਿੰਮ ਤਹਿਤ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਪਹਿਲਾ ਬੂਟਾ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਐਡਵੋਕੇਟ ਰਮਨਦੀਪ ਸਿੰਘ ਗਿੱਲ ਨੇ ਲਗਾਇਆ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਸ ਮੁਹਿੰਮ ਦਾ ਆਗਾਜ਼ ਕੀਤਾ ਸੀ। ਇਸ ਤਹਿਤ ਹੁਣ ਪੰਜਾਬ ਦੇ ਸਾਰੇ ਬਲਾਕਾਂ ’ਚ ਲੱਖਾਂ ਬੂਟੇ ਲਾਏ ਜਾਣੇ ਹਨ। ਇਸ ’ਚ ਯੂਥ ਵਿੰਗ ਅਹਿਮ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ’ਚ ਸੁਧਾਰ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਸਮੇਂ ਦੀ ਲੋੜ ਹੈ। ਇਸ ਤਹਿਤ ਨਾ ਸਿਰਫ ਬੂਟੇ ਲਾਏ ਜਾਣਗੇ ਸਗੋਂ ਇਨ੍ਹਾਂ ਦੀ ਵੱਡੇ ਹੋਣ ਤੱਕ ਦੇਖ-ਰੇਖ ਦੀ ਜ਼ਿੰਮੇਵਾਰੀ ਵੀ ਯੂਥ ਵਿੰਗ ਨੇ ਸੰਭਾਲੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਕਿਸਾਨਾਂ ਨੂੰ ਸਮਰਪਿਤ ਤੇ ਵਾਤਾਵਰਨ ਦੀ ਸੰਭਾਲ ਲਈ ਇਹ ਮੁਹਿੰਮ ਵਿੱਢੀ ਗਈ ਹੈ ਜਿਸ ਤਹਿਤ ਜਗਰਾਉਂ ਵਿੱਚ 200 ਬੂਟੇ ਲਾਏ ਜਾਣਗੇ।