ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 21 ਮਾਰਚ
ਇਥੋਂ ਦੀ ਪੁਲੀਸ ਨੇ ਕਰੋਨਾ ਨੂੰ ਠੱਲ੍ਹਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਜਿੱਥੇ ਮਾਸਕ ਨਾ ਪਾਉਣ ਵਾਲਿਆਂ ਦੇ ਚਲਾਨ ਕੱਟੇ, ਉਥੇ ਹੀ ਮੌਜੂਦ ਸਿਹਤ ਵਿਭਾਗ ਦੀ ਟੀਮ ਵੱਲੋਂ ਉਲੰਘਣਾ ਕਰਨ ਵਾਲਿਆਂ ਦੇ ਕਰੋਨਾ ਟੈਸਟ ਵੀ ਕੀਤੇ ਗਏ। ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਠਾਕੁਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਦੀ ਦੂਜੀ ਲਹਿਰ ਕਾਰਨ ਤੇਜ਼ੀ ਵੱਧ ਰਹੀ ਹੈ, ਜਿਸ ’ਤੇ ਕਾਬੂ ਪਾਉਣ ਲਈ ਨਿਯਮਾਂ ਦੀ ਪਾਲਣਾ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ 4 ਟੀਮਾਂ ਬਣਾ ਕੇ ਵੱਖ-ਵੱਖ ਥਾਵਾਂ ’ਤੇ ਕੀਤੀ ਨਾਕਾਬੰਦੀ ਦੌਰਾਨ ਹੁਣ ਤੱਕ 80 ਵਿਅਕਤੀਆਂ ਤੋਂ ਮਾਸਕ ਨਾ ਪਾਉਣ ’ਤੇ ਚਲਾਨ ਕੱਟਕੇ 1000-1000 ਰੁਪਏ ਜੁਰਮਾਨਾ ਵਸੂਲਿਆ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਚਲਾਨ ਕੱਟਣ ਦੇ ਨਾਲ-ਨਾਸ ਸਿਹਤ ਵਿਭਾਗ ਦੀ ਟੀਮ ਵਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕਰੋਨਾ ਟੈਸਟ ਵੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਹ ਨਾਕਾਬੰਦੀ ਤੇ ਚਲਾਨ ਕੱਟਣ ਦੀ ਮੁਹਿੰਮ ਆਉਣ ਵਾਲੇ ਦਿਨਾਂ ’ਚ ਵੀ ਜਾਰੀ ਰਹੇਗੀ। ਇਸ ਲਈ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਕਿਸੇ ਕਿਸਮ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਮਾਸਕ ਪਾਕੇ ਰੱਖਣ ਅਤੇ ਸਮਾਜਿਕ ਦੂਰੀ ਦਾ ਧਿਆਨ ਰੱਖਿਆ ਜਾਵੇ।
ਥਾਣਾ ਮੁਖੀ ਰਾਜੇਸ਼ ਠਾਕੁਰ ਨੇ ਇਹ ਵੀ ਸਖ਼ਤ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਲੁਧਿਆਣਾ ਵਿਚ ਰਾਤ 9 ਵਜੇ ਤੋਂ ਬਾਅਦ ਕਰਫਿਊ ਲਗਾਇਆ ਗਿਆ ਹੈ, ਇਸ ਲਈ ਜੇਕਰ ਕੋਈ ਵੀ ਦੁਕਾਨ ਖੁੱਲ੍ਹੀ ਪਾਈ ਗਈ ਜਾਂ ਲੋਕ ਸੜਕਾਂ ’ਤੇ ਘੁੰਮਦੇ ਪਾਏ ਗਏ ਤਾਂ ਉਨ੍ਹਾਂ ਖਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।