ਪੱਤਰ ਪ੍ਰੇਰਕ
ਮਾਛੀਵਾੜਾ, 28 ਮਈ
ਲੋਕ ਸਭਾ ਚੋਣਾਂ ’ਚ ਸੁਰੱਖਿਆ ਨੂੰ ਲੈ ਕੇ ਅੱਜ ਮਾਛੀਵਾੜਾ ਵਿੱਚ ਫਲੈਗ ਮਾਰਚ ਕੀਤਾ ਗਿਆ, ਜਿਸ ਦੀ ਅਗਵਾਈ ਪੁਲੀਸ ਜ਼ਿਲ੍ਹਾ ਖੰਨਾ ਦੇ ਐੱਸਪੀ (ਡੀ) ਸੌਰਵ ਜਿੰਦਲ ਨੇ ਕੀਤੀ। ਇਸ ਮੌਕੇ ਐੱਸਪੀ ਡੀ ਜਿੰਦਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਪੁਲੀਸ ਜ਼ਿਲ੍ਹਾ ਖੰਨਾ ਵਿੱਚ ਪੈਰਾਮਿਲਟਰੀ ਫੋਰਸ ਦੀਆਂ 9 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਇਸ ਤੋਂ ਇਲਾਵਾ ਪੰਜਾਬ ਪੁਲੀਸ ਦੇ ਕਰਮਚਾਰੀ ਵੀ ਆਪਣੀ ਡਿਊਟੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਅੱਜ ਫਲੈਗ ਮਾਰਚ ਦਾ ਮੁੱਖ ਉਦੇਸ਼ ਸ਼ਾਂਤਮਈ ਮਾਹੌਲ ਬਣਾ ਕੇ ਰੱਖਣਾ ਅਤੇ ਸ਼ਰਾਰਤੀ ਅਨਸਰਾਂ ਨੂੰ ਤਾੜਨਾ ਹੈ ਕਿ ਜੇਕਰ ਕਿਸੇ ਨੇ ਵੀ ਇਨ੍ਹਾਂ ਲੋਕ ਸਭਾ ਚੋਣਾਂ ਵਿਚ ਕਾਨੂੰਨ ਦੀ ਸਥਿਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ 7 ਪੋਲਿੰਗ ਬੂਥਾਂ ਪਿੱਛੇ ਇੱਕ ਪੁਲੀਸ ਟੀਮ ਦਾ ਗਠਨ ਕੀਤਾ ਗਿਆ ਹੈ, ਜੋ ਗਸ਼ਤ ਕਰੇਗੀ ਅਤੇ ਸਥਿਤੀ ਨੂੰ ਕੰਟਰੋਲ ’ਚ ਰੱਖੇਗੀ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ’ਤੇ ਸੀਸੀਟੀਵੀ ਕੈਮਰਿਆਂ ਰਾਹੀਂ ਵੀ ਨਜ਼ਰ ਰੱਖੀ ਜਾਵੇਗੀ।