ਡੀਪੀਐੱਸ ਬਤਰਾ
ਮਾਛੀਵਾੜਾ, 11 ਜੁਲਾਈ
ਬਿਜਲੀ ਦੇ ਮਾੜੇ ਪ੍ਰਬੰਧਾਂ ਕਾਰਨ ਲੱਗਦੇ ਲੰਮੇ-ਲੰਮੇ ਕੱਟਾਂ ਤੇ ਕਿਸਾਨਾਂ ਨੂੰ ਖੇਤੀ ਲਈ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਮਾਛੀਵਾੜਾ ਨੇੜਲੇ ਪਿੰਡ ਬਹਿਲੋਲਪੁਰ ਬਿਜਲੀ ਦਫ਼ਤਰ ਖ਼ਿਲਾਫ਼ ਧਰਨਾ ਦਿੱਤਾ। ਨੇੜਲੇ ਪਿੰਡ ਬਰਮਾ, ਹੇੜੀਆਂ ਤੋਂ ਇਲਾਵਾ ਆਸ-ਪਾਸ ਦੇ ਲੋਕਾਂ ਨੇ ਬਹਿਲੋਲਪੁਰ ਬਿਜਲੀ ਦਫ਼ਤਰ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਦੋਰਾਹਾ ਤੋਂ ਰੋਪੜ ਨੂੰ ਜਾਂਦੀ ਸੜਕ ’ਤੇ ਚੱਕਾ ਜਾਮ ਕਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਪਿੰਡਾਂ ਦੇ ਲੋਕਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਪਿਛਲੇ 3 ਦਿਨਾਂ ਤੋਂ ਨਾ ਘਰੇਲੂ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਨਾ ਹੀ ਖੇਤਾਂ ਦੀਆਂ ਮੋਟਰਾਂ ਨੂੰ ਬਿਜਲੀ ਆ ਰਹੀ ਹੈ, ਜਿਸ ਕਾਰਨ ਉਨ੍ਹਾਂ ਦੀ ਫਸਲ ਸੁੱਕ ਰਹੀ ਹੈ। ਧਰਨਾਕਾਰੀਆਂ ਅਨੁਸਾਰ ਬਿਜਲੀ ਕੱਟਾਂ ਕਾਰਨ ਘਰਾਂ ਵਿਚ ਬੈਠੇ ਬਜ਼ੁਰਗਾਂ ਤੇ ਬੱਚਿਆਂ ਦਾ ਬੁਰਾ ਹਾਲ ਹੈ ਪਰ ਨਾ ਹੀ ਵਿਭਾਗ ਦੇ ਕਰਮਚਾਰੀ ਤੇ ਨਾ ਹੀ ਸਰਕਾਰ ਬਿਜਲੀ ਸੁਧਾਰ ਲਈ ਕੋਈ ਯਤਨ ਨਹੀਂ ਕਰ ਰਹੀ। ਰੋਸ ਧਰਨੇ ਵਿਚ ਵਿਸ਼ੇਸ਼ ਤੌਰ ’ਤੇ ਹਲਕਾ ਸਮਰਾਲਾ ਦੇ ਸਾਬਕਾ ਵਿਧਾਇਕ ਤੇ ‘ਆਪ’ ਆਗੂ ਜਗਜੀਵਨ ਸਿੰਘ ਖੀਰਨੀਆਂ ਵੀ ਪੁੱਜੇ, ਜਿਨ੍ਹਾਂ ਕਾਂਗਰਸ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ ਨੂੰ ਸੁਵਿਧਾਵਾਂ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ ਪਰ ਲੋਕਾਂ ਦੇ ਰੋਸ ਪ੍ਰਦਰਸ਼ਨ ਇਹ ਦੱਸ ਰਹੇ ਹਨ ਕਿ ਸਰਕਾਰ ਬੁਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵੇ ਕੀਤੇ ਜਾਂਦੇ ਸਨ ਪਰ ਅੱਜ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਕਈ-ਕਈ ਦਿਨ ਬਿਜਲੀ ਨਾ ਆਉਣ ਕਰਕੇ ਕਿਸਾਨਾਂ ਦੀਆਂ ਫਸਲਾਂ ਸੁੱਕ ਗਈਆਂ ਜਾਂ ਫਿਰ ਮਹਿੰਗਾ ਡੀਜ਼ਲ ਫੂਕ ਕੇ ਉਨ੍ਹਾਂ ਨੂੰ ਬਚਾਇਆ ਜਾ ਰਿਹਾ ਹੈ। ‘ਆਪ’ ਆਗੂ ਖੀਰਨੀਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਆਪਣੀ ਮਾੜੀ ਕਾਰਗੁਜ਼ਾਰੀ ਦਾ ਖਾਮਿਆਜ਼ਾ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਭੁਗਤਨਾ ਪਵੇਗਾ।
ਕਿਸਾਨਾਂ ਨੇ ਪਾਵਰਕੌਮ ਦਾ ਦਫ਼ਤਰ ਘੇਰਿਆ
ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਝੋਨੇ ਦੀ ਬਿਜਾਈ ਦੌਰਾਨ ਪਿੰਡ ਖੰਡੂਰ ਦੇ ਕਿਸਾਨਾਂ ਨੂੰ ਪਿਛਲੇ 36 ਘੰਟਿਆਂ ਤੋਂ ਬਿਜਲੀ ਸਪਲਾਈ ਨਾ ਮਿਲਣ ਕਾਰਨ ਉਨ੍ਹਾਂ ਦੇ ਸਬਰ ਦਾ ਬੰਨ੍ਹ ਟੁੱਟ ਗਿਆ, ਰੋਸ ਵਜੋਂ ਉਨ੍ਹਾਂ ਪਾਵਰਕੌਮ ਦੇ ਉਪ ਮੰਡਲ ਦਫ਼ਤਰ ਬੁਢੇਲ ਸਾਹਮਣੇ ਧਰਨਾ ਲਗਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਰਾਏਕੋਟ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੂਰਪੁਰਾ ਦੀ ਅਗਵਾਈ ਹੇਠ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਦੇ ਝੂਠੇ ਲਾਰਿਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਮਨਜੀਤ ਸਿੰਘ ਬੁਢੇਲ, ਕਮਿੱਕਰ ਸਿੰਘ ਰਾਏਕੋਟ, ਸੁਖਵਿੰਦਰ ਸਿੰਘ ਪ੍ਰਧਾਨ ਪਿੰਡ ਖੰਡੂਰ, ਲਛਮਣ ਸਿੰਘ ਤੇ ਦਰਸ਼ਨ ਸਿੰਘ ਨੇ ਕਿਹਾ ਕਿ ਖੇਤੀਬਾੜੀ ਸੈਕਟਰ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਵਿਚ ਪਾਵਰਕੌਮ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ 36 ਘੰਟਿਆਂ ਤੋਂ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ ਹੈ। ਕਿਸਾਨ ਆਗੂ ਗੁਰਪ੍ਰੀਤ ਸਿੰਘ ਨੂਰਪੁਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਹਕੂਮਤ ਨੇ ਖੇਤੀ ਕਾਨੂੰਨਾਂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਦੇ ਮੁੱਦੇ ’ਤੇ ਕਿਸਾਨਾਂ ਨੂੰ ਰੋਲ਼ ਕੇ ਰੱਖ ਦਿੱਤਾ ਹੈ। ਉਨ੍ਹਾਂ ਸਥਾਨਕ ਪਾਵਰਕੌਮ ਅਧਿਕਾਰੀਆਂ ਉੱਪਰ ਦੋਸ਼ ਲਾਇਆ ਕਿ ਉਹ 36 ਘੰਟਿਆਂ ਤੋਂ ਬੰਦ ਬਿਜਲੀ ਬਾਰੇ ਕੋਈ ਤਸੱਲੀਬਖ਼ਸ਼ ਉਤਰ ਵੀ ਨਹੀਂ ਦੇ ਰਹੇ। ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਬਿਜਾਈ ਤਾਂ ਪਛੜ ਹੀ ਰਹੀ ਹੈ, ਸਗੋਂ ਝੋਨੇ ਦੀ ਫ਼ਸਲ ਨੂੰ ਪੂਰਾ ਪਾਣੀ ਨਾ ਮਿਲਣ ਕਾਰਨ ਬਹੁਤੇ ਖੇਤ ਸੁੱਕਣ ਕਿਨਾਰੇ ਪਹੁੰਚ ਗਏ ਹਨ। ਖ਼ਬਰ ਲਿਖੇ ਜਾਣ ਤੱਕ ਬਿਜਲੀ ਸਪਲਾਈ ਬਹਾਲ ਨਹੀਂ ਹੋ ਸਕੀ ਸੀ ਅਤੇ ਉਪ ਮੰਡਲ ਅਫ਼ਸਰ ਜਸਜੀਤ ਸਿੰਘ ਬਿਜਲੀ ਸਪਲਾਈ ਦੀ ਬਹਾਲੀ ਲਈ ਹੱਥ ਪੈਰ ਮਾਰਦੇ ਦਿਖਾਈ ਦਿੱਤੇ।