ਖੇਤਰੀ ਪ੍ਰਤੀਨਿਧ
ਲੁਧਿਆਣਾ, 7 ਸਤੰਬਰ
ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵੱਲੋਂ 10 ਸਤੰਬਰ ਨੂੰ ਸੰਗਰੂਰ ਵਿੱਚ ਕੀਤੀ ਜਾ ਰਹੀ ਰੈਲੀ ਦੀ ਤਿਆਰੀ ਮੀਟਿੰਗ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਲੀਲ੍ਹ ਦੀ ਅਗਵਾਈ ਹੇਠ ਹੋਈ। ਇਸ ਮੌਕੇ ਡੈਮੋਕ੍ਰੈਟਿਕ ਟੀਚਰ ਫਰੰਟ ਦੇ ਜਨਰਲ ਸਕੱਤਰ ਰਮਨਜੀਤ ਸਿੰਘ ਸੰਧੂ, ਮਿੱਡ- ਡੇਅ ਮੀਲ ਵਰਕਰ ਯੂਨੀਅਨ ਦੀ ਪਰਮਜੀਤ ਕੌਰ, ਰਾਜ ਰਾਣੀ ਅਤੇ ਆਗੂ ਹਰਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਮਨਵਾਉਣ ਲਈ ਸੰਘਰਸ਼ ਕਰਦੀਆਂ ਆ ਰਹੀਆਂ ਹਨ, ਪਰ ਸਰਕਾਰ ਦੇ ਕੰਨ ’ਤੇ ਜੂੰ ਨਹੀਂ ਸਰਕ ਰਹੀ। ਆਗੂਆਂ ਨੇ ਦੱਸਿਆ ਕਿ ਜੰਗਲਾਤ ਦੇ ਕੱਚੇ ਮੁਲਾਜ਼ਮਾਂ ਨੂੰ ਚਾਰ ਮਹੀਨਿਆਂ ਤੋਂ ਬਿਨਾਂ ਤਨਖ਼ਾਹ ਕੰਮ ਕਰਵਾਇਆ ਜਾ ਰਿਹਾ, ਮਿੱਡ-ਡੇਅ ਮੀਲ ਕੁੱਕ ਨੂੰ ਪਿਛਲੇ ਦੋ ਮਹੀਨੇ ਤੋਂ ਤਨਖਾਹਾਂ ਤੋਂ ਵਾਂਝੇ ਰੱਖਿਆ ਹੋਇਆ ਹੈ। ਇਸ ਦੌਰਾਨ ਡੀਟੀਐੱਫ ਦੇ ਸੂਬਾ ਆਗੂ ਰੁਪਿੰਦਰ ਪਾਲ ਸਿੰਘ ਗਿੱਲ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਦੇ ਵਤੀਰੇ ਖ਼ਿਲਾਫ਼ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਵਿੱਚ ਭਾਰੀ ਰੋਸ ਹੈ। ਇਸ ਰੋਸ ਦਾ ਪ੍ਰਗਟਾਵਾ 10 ਸਤੰਬਰ ਦੀ ਸਾਂਝੇ ਫਰੰਟ ਦੀ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਕੇ ਕੀਤਾ ਜਾਵੇਗਾ।