ਗੁਰੂਸਰ ਸੁਧਾਰ, ਮੁੱਲਾਂਪੁਰ: ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਅੱਜ ਮੁੱਲਾਂਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ 200 ਕਿਸਾਨ-ਮਜ਼ਦੂਰ ਜਥੇਬੰਦੀਆਂ ’ਤੇ ਆਧਾਰਿਤ ਦਿੱਲੀ ਮੋਰਚਾ-2 ਵਾਲੇ ਸਾਂਝੇ ਫੋਰਮ ਦੇ ਸੱਦੇ ’ਤੇ ਲਖੀਮਪੁਰ-ਖੀਰੀ ਦੇ ਸ਼ਹੀਦਾਂ ਨੂੰ ਸਮਰਪਿਤ ਅਤੇ ਕਿਸਾਨ-ਮਜ਼ਦੂਰ ਮੰਗਾਂ ’ਤੇ ਕੇਂਦਰਿਤ ਦੇਸ਼ ਵਿਆਪੀ 3 ਅਕਤੂਬਰ ਦੇ ਰੇਲ ਰੋਕੋ ਐਕਸ਼ਨ ਦੀਆਂ ਤਿਆਰੀ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ, ਸਹਾਇਕ ਸਕੱਤਰ ਰਣਜੀਤ ਸਿੰਘ ਗੁੜ੍ਹੇ, ਮੀਤ ਪ੍ਰਧਾਨ ਬਲਜੀਤ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਅਮਰੀਕ ਸਿੰਘ ਤਲਵੰਡੀ ਨੇ ਕਿਹਾ ਕਿ ਲਖੀਮਪੁਰ-ਖੀਰੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਦੇਸ਼ ਵਿਆਪੀ ਰੇਲ ਰੋਕੋ ਐਕਸ਼ਨ 3 ਅਕਤੂਬਰ ਨੂੰ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ 3 ਅਕਤੂਬਰ ਨੂੰ ਸਾਰੀਆਂ ਜਥੇਬੰਦੀਆਂ ਮੁੱਲਾਂਪੁਰ ਰੇਲਵੇ ਪੁਲ ਹੇਠ ਰੇਲ ਚੱਕਾ ਜਾਮ ਕਰਨਗੀਆਂ। -ਪੱਤਰ ਪ੍ਰੇਰਕ