ਸੰਤੋਖ ਗਿੱਲ
ਗੁਰੂਸਰ ਸੁਧਾਰ, 8 ਮਾਰਚ
ਕੌਮਾਂਤਰੀ ਮਹਿਲਾ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚਾ, ਜਨਵਾਦੀ ਇਸਤਰੀ ਸਭਾ ਅਤੇ ਮੋਰਚੇ ਵਿੱਚ ਸ਼ਾਮਲ ਹੋਰ ਜਥੇਬੰਦੀਆਂ ਵੱਲੋਂ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਵਿਸ਼ੇਸ਼ ਸਮਾਗਮ ਕੀਤਾ ਗਿਆ। ਜਨਵਾਦੀ ਇਸਤਰੀ ਸਭਾ ਦੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਕਿਲ੍ਹਾ ਰਾਏਪੁਰ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਵਿਚ ਵੱਡੀ ਗਿਣਤੀ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਜਨਵਾਦੀ ਇਸਤਰੀ ਸਭਾ ਦੀ ਸੂਬਾਈ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ ਨੇ ਇਸ ਮੌਕੇ ਕਿਹਾ ਕਿ ਰੂੜ੍ਹੀਵਾਦੀ ਸਮਾਜ ਅਤੇ ਨਾਕਸ ਰਾਜ ਪ੍ਰਬੰਧ ਕਾਰਨ ਔਰਤਾਂ ਨੂੰ ਅਨੇਕਾਂ ਮੁਸ਼ਕਲਾਂ ਦਰਪੇਸ਼ ਹਨ ਅਤੇ ਲੜਾਈ ਮਰਦਾਂ ਨਾਲ ਨਹੀਂ ਸਗੋਂ ਸਮਾਜਿਕ ਤਾਣੇ ਬਾਣੇ ਅਤੇ ਮਾੜੇ ਰਾਜ ਪ੍ਰਬੰਧ ਨੂੰ ਜੜ੍ਹੋਂ ਪੁੱਟ ਕੇ ਸਮਾਜ ਨੂੰ ਸੋਹਣਾ ਬਣਾ ਕੇ ਇਸ ਵਿੱਚ ਉੱਚੀਆਂ-ਸੁੱਚੀਆਂ ਕਦਰਾਂ ਕੀਮਤਾਂ ਪੈਦਾ ਕਰਨ ਦੀ ਹੈ।
ਬੁਲਾਰਿਆਂ ਨੇ ਇੱਕ ਸੁਰ ਵਿਚ ਕਿਹਾ ਕਿ ਮੋਦੀ ਹਕੂਮਤ ਵੱਲੋਂ ਲੋਕਾਂ ਸਿਰ ਮੜ੍ਹੇ ਕਾਲੇ ਕਾਨੂੰਨ ਵਾਪਸ ਕਰਵਾ ਕੇ ਹੀ ਘਰਾਂ ਨੂੰ ਪਰਤਾਂਗੇ। ਇਸ ਮੌਕੇ ਚੇਤਨਾ ਕਲਾ ਮੰਚ ਬਰਨਾਲਾ ਵੱਲੋਂ ਹਰਵਿੰਦਰ ਦੀਵਾਨਾ ਦੀ ਨਿਰਦੇਸ਼ਨਾਂ ਹੇਠ ਨਾਟਕ ‘ਇਹ ਲਹੂ ਕਿਸ ਦਾ ਹੈ’ ਦੀ ਸਫਲ ਪੇਸ਼ਕਾਰੀ ਕੀਤੀ ਗਈ।