ਖੇਤਰੀ ਪ੍ਰਤੀਨਿਧ
ਲੁਧਿਆਣਾ, 2 ਸਤੰਬਰ
ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਵਿੱਚ ਕਰਵਾਏ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ ਦੀ ਪੁਸਤਕ ‘ਧਰਮ ਰੱਖਿਅਕ ਗੁਰੂ ਤੇਗ ਬਹਾਦਰ’ ਲੋਕ ਅਰਪਣ ਕੀਤੀ ਗਈ। ਇਹ ਪੁਸਤਕ ਉਨ੍ਹਾਂ ਨੇ ਗੁਰੂ ਸਾਹਿਬ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਹੈ। ਪੁਸਤਕ ’ਤੇ ਵਿਚਾਰ ਚਰਚਾ ਕਰਨ ਲਈ ਡਾ. ਧਰਮ ਸਿੰਘ, ਡਾ. ਬਲਕਾਰ ਸਿੰਘ ਅਤੇ ਪ੍ਰੋ. ਗੁਰਭਜਨ ਗਿੱਲ ਨੇ ਸ਼ਿਰਕਤ ਕੀਤੀ। ਪ੍ਰਧਾਨਗੀ ਭਾਸ਼ਣ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ਜਸਪਾਲ ਸਿੰਘ ਨੇ ਸਾਂਝਾ ਕੀਤਾ। ਕਾਲਜ ਕੌਂਸਲ ਦੇ ਪ੍ਰਧਾਨ ਡਾ. ਐੱਸਪੀ ਸਿੰਘ ਨੇ ਸਾਰਿਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਪ੍ਰੋ. ਕਪੂਰ ਨੂੰ ਇਸ ਪੁਸਤਕ ਦੀ ਸਿਰਜਣਾ ਲਈ ਵਧਾਈ ਦਿੱਤੀ। ਪ੍ਰੋ. ਬਲਕਾਰ ਸਿੰਘ ਨੇ ਇਸ ਪੁਸਤਕ ਵਿਚ ਗੁਰੂ ਸਾਹਿਬ ਦੇ ਜੀਵਨ ਨਾਲ ਜੁੜੇ ਮਹੱਤਵਪੂਰਨ ਪੱਖਾਂ ’ਤੇ ਵਿਚਾਰ ਚਰਚਾ ਕੀਤੀ।