ਜਸਬੀਰ ਸ਼ੇਤਰਾ/ ਚਰਨਜੀਤ ਢਿੱਲੋਂ
ਜਗਰਾਉਂ, 4 ਅਕਤੂਬਰ
ਕਿਸਾਨ ਪਰਾਲੀ ਸਾੜਨ ਦੀ ਬਜਾਏ ਖੇਤਾਂ ਵਿੱਚ ਹੀ ਖਪਾਉਣ ਤਾਂ ਜੋ ਪਰਾਲੀ ਵਿਚਲੇ ਤੱਤ ਅਜਾਈਂ ਜਾਣ ਤੋਂ ਬਚਾਅ ਕੇ ਖੇਤਾਂ ਦੀ ਉਪਜਾਊ ਸ਼ਕਤੀ ਵਧਾਈ ਜਾ ਸਕੇ। ਕਿਸਾਨਾਂ ਦੀ ਸਹੂਲਤ ਲਈ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਹਰੇਕ ਬਲਾਕ ਵਿੱਚ ਦਿੱਤੀਆਂ ਜਾ ਰਹੀਆਂ ਹਨ। ਕਿਸਾਨਾਂ ਨੂੰ ਮੂੰਗੀ ਤੇ ਮੱਕੀ ਦੀ ਫ਼ਸਲ ਦੀ ਕਾਸ਼ਤ ਲਈ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਗਰਾਉਂ ‘ਚ ਪ੍ਰਸੈਸਿੰਗ ਡਰਾਇਰ ਪਲਾਂਟ ਲਾਇਆ ਜਾਵੇਗਾ। ਇਹ ਪ੍ਰਗਟਾਵਾ ਇਥੇ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ ਏਸ਼ੀਆ ਦੀ ਦੂਜੀ ਵੱਡੀ ਅਨਾਜ ਮੰਡੀ ਜਗਰਾਉਂ ਵਿੱਚ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ। ਉਨ੍ਹਾਂ ਮੌਕੇ ਮੌਜੂਦ ਅਧਿਕਾਰੀਆਂ ਨੂੰ ਇਸ ਪਲਾਂਟ ਦੇ ਪ੍ਰਾਜੈਕਟ ’ਤੇ ਜਲਦ ਕੰਮ ਸ਼ੁਰੂ ਕਰਨ ਲਈ ਕਿਹਾ ਤਾਂ ਜੋ ਮੂੰਗੀ ਤੇ ਮੱਕੀ ਦੀ ਹੱਬ ਬਣਦੀ ਜਾ ਰਹੀ ਜਗਰਾਉਂ ਮੰਡੀ ਤੇ ਇਲਾਕੇ ਦੇ ਕਿਸਾਨਾਂ ਨੂੰ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਝੋਨੇ ਦੀ ਬੋਲੀ ਲਗਵਾ ਕੇ ਖਰੀਦ ਵੀ ਸ਼ੁਰੂ ਕਰਵਾਈ। ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕੀਤਾ। ਕਿਸਾਨਾਂ ਦੇ ਇਕੱਠ ਨੂੰ ਸੰਯੁਕਤ ਡਾਇਰੈਕਟਰ ਡਾ. ਰਾਜ ਕੁਮਾਰ, ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ। ਮੰਚ ਸੰਚਾਲਨ ਡਾ. ਰਜਿੰਦਰਪਾਲ ਸਿੰਘ ਔਲਖ ਨੇ ਕੀਤਾ।
ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਪੁੱਜੇ ਖੇਤੀ ਮੰਤਰੀ
ਖੰਨਾ (ਜੋਗਿੰਦਰ ਸਿੰਘ ਓਬਰਾਏ): ਖੇਤੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਅੱਜ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਖਰੀਦ ਪ੍ਰਬੰਧਾਂ ’ਤੇ ਸੰਤੁਸ਼ਟੀ ਜ਼ਾਹਿਰ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਸ਼ਾਮਲ ਸਨ। ਉਨ੍ਹਾਂ ਮੰਡੀ ਦਾ ਦੌਰਾ ਕਰਦਿਆਂ ਕਿਹਾ ਕਿ ਖਰੀਦੇ ਝੋਨੇ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 48 ਘੰਟਿਆਂ ਦੇ ਅੰਦਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿਚ ਝੋਨਾ ਲੈ ਕੇ ਆ ਰਹੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਸ੍ਰੀ ਧਾਲੀਵਾਲ ਨੇ ਪਰਾਲੀ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ 1 ਲੱਖ 22 ਹਜ਼ਾਰ ਤੋਂ ਵੱਧ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ ਸਬਸਿਡੀ ’ਤੇ ਦਿੱਤੀਆਂ ਹਨ ਅਤੇ ਛੋਟੇ ਕਿਸਾਨਾਂ ਲਈ ਵੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਤਿੰਨ ਵੱਡੀਆਂ ਯੂਨੀਵਰਸਿਟੀਆਂ ਜਿਨ੍ਹਾਂ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਐੱਨਐੱਸਐਸ ਗਰੁੱਪ ਦੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਪੰਜਾਬ ਵਿਚ ਵਾਤਾਵਰਣ ਬਚਾਉਣ ਸਬੰਧੀ ਜਾਗਰੂਕ ਮੁਹਿੰਮ ਵੀ ਚਲਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਪੂਰੀ ਆਸ ਹੈ ਕਿ ਕਿਸਾਨ ਪਰਾਲੀ ਨਹੀਂ ਸਾੜਨਗੇ। ਲੇਬਰ ਯੂਨੀਅਨ ਦੇ ਮਸਲਿਆਂ ‘’ੇ ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਮਸਲਿਆਂ ਦੇ ਹੱਲ ਲਈ 6 ਅਕਤੂਬਰ ਨੂੰ ਉਹ ਮੁੱਖ ਮੰਤਰੀ ਨਾਲ ਮੀਟਿੰਗ ਕਰਨਗੇ। ਉਨ੍ਹਾਂ ਮਾਰਕੀਟ ਕਮੇਟੀ ਦਫ਼ਤਰ ਵਿੱਚ ਆੜ੍ਹਤੀ ਐਸੋਸ਼ੀਏਸ਼ਨ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਝੋਨੇ ਦੇ ਸੀਜ਼ਨ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਸਮੱਸਿਆ ਨਹੀਂ ਆਵੇਗੀ।