ਖੰਨਾ:
ਅੱਜ ਇਥੋਂ ਦੇ ਏਐੱਸ ਕਾਲਜ ਫਾਰ ਵਿਮੈੱਨ ਵਿੱਚ ਸਵੀਪ ਗਤੀਵਿਧੀ ਤਹਿਤ ਵੋਟ ਦੀ ਸਹੀ ਵਰਤੋਂ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਵਾਦ-ਵਿਵਾਦ ਕਰਵਾਇਆ ਗਿਆ। ਇਨ੍ਹਾਂ ਗਤੀਵਿਧੀਆਂ ਵਿੱਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਤੇ ਕਾਲਜ ਸਟਾਫ਼ ਨੇ ਹਿੱਸਾ ਲਿਆ। ਇਸ ਮੌਕੇ ਨੋਡਲ ਅਫ਼ਸਰ ਡਾ. ਅਮਰਦੀਪ ਨੇ ਵੋਟਰਾਂ ਨੂੰ ਸਮਝਾਇਆ ਕਿ ਉਹ ਆਪਣੀ ਵੋਟ ਦੀ ਸਹੀ ਵਰਤੋਂ ਕਰਨ ਤੇ ਵੋਟ ਦੀ ਮਹੱਤਤਾ ਨੂੰ ਸਮਝਣ। ਉਨ੍ਹਾਂ ਵਿਦਿਆਰਥੀਆਂ ਨੂੰ ਲੋਕਤੰਤਰ ਰਾਜ ਵਿੱਚ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਜਾਗਰੂਕ ਕਰਦਿਆਂ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਰਣਜੀਤ ਕੌਰ ਨੇ ਵਿਦਿਆਰਥੀਆਂ ਨੂੰ ਬਿਨਾਂ ਦਬਾਅ ਦੇ ਆਪਣੇ ਵੋਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਜੈ ਡਾਇਮੰਡ, ਜਤਿੰਦਰ ਦੇਵਗਨ, ਰਾਜੇਸ਼ ਡਾਲੀ, ਕਵਿਤਾ ਗੁਪਤਾ ਨੇ ਕਾਲਜ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। -ਨਿੱਜੀ ਪੱਤਰ ਪ੍ਰੇਰਕ