ਮੋਦੀ ਮਹਿਲ ਦੇ ਘਿਰਾਓ ਲਈ ਲਾਮਬੰਦੀ ਮੀਟਿੰਗ
ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 5 ਸਤੰਬਰ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਮਜ਼ਦੂਰਾਂ ਦੇ ਮੰਗਾਂ ਮਸਲਿਆਂ ਦੇ ਹੱਲ ਅਤੇ ਚੋਣਾਂ ’ਚ ਕੀਤੇ ਵਾਅਦੇ ਪੂਰੇ ਕਰਵਾਉਣ ਲਈ 13 ਸਤੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਪਟਿਆਲਾ ਦਾ ਘਿਰਾਉ ਕੀਤਾ ਜਾਵੇਗਾ। ਇਸ ਸਬੰਧੀ ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਸੁਖਦੇਵ ਸਿੰਘ ਮਾਣੂੰਕੇ ਦੀ ਪ੍ਰਧਾਨਗੀ ਹੇਠ ਸਥਾਨਕ ਕਮੇਟੀ ਪਾਰਕ ਵਿਖੇ ਹੋਈ। ਇਸ ’ਚ ਕੁਲਵੰਤ ਸਿੰਘ ਸਿੱਧਵਾਂ ਕਲਾਂ, ਨਿਰਮਲ ਸਿੰਘ, ਬਲਵਿੰਦਰ ਸਿੰਘ ਬੱਬੀ, ਸ਼ਨੀ ਸਿੰਘ, ਬਿੱਕਰ ਸਿੰਘ, ਧੀਰਾ ਸਿੰਘ ਹਾਜ਼ਰ ਸਨ। ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਕਿ ਲੁਧਿਆਣਾ (ਦਿਹਾਤੀ) ਦੇ ਪਿੰਡਾਂ ’ਚ ਮੋਤੀ ਮਹਿਲ ਪਟਿਆਲਾ ਦੇ ਘਿਰਾਉ ਲਈ ਮੀਟਿੰਗਾਂ-ਰੈਲੀਆਂ ਦੀ ਮੁਹਿੰਮ ਤੇਜ਼ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਨੇ ਦੱਸਿਆ ਕਿ ਮਜ਼ਦੂਰਾਂ ਦਾ ਸਾਂਝਾ ਮੋਰਚਾ ਮੰਗ ਕਰਦਾ ਹੈ ਕਿ ਮਜ਼ਦੂਰਾਂ ਦੇ ਕਰਜ਼ਿਆਂ ਅਤੇ ਬਿਜਲੀ ਬਕਾਇਆ ਬਿੱਲਾਂ ਉੱਪਰ ਲੀਕ ਮਾਰ ਕੇ ਪੁੱਟੇ ਮੀਟਰ ਵਾਪਸ ਕਰਕੇ ਕੱਟੇ ਹੋਏ ਬਿਜਲੀ ਕੁਨੈਕਸ਼ਨ ਮੁੜ ਜੋੜੇ ਜਾਣ। ਇਸ ਤੋਂ ਇਲਾਵਾ ਲੋੜਵੰਦ ਮਜ਼ਦੂਰਾਂ ਨੂੰ 10-10 ਮਰਲੇ ਦੇ ਪਲਾਟ ਅਲਾਟ ਕਰਕੇ ਮਕਾਨ ਪਾਉਣ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾਵੇ। ਮਨਰੇਗਾ ਦਿਹਾੜੀ 600 ਰੁਪਏ ਕਰਕੇ ਪੂਰੇ ਸਾਲ ਲਈ ਕੰਮ ਦਿੱਤਾ ਜਾਵੇ। ਬੁਢਾਪਾ, ਵਿਧਵਾ ਅਤੇ ਅੰਗਹੀਣਾਂ ਦੀ ਪੈਨਸ਼ਨ 5000 ਰੁਪਏ ਮਹੀਨਾ ਕੀਤੀ ਜਾਵੇ। ਪੰਚਾਇਤੀ ਜ਼ਮੀਨਾਂ ’ਚੋਂ ਤੀਜੇ ਹਿੱਸੇ ਦੀ ਜ਼ਮੀਨ ਦਾ ਪ੍ਰਬੰਧ ਦਲਿਤ ਮਜ਼ਦੂਰਾਂ ਨੂੰ ਦਿੱਤਾ ਜਾਵੇ। ਜ਼ਮੀਨੀ ਸੁਧਾਰ ਲਾਗੂ ਕਰਕੇ ਵਾਧੂ ਜ਼ਮੀਨ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ’ਚ ਵੰਡੀ ਜਾਵੇ।
ਜਗਰਾਉਂ ਕਮੇਟੀ ਪਾਰਕ ’ਚ ਮੀਟਿੰਗ ਕਰਦੇ ਹੋਏ ਜਥੇਬੰਦੀ ਦੇ ਕਾਰਕੁਨ।-ਫੋਟੋ: ਸ਼ੇਤਰਾ