ਨਿੱਜੀ ਪੱਤਰ ਪ੍ਰੇਰਕ
ਖੰਨਾ, 15 ਫ਼ਰਵਰੀ
ਇਥੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਮੈਂਬਰਾਂ ਦੀ ਇਕੱਤਰਤਾ ਹੋਈ, ਜਿਸ ਵਿਚ ਠੇਕਾ ਮੁਲਾਜ਼ਮਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਬਲਿਹਾਰ ਸਿੰਘ, ਕੁਲਦੀਪ ਸਿੰਘ, ਦਲਵੀਰ ਸਿੰਘ, ਜਗਜੀਤ ਸਿੰਘ, ਜਗਦੇਵ ਸਿੰਘ ਅਤੇ ਕਰਮ ਚੰਦ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਮਰਜ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ ਕਮੇਟੀਆਂ ਦਾ ਗਠਨ ਕਰਕੇ ਆਪਣਾ ਸਮਾਂ ਲੰਘਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਵਿਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨ੍ਹੀ ਲੁੱਟ ਨੂੰ ਬੰਦ ਕਰਨ ਦੇ ਐਲਾਨ ਪਿਛੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪਿਸਣ ਲਈ ਮਜਬੂਰ ਕੀਤਾ ਹੋਇਆ ਹੈ। ਸਰਕਾਰੀ ਵਿਭਾਗਾਂ ਦੇ ਕਰਮਚਾਰੀ ਪਿਛਲੇ 15-20 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਦਿੰਦੇ ਆ ਰਹੇ ਹਨ ਪਰ ਅਜੇ ਵੀ ਇਨ੍ਹਾਂ ਲਈ ਕੋਈ ਨੀਤੀ ਨਹੀਂ ਬਣਾਈ ਗਈ ਜਿਸ ਤੋਂ ਜ਼ਾਹਰ ਹੁੰਦਾ ਹੈ ਕਿ ਇਹ ਸਰਕਾਰ ਵੀ ਹੋਰਾਂ ਸਰਕਾਰਾਂ ਦੀ ਤਰ੍ਹਾਂ ਡੰਗ ਟਪਾਊ ਨੀਤੀ ਅਪਣਾ ਰਹੀ ਹੈ। ਮੀਟਿੰਗ ਵਿਚ ਫੈਸਲਾ ਕੀਤਾ ਕੀਤਾ ਗਿਆ ਕਿ ਪਿੰਡਾਂ ਤੇ ਸ਼ਹਿਰਾਂ ਵਿਚ 25 ਫਰਵਰੀ ਨੂੰ ਝੰਡਾ ਮਾਰਚ ਕਰਕੇ ਪੰਜਾਬ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ 27 ਫਰਵਰੀ ਨੂੰ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇਅ ਜਾਮ ਕੀਤਾ ਜਾਵੇਗਾ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ’ਤੇ ਵਿਭਾਗਾਂ ਵਿਚ ਮਰਜ਼ ਕਰਕੇ ਪੱਕਾ ਕੀਤਾ ਜਾਵੇ ਤੇ ਹੋਰ ਮੰਗਾਂ ਮੰਨੀਆਂ ਜਾਣ।