ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਨੂੰ ਪੱਖੋਵਾਲ ਲਿਖਣ ਵਾਲੇ ਦੁਕਾਨਦਾਰਾਂ ਵਿਰੁੱਧ ਕੀਤੀ ਸ਼ਿਕਾਇਤ;
ਕੇਂਦਰ ਅਤੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ
ਸਤਵਿੰਦਰ ਬਸਰਾ
ਲੁਧਿਆਣਾ, 3 ਸਤੰਬਰ
ਸ਼ਹੀਦ ਕਰਤਾਰ ਸਿੰਘ ਸਰਾਭਾ ਲੋਕ ਭਲਾਈ ਮੰਚ ਅਤੇ ਇਲਾਕਾ ਵਾਸੀਆਂ ਵੱਲੋਂ ਹਲਵਾਰਾ ਵਿੱਚ ਬਣ ਰਹੇ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਰੱਖਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਪਹਿਲਾਂ ਵੀ ਦੋ ਵਾਰ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪ ਕੇ ਏਅਰਪੋਰਟ ਦਾ ਨਾਮ ਸ਼ਹੀਦ ਦੇ ਨਾਂ ’ਤੇ ਰੱਖਣ ਦੀ ਮੰਗ ਕਰ ਚੁੱਕੇ ਹਨ ਪਰ ਕੋਈ ਸੁਣਵਾਈ ਨਹੀਂ ਹੋਈ। ਅੱਜ ਮੰਚ ਦੇ ਨੁਮਾਇੰਦਿਆਂ ਅਤੇ ਆਮ ਲੋਕਾਂ ਨੇ ਪਹਿਲਾਂ ਸ਼ਹੀਦ ਦੇ ਲੱਗੇ ਬੁੱਤ ਵਾਲੇ ਪਾਰਕ ਨੇੜੇ ਇਕੱਠ ਕਰਕੇ ਡੀਸੀ ਦਫਤਰ ਦੇ ਬਾਹਰ ਕੇਂਦਰ ਅਤੇ ਸੂਬਾ ਸਰਕਾਰ ਦਾ ਪੁਤਲਾ ਸਾੜਿਆ। ਇਨ੍ਹਾਂ ਨੁਮਾਇੰਦਿਆਂ ਨੇ ਭਾਈ ਬਾਲਾ ਚੌਕ ਤੋਂ ਰਾਏਕੋਟ ਤੱਕ ਬਣੀ ਸੜਕ ਦਾ ਨਾਮ ‘ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ’ ਦੀ ਥਾਂ ਆਪਣੀਆਂ ਦੁਕਾਨਾਂ ਦੇ ਬਾਹਰ ਅਤੇ ਹੋਰ ਥਾਵਾਂ ’ਤੇ ਪੱਖੋਵਾਲ ਰੋਡ ਲਿਖਣ ਵਾਲਿਆਂ ਦੀ ਵੀ ਡਿਪਟੀ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ। ਇਸ ਦੌਰਾਨ ਪ੍ਰਦਰਸ਼ਨ ਕਰਨ ਵਾਲਿਆਂ ਦੀ ਪੁਲੀਸ ਨਾਲ ਬਹਿਸ ਅਤੇ ਮਾਮੂਲੀ ਖਿੱਚ ਧੂਹ ਵੀ ਹੋਈ।
ਮੰਚ ਦੇ ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਕਿ ਸਮੂਹ ਇਲਾਕਾ ਨਿਵਾਸੀਆਂ ਵੱਲੋਂ ਕਈ ਵਾਰ ਹਲਵਾਰਾ ਵਿੱਚ ਬਣ ਰਹੇ ਹਵਾਈ ਅੱਡੇ ਦਾ ਨਾਮ ਸ਼ਹੀਦ ਦੇ ਨਾਮ ’ਤੇ ਰੱਖਣ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਪਿਛਲੇ ਸਾਲ ਵੀ 4500 ਵਿਅਕਤੀਆਂ ਦੇ ਦਸਤਖਤਾਂ ਵਾਲਾ ਮੰਗ ਪੱਤਰ ਦਿੱਤਾ ਗਿਆ ਸੀ ਪਰ ਇਸ ਪਾਸੇ ਗੌਰ ਕਰਨ ਦੀ ਥਾਂ ਸਰਕਾਰ ਵੱਲੋਂ ਏਅਰਪੋਰਟ ਸਬੰਧੀ ਨਵੇਂ ਲਾਏ ਜਾ ਰਹੇ ਬੋਰਡਾਂ ’ਤੇ ਸ਼ਹੀਦ ਦਾ ਕਿਤੇ ਵੀ ਨਾਮ ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅੱਜ ਉਹ ਤੀਜਾ ਮੰਗ ਪੱਤਰ ਸੌਂਪ ਰਹੇ ਹਨ। ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਇੱਕ ਪੱਤਰ ਜਾਰੀ ਕਰਕੇ ਭਾਈ ਬਾਲਾ ਚੌਕ ਤੋੋਂ ਰਾਏਕੋਟ ਤੱਕ ਜਾਂਦੀ ਸੜਕ ਦਾ ਨਾਮ ‘ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ’ ਰੱਖੇ ਜਾਣ ਦੀ ਪ੍ਰਵਾਨਗੀ ਦਿੱਤੀ ਸੀ। ਇੱਥੋਂ ਦੇ ਬਹੁਤੇ ਦੁਕਾਨਦਾਰਾਂ ਨੇ ਤਾਂ ਆਪਣੀਆਂ ਦੁਕਾਨਾਂ ਦੇ ਬਾਹਰ ਮਾਰਗ ਦਾ ਨਵਾਂ ਨਾਮ ਲਿਖਣਾ ਸ਼ੁਰੂ ਕਰ ਦਿੱਤਾ ਹੈ ਪਰ ਫਿਰ ਵੀ ਕਈ ਦੁਕਾਨਦਾਰ ਹਾਲਾਂ ਵੀ ਜਾਣਬੁੱਝ ਕਿ ਪੱਖੋਵਾਲ ਰੋਡ ਲਿਖ ਰਹੇ ਹਨ। ਅਜਿਹਾ ਹੋਣ ਨਾਲ ਸ਼ਹੀਦਾਂ ਨੂੰ ਪਿਆਰ ਕਰਨ ਵਾਲੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਉਹ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੇ ਬਾਹਰ ਸੜਕ ਦਾ ਨਵਾਂ ਨਾਮ ਲਿਖਣ ਦੀ ਹਦਾਇਤ ਕਰਨ। ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਭਾਈ ਬਾਲਾ ਚੌਕ ਵਿੱਚ ਲੱਗੇ ਸ਼ਹੀਦ ਦੇ ਬੁੱਤ ਦੇ ਆਲੇ-ਦੁਆਲੇ ਟੋਏ ਪੁੱਟ ਕੇ ਸ਼ਹੀਦ ਦੀ ਬੇਕਦਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪਾਰਕ ਵਿੱਚ ਬਣੇ ਟੋਏ ਭਰ ਕੇ ਇਸ ਦਾ ਨਵੀਨੀਕਰਨ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ ਗਈ।
ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਰੱਖਣ ਦੀ ਮੰਗ ਕਰਦੇ ਮੰਚ ਦੇ ਨੁਮਾਇੰਦੇ ਅਤੇ ਸਥਾਨਕ ਲੋਕ। ਫੋਟੋ: ਹਿਮਾਂਸ਼ੂ ਮਹਾਜਨ
ਕੈਪਸ਼ਨ: ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਰੱਖਣ ਦੀ ਮੰਗ ਕਰਦੇ ਲੋਕਾਂ ਅਤੇ ਪੁਲੀਸ ਵਿਚਾਲੇ ਹੁੰਦੀ ਬਹਿਸ। ਫੋਟੋ: ਹਿਮਾਂਸ਼ੂ ਮਹਾਜ਼ਨ