ਗੁਰੂਸਰ ਸੁਧਾਰ (ਸੰਤੋਖ ਗਿੱਲ): ਨਿੱਤ ਵਧਦੀਆਂ ਡੀਜ਼ਲ, ਪੈਟਰੌਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਤੋਂ ਪ੍ਰੇਸ਼ਾਨ ਕਿਰਤੀਆਂ ਅਤੇ ਕਿਸਾਨਾਂ ਵੱਲੋਂ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਵਿਵਾਦਤ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਸਰਕਾਰ ਵਿਰੁੱਧ ਜਾਰੀ ਲੜੀਵਾਰ ਧਰਨੇ ਨੂੰ ਸੰਬੋਧਨ ਕਰਦਿਆਂ ਜਨਵਾਦੀ ਇਸਤਰੀ ਸਭਾ ਦੀ ਆਗੂ ਅਮਨਦੀਪ ਕੌਰ ਅਤੇ ਰਜਿੰਦਰ ਕੌਰ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਨਿੱਜੀ ਕੰਪਨੀਆਂ ਦੇ ਘਰ ਭਰਨ ਲਈ ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਲਈ ਰੱਸੇ ਖੋਲ੍ਹ ਦਿੱਤੇ ਹਨ। ਉਨ੍ਹਾਂ ਸਰਕਾਰ ਦੀਆਂ ਨਿੱਜੀਕਰਨ ਦੀਆਂ ਨੀਤੀਆਂ ਨੂੰ ਬਰੇਕ ਲਾਉਣ ਲਈ ਲੋਕਾਂ ਨੂੰ ਸੰਘਰਸ਼ ਦਾ ਸੱਦਾ ਦਿੱਤਾ। ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋਂ, ਅਮਰਜੀਤ ਸਿੰਘ ਸਹਿਜਾਦ, ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਵੀ ਸੰਬੋਧਨ ਕੀਤਾ।