ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 28 ਮਾਰਚ
ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਵਿਵਾਦਤ ਖੇਤੀ ਕਾਨੂੰਨ ਦੀਆਂ ਕਾਪੀਆਂ ਭਲਕੇ ਸਾੜੀਆਂ ਜਾਣਗੀਆਂ। ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਸਰਕਾਰ ਵਿਰੁੱਧ ਕਿਲ੍ਹਾ ਰਾਏਪੁਰ ਵਿਚ ਚੱਲ ਰਹੇ ਧਰਨੇ ਦੀ ਅਗਵਾਈ ਜਰਨੈਲ ਕੌਰ, ਮਹਿੰਦਰ ਕੌਰ ਅਤੇ ਸੁਖਵਿੰਦਰ ਕੌਰ ਨੇ ਕੀਤੀ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਆਗੂ ਅਮਰੀਕ ਸਿੰਘ ਜੜਤੌਲੀ ਨੇ ਕਿਹਾ ਕਿ ਮੋਦੀ ਹਕੂਮਤ ਵਿਰੁੱਧ ਲੜਾਈ ਕਾਲੇ ਕਾਨੂੰਨ ਵਾਪਸ ਕਰਵਾਏ ਤੋਂ ਬਿਨਾ ਖ਼ਤਮ ਨਹੀਂ ਹੋਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕਿਰਤੀਆਂ ਅਤੇ ਕਿਸਾਨਾਂ ਦੀ ਲੁੱਟ ਕਰ ਕੇ ਕਾਰਪੋਰੇਟ ਘਰਾਣਿਆਂ ਦਾ ਢਿੱਡ ਭਰਨਾ ਚਾਹੁੰਦੀ ਹੈ, ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕਰਾਂਗੇ। ਇਸ ਮੌਕੇ ਸੂਬਾਈ ਕਿਸਾਨ ਆਗੂ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਜਨਵਾਦੀ ਇਸਤਰੀ ਸਭਾ ਦੀ ਆਗੂ ਡਾਕਟਰ ਗਗਨਦੀਪ ਕੌਰ, ਹਰਪਾਲ ਸਿੰਘ ਕਾਲਖ, ਹਰਵਿੰਦਰ ਸਿੰਘ, ਬਲਵਿੰਦਰ ਸਿੰਘ ਜੱਗਾ, ਕਲੈਕਟਰ ਸਿੰਘ ਨਾਰੰਗਵਾਲ ਨੇ ਵੀ ਸੰਬੋਧਨ ਕੀਤਾ।
ਕਿਸਾਨ ਆਗੂ ਮਲਕੀਤ ਸਿੰਘ ਜੜਤੌਲੀ ਨੇ ਦੋਸ਼ ਲਾਇਆ ਕਿ ਖੇਤੀ ਲਈ ਬਿਜਲੀ ਦੋ ਘੰਟੇ ਵੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ ਅਤੇ ਪਾਵਰਕੌਮ ਦੇ ਅਧਿਕਾਰੀ ਇਸ ਪਾਸੇ ਕੰਨ ਨਹੀਂ ਧਰਦੇ। ਉੱਧਰ ਹਿੱਸੋਵਾਲ ਟੌਲ ਪਲਾਜ਼ਾ ਉੱਪਰ ਵੀ ਕਿਸਾਨ ਅਤੇ ਮਜ਼ਦੂਰ ਡਟੇ ਹਏ ਹਨ।