ਖੇਤਰੀ ਪ੍ਰਤੀਨਿਧ
ਲੁਧਿਆਣਾ, 1 ਜੁਲਾਈ
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸੰਗਰੂਰ ਵਿੱਚ ਪੱਕੇ ਹੋਣ ਦੀ ਮੰਗ ਕਰ ਰਹੇ 8736 ਕੱਚੇ ਅਧਿਆਪਕਾਂ ’ਤੇ ਪੁਲੀਸ ਵੱਲੋਂ ਕੀਤੇ ਅੰਨ੍ਹੇਵਾਹ ਲਾਠੀਚਾਰਜ, ਖਿੱਚਧੂਹ ਅਤੇ ਗ੍ਰਿਫ਼ਤਾਰ ਕਰ ਕੇ ਥਾਣਿਆਂ ’ਚ ਡੱਕਣ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਮੌਕੇ ਉਨ੍ਹਾਂ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸੰਪੂਰਨ ਤੌਰ ’ਤੇ ਰੈਗੂਲਰ ਕਰਨ ਦੀ ਬਜਾਏ ਵੱਖਰੇ ਤੌਰ ’ਤੇ ਤਨਖਾਹ ਦੇ ਵਾਧੇ ਸਮੇਤ ਸਪੈਸ਼ਲ ਕਾਡਰ ਬਣਾਉਣ ਦੀ ਮੰਗ ਕੀਤੀ ਹੈ। ਯੂਨੀਅਨ ਦੇ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਦੀ ਅਗਵਾਈ ਵਾਲੀ ਮੀਟਿੰਗ ਵਿੱਚ ਹਾਜ਼ਰ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਮਾੜੀ, ਸਰਪ੍ਰਸਤ ਚਰਨ ਸਿੰਘ ਸਰਾਭਾ, ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਕੁਮਾਰ ਲੁਧਿਆਣਾ, ਬਲਕਾਰ ਵਲਟੋਹਾ, ਪ੍ਰੇਮ ਚਾਵਲਾ, ਸੰਜੀਵ ਸ਼ਰਮਾ ਲੁਧਿਆਣਾ, ਨਵੀਨ ਸਚਦੇਵਾ ਜ਼ੀਰਾ, ਟਹਿਲ ਸਿੰਘ ਸਰਾਭਾ, ਪਰਮਿੰਦਰਪਾਲ ਸਿੰਘ ਕਾਲੀਆ ਨੇ ਕਿਹਾ ਕਿ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਮਨਜ਼ੂਰ ਅਸਾਮੀਆਂ ਉੱਪਰ ਰੈਗੂਲਰ ਤਨਖ਼ਾਹ ਸਕੇਲ ਲਾਗੂ ਕਰਨ ਨਾਲ ਹੀ ਇਹ ਕੱਚੇ ਅਧਿਆਪਕ ਅਸਲ ਵਿੱਚ ਰੈਗੂਲਰ ਹੋਣੇ ਹਨ। ਇਸ ਤੋਂ ਇਲਾਵਾ ਇਨ੍ਹਾਂ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਤੋਂ ਬਾਹਰ ਰੱਖ ਕੇ ਅਤੇ ਨਿਸਚਿਤ ਪੂਰੀ ਤਨਖਾਹ ਸਕੇਲ ਨਾ ਦੇਣ ਨਾਲ ਵੀ ਇਹ ਸਥਾਪਤ ਸਰਕਾਰੀ ਸਕੂਲ ਪ੍ਰਣਾਲੀ ਉਪਰ ਵੱਡਾ ਹਮਲਾ ਹੈ। ਜ਼ਿਕਰਯੋਗ ਹੈ ਕਿ ਇਹ ਅਧਿਆਪਕ ਸਰਕਾਰੀ ਸਕੂਲਾਂ ਵਿੱਚ ਪਿਛਲੇ ਲਗਪੱਗ 18-19 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੱਚੇ ਤੌਰ ’ਤੇ ਸੇਵਾਵਾਂ ਨਿਭਾ ਰਹੇ ਹਨ। ਹੁਣ ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ ਕਰਦੇ ਹੋਏ ਇਨ੍ਹਾਂ ਅਧਿਆਪਕਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰ ਦਿੱਤਾ ਹੈ ਪਰ ਰੈਗੂਲਰ ਤਨਖ਼ਾਹ ਸਕੇਲ ਕਰਨ ਦੀ ਗੱਲ ਨਹੀਂ ਕੀਤੀ। ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਅਧਿਆਪਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਜਾਵੇ।