ਗੁਰਿੰਦਰ ਸਿੰਘ
ਲੁਧਿਆਣਾ, 28 ਮਈ
ਸਹਿਜਧਾਰੀ ਸਿੱਖ ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ ਉਮੈਦਪੁਰੀ ਨੇ ਆਪਣੇ ਚੋਣ ਪ੍ਰਚਾਰ ਨੂੰ ਅੱਧ ਵਿਚਕਾਰ ਛੱਡਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੀ ਹਮਾਇਤ ਦਾ ਐਲਾਨ ਕਰ ਦਿੱਤਾ ਹੈ। ਅੱਜ ਰਣਜੀਤ ਸਿੰਘ ਢਿੱਲੋਂ ਅਤੇ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਹੋਈ ਇੱਕ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਦਿਆਂ ਅਮਨਦੀਪ ਸਿੰਘ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬਾ ਵਾਸੀਆਂ ਦੀਆਂ ਹੱਕੀ ਮੰਗਾਂ ਅਤੇ ਪੰਜਾਬ ਨੂੰ ਬਚਾਉਣ ਲਈ ਲੜੀ ਜਾ ਰਹੀ ਲੜਾਈ, ਪੰਥ ਅਤੇ ਪੰਜਾਬ ਦੀ ਖਾਤਿਰ ਲਏ ਜਾ ਰਹੇ ਫ਼ੈਸਲਿਆਂ ਅਤੇ ਵਿਰੋਧੀ ਪਾਰਟੀਆਂ ਦੀਆਂ ਪੰਜਾਬ ਵਿਰੋਧੀ ਨੀਤੀਆਂ ਕਾਰਨ ਰਣਜੀਤ ਸਿੰਘ ਢਿੱਲੋ ਦੀ ਹਮਾਇਤ ਵਿੱਚ ਨਿੱਤਰੇ ਹਨ।
ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਾਂਗਰਸ ਪਾਰਟੀ ਦੇ ਪੰਜਾਬ ਅਤੇ ਸਿੱਖ ਵਿਰੋਧੀ ਰਵੱਈਏ ਨੂੰ ਦੇਖਦਿਆਂ ਆਪਣੀ ਮਾਂ ਪਾਰਟੀ ਅਕਾਲੀ ਦਲ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ ਤਾਂ ਜੋ ਅਕਾਲੀ ਦਲ ਦੇ ਨੁਮਾਇੰਦੇ ਪਾਰਲੀਮੈਂਟ ਵਿੱਚ ਪੁੱਜ ਕੇ ਪੰਜਾਬ ਅਤੇ ਪੰਥ ਦੇ ਚਿਰਾਂ ਤੋਂ ਲਟਕਦੇ ਮਸਲੇ ਹੱਲ ਕਰਾ ਸਕਣ। ਉਹ ਅੱਜ ਤਾਜਪੁਰ ਰੋਡ ਵਿੱਚ ਸਰਕਲ ਪ੍ਰਧਾਨ ਸਿਮਰਨਜੀਤ ਹਨੀ ਦੀ ਅਗਵਾਈ ਤੇ ਜਸਦੀਪ ਸਿੰਘ ਕਾਉਂਕੇ ਅਤੇ ਕਮਲ ਅਰੋੜਾ ਦੀ ਦੇਖ ਰੇਖ ਹੇਠ ਭਰਵੇਂ ਚੋਣ ਜਲਸੇ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਰਣਜੀਤ ਸਿੰਘ ਢਿੱਲੋ ਨੂੰ ਇਲਾਕਾ ਵਾਸੀਆਂ ਵੱਲੋਂ ਲੱਡੂਆਂ ਨਾਲ ਤੋਲ ਕੇ ਭਰਪੂਰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ।