ਪੱਤਰ ਪ੍ਰੇਰਕ
ਦੋਰਾਹਾ, 28 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਚੇਅਰਮੈਨ ਨੂੰ ਮਿਲ ਕੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮੁਲਾਕਾਤ ਦੌਰਾਨ ਨੇ 22 ਬੰਦੀ ਸਿੱਖਾਂ ਦੀ ਸੂਚੀ ਰੱਖੀ, ਜਿਸ ਤੇ ਤਕਰੀਬਨ ਡੇਢ ਘੰਟਾ ਵਿਚਾਰ ਕੀਤੀ ਗਈ। ਇਨ੍ਹਾਂ ਵਿੱਖ 9 ਬੰਦੀ ਸਿੱਖ ਦਵਿੰਦਰਪਾਲ ਸਿੰਘ ਭੁੱਲਰ, ਸਮਸ਼ੇਰ ਸਿੰਘ, ਗੁਰਦੀਪ ਸਿੰਘ ਖਹਿਰਾ, ਪਰਮਜੀਤ ਸਿੰਘ, ਬਲਵੰਤ ਸਿੰਘ, ਜਗਤਾਰ ਸਿੰਘ ਹਵਾਰਾ, ਲਖਵਿੰਦਰ ਸਿੰਘ, ਜਗਤਾਰ ਸਿੰਘ, ਗੁਰਮੀਤ ਸਿੰਘ ਪਿਛਲੇ 30/30 ਸਾਲਾਂ ਤੋਂ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਦੱਸਿਆ ਕਿ ਸਜ਼ਾ ਪੂਰੀ ਹੋਣ ਉਪਰੰਤ ਵੀ ਕਈਆਂ ਨੂੰ ਤਾਂ ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਸ਼ਤਾਬਦੀ ਪ੍ਰਕਾਸ਼ ਪੁਰਬ ਮੌਕੇ ਰਿਹਾਅ ਕਰਨ ਲਈ ਫੈਸਲਾ ਵੀ ਕੀਤਾ ਸੀ। ਜਥੇਦਾਰ ਜੱਲ੍ਹਾ ਨੇ ਇਕਬਾਲ ਸਿੰਘ ਨੂੰ ਮੰਗ ਪੱਤਰ ਸੌਂਪਦਿਆਂ ਬੰਦੀ ਸਿੱਖਾਂ ਦੀ ਰਿਹਾਈ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪੈਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਾਰੀਆਂ ਧਾਰਮਿਕ ਸੰਸਥਾਵਾਂ, ਪੰਥਕ ਜਥੇਬੰਦੀਆਂ, ਸਿੰਘ ਸਭਾਵਾਂ ਤੇ ਹੋਰ ਪੰਥ ਦਰਦੀਆਂ ਨੂੰ ਅਕਾਲ ਤਖ਼ਤ ਸਾਹਿਬ ਦੀ ਸਮੁੱਚੀ ਅਗਵਾਈ ਹੇਠ ਇਕੱਠੇ ਕਰਨ ਲਈ ਯਤਨ ਕਰਨ ਦੀ ਅਪੀਲ ਵੀ ਕੀਤੀ। ਜੱਲ੍ਹਾ ਮੁਤਾਬਕ ਇਕਬਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਪੱਧਰ ’ਤੇ ਇਸ ਕੇਸ ਦੀ ਪੈਰਵਾਈ ਕੀਤੀ ਜਾ ਰਹੀ ਹੈ।