ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 24 ਜੁਲਾਈ
ਚੌਕੀਮਾਨ ਟੌਲ ਪਲਾਜ਼ੇ ’ਤੇ ਚੱਲ ਰਿਹਾ ਕਿਸਾਨ ਧਰਨਾ ਅੱਜ 298ਵੇਂ ਦਿਨ ਵੀ ਜਾਰੀ ਰਿਹਾ। ਇਸੇ ਤਰ੍ਹਾਂ ਜਗਰਾਉਂ ਰੇਲਵੇ ਪਾਰਕ ਕਿਸਾਨ ਮੋਰਚੇ ਦੇ 297 ਦਿਨ ਪੂਰੇ ਹੋ ਗਏ। ਧਰਨਿਆਂ ਦੌਰਾਨ ਕਿਸਾਨ ਸੰਸਦ ਰੂਪੀ ਘੋਲ ਨੂੰ ਅੱਗੇ ਤੋਰਨ ਦਾ ਪ੍ਰਣ ਲਿਆ ਗਿਆ। ਜਗਰਾਉਂ ਧਰਨੇ ’ਚ ਸਭ ਤੋਂ ਪਹਿਲਾਂ ਕਾਮਾਗਾਟਾਮਾਰੂ ਜਹਾਜ਼ ਦੇ ਮੁਖੀ ਬਾਬਾ ਗੁਰਦਿੱਤ ਸਿੰਘ ਕਾਮਾਗਾਟਾਮਾਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਬੀਕੇਯੂ ਏਕਤਾ (ਡਕੌਂਦਾ) ਦੇ ਮਹਿਲ ਕਲਾਂ ਬਲਾਕ ਦੇ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਨੇ ਦੱਸਿਆ ਕਿ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੀਪਲਜ਼ ਵ੍ਹਿਪ ਦੀ ਪਾਲਣਾ ਨਾ ਕਰਨ ਦੀ ਨਿਖੇਧੀ ਦਾ ਮਤਾ ਪਾਸ ਕੀਤਾ ਗਿਆ। ਉਨ੍ਹਾਂ ਕਾਂਗਰਸ ਤਾਜਪੋਸ਼ੀ ਨੂੰ ‘ਡਰਾਮਾ’ ਕਰਾਰ ਦਿੰਦਿਆਂ ਕਿਹਾ ਕਿ ਕਿਸਾਨ ਦਿੱਲੀ ਹੱਦਾਂ ’ਤੇ ਮਰ ਰਹੇ ਹਨ ਅਤੇ ਕਾਂਗਰਸੀ ਜਸ਼ਨ ਮਨਾ ਰਹੇ ਹਨ।
ਚੌਂਕੀਮਾਨ ਵਿਖੇ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਕਾਮਾਗਾਟਾਮਾਰੂ ਯਾਦਗਾਰੀ ਕਮੇਟੀ ਨੇ ਸਹਿਯੋਗੀ ਜਥੇਬੰਦੀਆਂ ਨਾਲ ਮਿਲ ਕੇ ਧਰਨਾ ਜਾਰੀ ਰੱਖਿਆ। ਇਸ ਦੌਰਾਨ ਅਵਤਾਰ ਸਿੰਘ ਰਸੂਲਪੁਰ, ਸਤਨਾਮ ਸਿੰਘ ਮੋਰਕਰੀਮਾ, ਜਸਦੇਵ ਸਿੰਘ ਲਲਤੋਂ, ਚਮਕੌਰ ਸਿੰਘ ਬਰਮੀ, ਅਧਿਆਪਕ ਆਗੂ ਚਰਨ ਸਿੰਘ ਸਰਾਭਾ, ਜਸਬੀਰ ਸਿੰਘ ਗੁੜੇ ਨੇ ਖੇਤੀ ਮੰਤਰੀ ਨਰਿੰਦਰ ਤੋਮਰ ਅਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਦੇ ਬਿਆਨ ਦੀ ਨਿਖੇਧੀ ਕੀਤੀ ।
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਸੰਘਰਸ਼ ਤੇਜ਼ ਕਰਨ ਦੀ ਅਪੀਲ
ਖੰਨਾ (ਨਿੱਜੀ ਪੱਤਰ ਪ੍ਰੇਰਕ): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ। ਇਸ ਮੌਕੇ ਦਲਜੀਤ ਸਿੰਘ, ਕਸ਼ਮੀਰਾ ਸਿੰਘ ਅਤੇ ਗੁਰਦੀਪ ਸਿੰਘ ਭੱਟੀ ਨੇ ਮੋਦੀ ਸਰਕਾਰ ਦੇ ਅੜੀਅਲ ਵਤੀਰੇ ਦੀ ਨਿਖੇਧੀ ਕਰਦਿਆਂ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਿਰਫ਼ ਆਪਣੇ ਕੁਝ ਕਾਰਪੋਰੇਟ ਮਿੱਤਰਾਂ ਨੂੰ ਖੁਸ਼ ਕਰਨ ਲਈ ਜਨਤਕ ਖੇਤਰ ਨੂੰ ਤਬਾਹ ਕਰਨ ਲਈ ਨਿੱਜੀਕਰਨ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿ ਮੋਦੀ ਸਰਕਾਰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ, ਖਾਦਾਂ ਅਤੇ ਹੋਰ ਘਰੇਲੂ ਚੀਜ਼ਾਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕਰਕੇ ਮਹਿੰਗਾਈ ਨਾਲ ਆਮ ਲੋਕਾਂ ਦਾ ਲੱਕ ਤੋੜ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਵਾਪਸ ਹੋਣ ਤੱਕ ਕਿਸਾਨ ਅੰਦਲਨ ਜਾਰੀ ਰੱਖਣਗੇ। ਉਨ੍ਹਾਂ ਨੌਜਵਾਨਾਂ ਨੂੰ ਜਾਬਤੇ ਵਿਚ ਰਹਿ ਕੇ ਭਾਜਪਾ ਆਗੂਆਂ ਤੇ ਪੂੰਜੀਪਤੀ ਘਰਾਣਿਆਂ ਖਿਲਾਫ਼ ਲੜਾਈ ਤੇਜ਼ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਅਵਤਾਰ ਸਿੰਘ, ਰਛਪਾਲ ਸਿੰਘ, ਬਲਜੀਤ ਸਿੰਘ, ਕਰਨੈਲ ਸਿੰਘ, ਹਰਮੇਸ਼ ਸਿੰਘ, ਦਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਮੇਲ ਸਿੰਘ, ਹਵਾ ਸਿੰਘ, ਬਿਕਰਮਜੀਤ ਸਿੰਘ, ਗੁਰਦਿਆਲ ਸਿੰਘ, ਲਖਵੀਰ ਸਿੰਘ ਆਦਿ ਹਾਜ਼ਰ ਸਨ।