ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 13 ਮਈ
ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਜਵੱਦੀ ਕਮਿਊਨਿਟੀ ਹੈਲਥ ਸੈਂਟਰ ਵਿਖੇ ਸਥਾਪਤ ਨਵੇਂ 50 ਬੈੱਡਾਂ ਵਾਲੇ ਕੋਵਿਡ ਕੇਅਰ ਸੈਂਟਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਅਧਿਕਾਰੀ ਕੋਵਿਡ ਮਾਮਲਿਆਂ ਵਿੱਚ ਵੱਧ ਰਹੇ ਕੇਸਾਂ ਨਾਲ ਨਜਿੱਠਣ ਲਈ ਸਿਹਤ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਅਣਥੱਕ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਥੇ 50 ਆਕਸੀਜਨ ਬੈੱਡ ਸਥਾਪਿਤ ਕੀਤੇ ਗਏ ਹਨ ਤੇ ਇਹ ਲੈਵਲ-2 ਕੋਵਿਡ ਇਲਾਜ ਕੇਂਦਰ ਵਜੋਂ ਕੰਮ ਕਰ ਰਿਹਾ ਹੈ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ। ਉਨ੍ਹਾਂ ਕਿਹਾ ਕਿ ਸਾਨੂੰ ਇਸ ਬਿਮਾਰੀ ਦੇ ਵਿਰੁੱਧ ਬਚਾਅ ਲਈ ਮੋਹਰੀ ਰੋਲ ਅਦਾ ਕਰਦਿਆਂ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਮਾਸਕ ਪਾਉਣ, ਸਰੀਰਕ ਦੂਰੀ ਬਣਾਈ ਰੱਖਣ ਅਤੇ ਹੱਥਾਂ ਦੀ ਸਫ਼ਾਈ ਲਈ ਇਕ ਦੂਜੇ ਨੂੰ ਪ੍ਰੇਰਿਤ ਕਰਨ ਲਈ ਵੀ ਕਿਹਾ। ਇਸ ਮੌਕੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਘਬਰਾਉਣ ਦੀ ਬਿਲਕੁਲ ਜ਼ਰੂਰਤ ਨਹੀਂ ਹੈ ਅਤੇ ਪੰਜਾਬ ਸਰਕਾਰ ਮਹਾਂਮਾਰੀ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਜਲਦ ਦੂਸਰੀ ਲਹਿਰ ’ਤੇ ਕਾਬੂ ਪਾ ਲਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਕਰੋਨਾ ਦੀ ਪਸਾਰ ਲੜੀ ਤੋੜਨ ਲਈ ਘਰ ਦੇ ਅੰਦਰ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਕੌਂਸਲਰ ਮਮਤਾ ਆਸ਼ੂ, ਦਿਲਰਾਜ ਸਿੰਘ ਤੇ ਐੱਸਡੀਐੱਮ ਅਮਰਿੰਦਰ ਸਿੰਘ ਮੱਲ੍ਹੀ ਵੀ ਮੌਜੂਦ ਸਨ।