ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਅਕਤੂਬਰ
ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਲੁਧਿਆਣਾ ਦੀ ਮੁਖੀ ਮਾਤਾ ਵਿਪਨਪ੍ਰੀਤ ਕੌਰ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਸੱਠ ਤੋਲੇ ਸ਼ੁੱਧ ਸੋਨੇ ਦਾ ਛਤਰ ਭੇਟ ਕੀਤਾ ਗਿਆ ਹੈ। ਇਹ ਛਤਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਭੇਟ ਕੀਤਾ ਗਿਆ। ਇਸ ਮੌਕੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਬੀਬੀ ਪਰਮਜੀਤ ਕੌਰ ਪਿੰਕੀ, ਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਨਵਦੀਪ ਸਿੰਘ ਪੈਨੀ, ਈਸ਼ਵਰ ਸਿੰਘ, ਸੁਰਿੰਦਰ ਸਿੰਘ ਛਤਵਾਲ, ਬੀਬੀ ਸੁਰਿੰਦਰ ਕੌਰ, ਗੁਰਪ੍ਰੀਤ ਸਿੰਘ, ਪ੍ਰਤਾਪ ਸਿੰਘ, ਕੰਵਲਜੀਤ ਸਿੰਘ ਗੋਲਡੀ ਅਤੇ ਨਵਲ ਕੁਮਾਰ ਵੀ ਹਾਜ਼ਰ ਸਨ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਾਤਾ ਵਿਪਨਪ੍ਰੀਤ ਕੌਰ ਨੂੰ ਸਨਮਾਨਤ ਕਰਦਿਆਂ ਉਨ੍ਹਾਂ ਵੱਲੋਂ ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਕੇਂਦਰ ਦੇ ਟਰੱਸਟੀ ਇੰਦਰਜੀਤ ਸਿੰਘ ਸ਼ੰਟੀ ਨੇ ਦੱਸਿਆ ਕਿ ਕੇਂਦਰ ਵੱਲੋਂ ਜਿੱਥੇ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੱਡੇ ਪੱਧਰ ਤੇ ਸਰਗਰਮੀਆਂ ਚਲਾਈਆਂ ਜਾ ਰਹੀਆਂ ਹਨ ਉਥੇ ਸਮਾਜਿਕ ਖੇਤਰ ਵਿੱਚ ਵੀ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਰੋਨਾ ਕਾਲ ਦੌਰਾਨ ਕੇਂਦਰ ਵੱਲੋਂ ਰੋਜ਼ਾਨਾ ਹਜ਼ਾਰਾਂ ਵਿਅਕਤੀਆਂ ਲਈ ਸੁੱਕੇ ਅਤੇ ਤਿਆਰ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ। ਇਸ ਤੋਂ ਇਲਾਵਾ ਲੋੜਵੰਦ ਮਰੀਜ਼ਾਂ ਦੇ ਇਲਾਜ ਲਈ ਵੀ ਮੱਦਦ ਕੀਤੀ ਜਾਂਦੀ ਹੈ।