ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 29 ਜੂਨ
ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਉਹ ਸੰਸਦ ਵਿੱਚ ਪੰਜਾਬ ਨਾਲ ਸਬੰਧਤ ਤਿੰਨ ਮਸਲੇ ਪਹਿਲ ਦੇ ਆਧਾਰ ’ਤੇ ਉਠਾਉਣਗੇ ਜਿਨ੍ਹਾਂ ਵਿੱਚ ਕਿਸਾਨਾਂ ਦੀਆਂ ਮੰਗਾਂ, ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀਆਂ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣਾ ਸ਼ਾਮਲ ਹੈ।
ਉਹ ਅੱਜ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਰੱਖੇ ਸਨਮਾਨ ਸਮਾਗਮ ਸਮੇਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਪੰਥ ਅਤੇ ਪੰਜਾਬ ਦੇ ਮੁੱਦਿਆਂ ਦੀ ਆਵਾਜ਼ ਹਮੇਸ਼ਾ ਸੰਸਦ ਵਿੱਚ ਉਠਾਉਣਗੇ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਉਹ ਕਿਸੇ ਵੀ ਰਾਜਸੀ ਪਾਰਟੀ ਜਾਂ ਕਿਸੇ ਉਮੀਦਵਾਰ ਦਾ ਸਮਰਥਨ ਨਹੀਂ ਕਰ ਰਹੇ। ਸ਼੍ਰੋਮਣੀ ਅਕਾਲੀ ਦਲ ਬਾਰੇ ਪੁੱਛੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਦਾ ਅੰਦਰੂਨੀ ਮਸਲਾ ਹੈ ਕਿਉਂਕਿ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਸੁਖਬੀਰ ਬਾਦਲ ਦੀ ਲੀਡਰਸ਼ਿਪ ਕਬੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਵਿੱਚ ਇਹ ਗੱਲ ਚੱਲ ਰਹੀ ਹੈ ਪਰ ਸੁਖਬੀਰ ਬਾਦਲ ਮਸਲਾ ਲਮਕ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਅਸਲੀਅਤ ਸਮਝਦਿਆਂ ਫੌਰਨ ਵਰਕਰਾਂ ਅਤੇ ਆਗੂਆਂ ਦੀ ਰਾਇ ਮੁਤਾਬਕ ਕੰਮ ਕਰਨਾ ਚਾਹੀਦਾ ਹੈ।
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਦੀ ਲੋਕ ਸਭਾ ਦੇ ਸਪੀਕਰ ਨਾਲ ਮੀਟਿੰਗ ਕਰਾਉਣਗੇ ਤਾਂ ਜੋ ਉਨ੍ਹਾਂ ਨੂੰ ਸੰਸਦ ਮੈਂਬਰ ਵਜੋਂ ਹਲਫ਼ ਦਿਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਰਤੀ ਲੋਕਤੰਤਰ ਵਿੱਚ ਇਹ ਹਾਸੋ-ਹੀਣੀ ਗੱਲ ਹੈ ਕਿ ਜਿਹੜੇ ਲੋਕ ਚੋਣ ਜਿੱਤੇ ਹਨ, ਉਹ ਤਾਂ ਹਲਫ਼ ਨਹੀਂ ਚੁੱਕ ਸਕੇ ਜਦਕਿ ਜਿਹੜੇ ਲੋਕ ਚੋਣ ਹਾਰੇ ਹਨ, ਉਨ੍ਹਾਂ ਨੂੰ ਮੰਤਰੀ ਬਣਾ ਦਿੱਤਾ ਗਿਆ ਹੈ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਅਤੇ ਆਗੂ ਤੇਜਵੰਤ ਸਿੰਘ ਨਾਰੰਗਵਾਲ ਨੇ ਭਾਈ ਸਰਬਜੀਤ ਸਿੰਘ ਖਾਲਸਾ ਨੂੰ ਸਨਮਾਨਿਤ ਕੀਤਾ। ਇਸ ਮੌਕੇ ਭਾਈ ਜਸਬੀਰ ਸਿੰਘ ਰੋਡੇ ਸਮੇਤ ਕਈ ਜਥੇਬੰਦੀਆਂ ਦੇ ਆਗੂ ਵੀ ਹਾਜ਼ਰ ਸਨ।
‘ਕੇਜਰੀਵਾਲ ਨੇ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਦੀ ਗ਼ਲਤ ਚੋਣ ਕੀਤੀ’
ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਦੀ ਗ਼ਲਤ ਚੋਣ ਕੀਤੀ ਹੈ ਕਿਉਂਕਿ ਉਹ ਹਰ ਫਰੰਟ ’ਤੇ ਫੇਲ੍ਹ ਹਨ। ਉਨ੍ਹਾਂ ਕਿਹਾ ਕਿ ਇਸ ਅਤਿ ਮਹੱਤਵਪੂਰਨ ਸੂਬੇ ਲਈ ਸਹੀ ਬੰਦੇ ਹੱਥ ਸੂਬੇ ਦੀ ਵਾਂਗਡੋਰ ਸੌਂਪੀ ਜਾਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੇ ਕਾਰਜਕਾਲ ਦੌਰਾਨ ਸੂਬੇ ਦੀ ਅਮਨ-ਕਾਨੂੰਨ ਦੀ ਹਾਲਤ ਵਿਗੜੀ ਹੋਈ ਹੈ ਅਤੇ ਸੂਬਾ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾਈ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸੰਕਟ ਕਾਰਨ ਕਾਰੋਬਾਰੀ ਅਤੇ ਉਦਯੋਗ ਪਤੀ ਦੁਖੀ ਅਤੇ ਪ੍ਰੇਸ਼ਾਨ ਹਨ।