ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 15 ਫਰਵਰੀ
ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਜਾਗਦਾ ਰੱਖਣ ਲਈ ਸਿੱਖ ਸੰਗਤ ਦੀ ਜਾਗਰੂਕ ਪਹਿਰੇਦਾਰੀ ਜ਼ਰੂਰੀ ਹੈ।
ਉਹ ਗੁਰਦੁਆਰਾ ਗੁਰੂ ਸਿੰਘ ਸਭਾ ਸਰਾਭਾ ਨਗਰ ਵਿੱਚ ਸਾਕਾ ਨਨਕਾਣਾ ਸਾਹਿਬ ਦੇ ਸ਼ਤਾਬਦੀ ਵਰ੍ਹੇ ਦੇ ਸਬੰਧ ਵਿੱਚ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਦੀ ਯਾਦ ਮਨਾਉਣ ਦਾ ਮਨੋਰਥ ਤਦ ਹੀ ਪੂਰਾ ਹੁੰਦਾ ਹੈ ਜੇ ਪੂਰੀ ਸਿੱਖ ਕੌਮ ਗੁਰਦੁਆਰਾ ਸਾਹਿਬ ਦੀ ਹੋਂਦ ਦੇ ਮਹੱਤਵ ਅਤੇ ਗੁਰਮਰਿਆਦਾ ਦੇ ਬੋਧ ਨੂੰ ਸਮਝਣ ਦੀ ਕੋਸ਼ਿਸ਼ ਕਰੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਅੱਡਰੀ ਹੋਂਦ ਹਸਤੀ ਅਤੇ ਸਿੱਖਾਂ ਦੇ ਵਿਲੱਖਣ ਸਰੂਪ ਨੂੰ ਸੰਗਠਿਤ ਸੰਗਤੀ ਰੂਪ ਵਿੱਚ ਸਦੀਆਂ ਤੀਕਰ ਬਰਕਰਾਰ ਰੱਖਣ ਵਿੱਚ ਗੁਰਦੁਆਰਿਆਂ ਦੀ ਵੱਡੀ ਸੰਸਥਾਗਤ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਅੱਜ ਵੀ ਗੁਰਦੁਆਰਿਆਂ ਦੇ ਪ੍ਰਬੰਧ ਦੀ ਸਥਿਤੀ ਮਹੰਤਾਂ ਵੇਲੇ ਤੋਂ ਬਹੁਤੀ ਭਿੰਨ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਦੂਜੀ ਗੁਰਦੁਆਰਾ ਸੁਧਾਰ ਲਹਿਰ ਨੂੰ ਦੀ ਲੋੜ ਹੈ।
ਇਸ ਮੌਕੇ ਪੰਜਾਬ ਖੇਤੀ ਯੂਨੀਵਰਸਿਟੀ ਦੇ ਵਿਦਵਾਨ ਡਾ. ਸਰਬਜੀਤ ਸਿੰਘ ਰੇਣੁਕਾ ਨੇ ਸਾਕਾ ਨਨਕਾਣਾ ਸਾਹਿਬ ਬਾਰੇ ਕਿਹਾ ਕਿ ਜਿਸ ਤਰ੍ਹਾਂ ਮਹੰਤਾਂ ਤੋਂ ਗੁਰਧਾਮਾਂ ਨੂੰ ਆਜ਼ਾਦ ਕਰਾਉਣ ਲਈ ਕੁਰਬਾਨੀਆਂ ਦੇਣੀਆਂ ਪਈਆਂ ਸਨ, ਉਸੇ ਤਰ੍ਹਾਂ ਹੁਣ ਵੀ ਕਿਸਾਨ ਭਾਈਚਾਰੇ ਨੂੰ ਆਪਣੀਆਂ ਜ਼ਮੀਨਾਂ ਅਤੇ ਖੇਤੀ ਨੂੰ ਬਚਾਉਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਇਸ ਸਮੇਂ ਪ੍ਰਧਾਨ ਜਸਪਾਲ ਸਿੰਘ, ਰਾਵਿੰਦਰ ਕੌਰ, ਚਰਨਜੀਤ ਕੌਰ, ਅਮਰਜੀਤ ਸਿੰਘ, ਸਰਬਜੀਤ ਸਿੰਘ, ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਜਗਦੀਸ਼ ਸਿੰਘ, ਜਗਮੋਹਨ ਸਿੰਘ, ਸੁਖਦੇਵ ਸਿੰਘ ਵੀ ਹਾਜ਼ਰ ਸਨ।