ਨਿੱਜੀ ਪੱਤਰ ਪ੍ਰੇਰਕ
ਖੰਨਾ, 16 ਜਨਵਰੀ
ਇੱਥੋਂ ਦੇ ਗੁਲਜ਼ਾਰ ਗਰੁੱਪ ਆਫ ਇੰਸਟੀਚਿਊਟਸ ਵਿੱਚ ਮਨੁੱਖੀ ਅਧਿਕਾਰਾਂ ਦੇ ਵੱਖ-ਵੱਖ ਦ੍ਰਿਸ਼ਟੀਕੋਣ ਵਿਸ਼ੇ ਬਾਰੇ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮਨੁੱਖੀ ਅਧਿਕਾਰ ਕਮਿਸ਼ਨ ਮੈਂਬਰ ਡਾ. ਜਤਿੰਦਰ ਸਿੰਘ ਸ਼ੰਟੀ ਨੇ ਵਿਦਿਆਥੀਆਂ ਨੂੰ ਸਮਾਜ ਵਿੱਚ ਮਨੁੱਖੀ ਅਧਿਕਾਰਾਂ ਦੀ ਜ਼ਰੂਰਤ ਸਬੰਧੀ ਜਾਣੂ ਕਰਵਾਉਂਦਿਆਂ ਮਨੁੱਖਤਾ ਤੇ ਸਮਾਜ ਦੀ ਵੱਧ ਤੋਂ ਵੱਧ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸੰਸਥਾ ਵੱਲੋਂ ਕੋਵਿਡ ਲਹਿਰ ਦੌਰਾਨ ਮਨੁੱਖੀ ਸੇਵਾ ਵਿੱਚ ਕੀਤੇ ਕਾਰਜਾਂ ਦੀ ਜਾਣਕਾਰੀ ਦਿੰਦਿਆਂ ਮਨੁੱਖੀ ਕਦਰਾਂ ਕੀਮਤਾਂ ਅਤੇ ਵੱਖ-ਵੱਖ ਭਾਸ਼ਾਵਾਂ ਦੇ ਲੇਖਕਾਂ ਦੀਆਂ ਰਚਨਾਵਾਂ ਤੋਂ ਮਨੁੱਖੀ ਅਧਿਕਾਰਾਂ ਦੀ ਰੂਪ ਰੇਖਾ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਮਨੁੱਖ ਦਾ ਸੰਵੇਦਨਸ਼ੀਲ ਹੋਣਾ ਜ਼ਰੂਰੀ ਹੈ। ਗਰੀਬੀ ਵਿਰੁੱਧ ਕੰਮ ਕਰਨ ਤੇ ਸਮਾਜ ਦੇ ਹਾਸ਼ੀਆਗਤ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਕਾਨੂੰਨ ਦੀ ਵਰਤੋਂ ’ਤੇ ਜ਼ੋਰ ਦਿੱਤਾ ਗਿਆ। ਡਾਇਰੈਕਟਰ ਗੁਰਕੀਰਤ ਸਿੰਘ ਨੇ ਕਿਹਾ ਕਿ ਜੇਕਰ ਅਸੀਂ ਆਪਣੀ ਆਵਾਜ਼ ਬੁਲੰਦ ਨਹੀਂ ਕਰਾਂਗੇ ਤਾਂ ਆਪਣੇ ਮੌਲਿਕ ਅਤੇ ਕਾਨੂੰਨੀ ਅਧਿਕਾਰਾਂ ਦੀ ਵਰਤੋਂ ਨਹੀਂ ਕਰ ਸਕਾਂਗੇ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਪੁੱਛੇ ਸਵਾਲਾਂ ਦੇ ਡਾ. ਸ਼ੰਟੀ ਨੇ ਜਵਾਬ ਵੀ ਦਿੱਤੇ।