ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 19 ਨਵੰਬਰ
ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜੀਵਨ ਸੇਖਾ ਅੱਜ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਿਆ। ਅੱਜ ਬਾਅਦ ਦੁਪਹਿਰ ਜ਼ਿਲ੍ਹਾ ਭਾਜਪਾ ਦਫ਼ਤਰ ਦੁੱਗਰੀ ਵਿੱਚ ਹੋਏ ਸਮਾਗਮ ਦੌਰਾਨ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਨੇ ਜੀਵਨ ਸੇਖਾ ਅਤੇ ਸਾਥੀਆਂ ਨੂੰ ਸਿਰੋਪੇ ਦੇ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਰਜਨੀਸ਼ ਧੀਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਪੰਜਾਬ ਲਈ ਕੀਤੇ ਜਾ ਰਹੇ ਕੰਮਾਂ ਨੂੰ ਵੇਖਦਿਆਂ ਦੂਜੀਆਂ ਪਾਰਟੀਆਂ ਦੇ ਆਗੂ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪੰਜਾਬ ਦਾ ਖੁਸ਼ਹਾਲ ਭਵਿੱਖ ਭਾਜਪਾ ਵਿੱਚ ਦਿਖਾਈ ਦਿੰਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨਗਰ ਨਿਗਮ ਦੇ ਸਾਰੇ ਵਾਰਡਾਂ ਤੇ ਚੋਣ ਲੜਕੇ ਆਪਣਾ ਮੇਅਰ ਬਣਾਏਗੀ। ਇਸ ਮੌਕੇ ਜੀਵਨ ਸੇਖਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਵਰਕਰਾਂ ਦੀ ਕੋਈ ਕਦਰ ਨਹੀਂ ਹੈ। ਉਨ੍ਹਾਂ ਕਿਹਾ ਕਿ ਆਗੂਆਂ ਦੀ ਆਪਾਧਾਪੀ ਕਾਰਨ ਸ਼੍ਰੋਮਣੀ ਅਕਾਲੀ ਦਲ ਦਾ ਆਧਾਰ ਲੋਕਾਂ ਵਿੱਚ ਉੱਕਾ ਹੀ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਪਾਰਟੀ ਵਰਕਰਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੇਗੀ ਉਹ ਉਸਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਡਾ. ਨਿਰਮਲ ਨਯੀਅਰ, ਯਸ਼ਪਾਲ ਜਨੋਤਰਾ, ਡਾ. ਸਤੀਸ਼ ਕੁਮਾਰ ਅਤੇ ਨਵਲ ਜੈਨ ਵੀ ਹਾਜ਼ਰ ਸਨ।
ਸਾਰੀਆਂ 95 ਸੀਟਾਂ ’ਤੇ ਨਿਗਮ ਚੋਣ ਲੜੇਗੀ ਭਾਜਪਾ: ਧੀਮਾਨ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਇਥੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਅੱਜ ਪਾਰਟੀ ਦਫ਼ਤਰ ਦੁੱਗਰੀ ਵਿੱਚ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਭਾਜਪਾ ਮਹਾਨਗਰ ਦੀਆਂ ਸਾਰੀਆਂ 95 ਸੀਟਾਂ ਉੱਤੇ ਚੋਣਾਂ ਲੜਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਨੌਜਵਾਨ ਵਰਕਰਾਂ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਰੀ ਉਤਸਾਹ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ ਘਰ ਜਾ ਕੇ ਭਾਜਪਾ ਦੀਆਂ ਤੀਆਂ ਅਤੇ ਵਿਰੋਧੀ ਪਾਰਟੀਆਂ ਦੀਆਂ ਮੌਕਾ ਪ੍ਰਸਤੀ ਵਾਲੀਆਂ ਨੀਤੀਆਂ ਬਾਰੇ ਜਾਗਰੂਕ ਕਰਨ।