ਖੰਨਾ: ਸੀਨੀਅਰ ਮੈਡੀਕਲ ਅਫ਼ਸਰ ਡਾ. ਰਵੀ ਦੱਤ ਦੀ ਅਗਵਾਈ ਹੇਠ ਪਿੰਡ ਗਗੜਾ ਵਿੱਚ ਕੌਮਾਂਤਰੀ ਬਜ਼ੁਰਗ ਦਿਵਸ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਡਾ. ਦੱਤ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹਨ, ਜਿਨ੍ਹਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਡੇਰੀ ਉਮਰ ਵਿੱਚ ਸੰਤੁਲਿਤ ਭੋਜਨ ਦੀ ਵਧੇਰੇ ਵਰਤੋਂ ਕਰਨੀ ਚਾਹੀਦੀ ਹੈ ਤੇ ਨਮਕ, ਚੀਨੀ ਤੇ ਤਲੇ ਹੋਏ ਭੋਜਨ ਦੀ ਘੱਟ ਵਰਤੋਂ ਕਰਨੀ ਚਾਹੀਦੀ ਹੈ। ਮਾਨਸਿਕ ਸਿਹਤ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਚਾਹੀਦਾ ਹੈ ਕਿ ਢਲਦੀ ਉਮਰ ਵਿੱਚ ਬਜ਼ੁਰਗਾਂ ਨਾਲ ਗੱਲਬਾਤ ਕਰਦੇ ਰਹਿਣ। ਸਿਹਤ ਇੰਸਪੈਕਟਰ ਜਰਨੈਲ ਸਿੰਘ ਤੇ ਗੁਰਦੀਪ ਸਿੰਘ ਨੇ ਕਿਹਾ ਕਿ ਬਜ਼ੁਰਗਾਂ ਨੂੰ ਆਪਣੀ ਰੋਜ਼ਾਨਾ ਦੀ ਜੀਵਨ ਕਿਰਿਆ ਵਿੱਚ ਸੈਰ ਤੇ ਹਲਕੀਆਂ ਕਸਰਤਾਂ ਸ਼ਾਮਲ ਕਰਨੀਆਂ ਚਾਹੀਦੀਆਂ ਹਨ ਅਤੇ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਆਪਣਾ ਚੈੱਕਅੱਪ ਜ਼ਰੂਰ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਬਜ਼ੁਰਗਾਂ ਦੀ ਸਹਾਇਤਾ ਲਈ ਚਲਾਏ ਜਾ ਰਹੇ ਟੌਲ ਫ਼ਰੀ ਨੰਬਰ 14567 ਸਬੰਧੀ ਜਾਣਕਾਰੀ ਦਿੱਤੀ। ਅਮਨਦੀਪ ਸਿੰਘ ਅਤੇ ਪਰਮਜੀਤ ਸਿੰਘ ਨੇ ਵੀ ਬਜ਼ੁਰਗਾਂ ਦੀ ਸੇਵਾ ਸੰਭਾਲ ਸਬੰਧੀ ਵਿਚਾਰ ਸਾਂਝੇ ਕੀਤੇ। -ਨਿੱਜੀ ਪੱਤਰ ਪ੍ਰੇਰਕ