ਮਹੇਸ਼ ਸ਼ਰਮਾ
ਮੰਡੀ ਅਹਿਮਦਗੜ੍ਹ, 31 ਮਈ
ਕੁੱਲ ਹਿੰਦ ਜਨਵਾਦੀ ਇਸਤਰੀ ਸਭਾ ਲੁਧਿਆਣਾ ਦੀ ਬਾਰ੍ਹਵੀਂ ਜ਼ਿਲ੍ਹਾ ਕਾਨਫਰੰਸ ਨੇੜਲੇ ਪਿੰਡ ਛਪਾਰ ਵਿੱਚ ਸੰਪੰਨ ਹੋਈ ਜਿਸ ਦੀ ਪ੍ਰਧਾਨਗੀ ਹਰਜਿੰਦਰ ਕੌਰ ਅਤੇ ਸੁਖਮਿੰਦਰ ਕੌਰ ਨੇ ਸਾਂਝੇ ਤੌਰ ’ਤੇ ਕੀਤੀ। ਕੁੱਲ ਹਿੰਦ ਜਨਵਾਦੀ ਇਸਤਰੀ ਸਭਾ ਦੀ ਸੂਬਾ ਪ੍ਰਧਾਨ ਕਾਮਰੇਡ ਕ੍ਰਿਸ਼ਨਾ ਕੁਮਾਰੀ ਦੀ ਦੇਖ-ਰੇਖ ਹੇਠ ਹੋਏ ਇਜਲਾਸ ਵਿੱਚ ਪੰਜਾਹ ਡੈਲੀਗੇਟਾਂ ਨੇ ਹਿੱਸਾ ਲਿਆ।
ਇਜਲਾਸ ਵਿੱਚ ਸਰਬਸੰਮਤੀ ਨਾਲ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਨਿੰਦਾ ਦਾ ਮਤਾ ਪਾਸ ਕੀਤਾ ਗਿਆ ਅਤੇ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨਿਖੇਧੀ ਕੀਤੀ ਗਈ।
ਕਾਨਫਰੰਸ ’ਚ ਆਮ ਆਦਮੀ ਪਾਰਟੀ ਦੇ ਵਾਅਦੇ ਅਨੁਸਾਰ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਲਈ 1000 ਰੁਪਏ ਦੀ ਮਾਸਿਕ ਸਕੀਮ ਤੁਰੰਤ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਕਾਮਰੇਡ ਕ੍ਰਿਸ਼ਨਾ ਕੁਮਾਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਅੱਜ ਵੀ ਭਾਰਤ ਵਿੱਚ ਔਰਤਾਂ ਅੱਤਿਆਚਾਰ ਦਾ ਸ਼ਿਕਾਰ ਹੋ ਰਹੀਆਂ ਹਨ ਅਤੇ ਹੁਣ ਮੁੱਖ ਮੁੱਦਾ ਔਰਤਾਂ ਵਿੱਚ ਬੇਰੁਜ਼ਗਾਰੀ ਬਣਿਆ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ‘ਮਹਾਤਮਾ ਗਾਂਧੀ ਗ੍ਰਾਮੀਣ ਰੁਜ਼ਗਾਰ ਯੋਜਨਾ’ ਤਹਿਤ ਕੰਮ ਕਰਨ ਵਾਲੀਆਂ ਔਰਤਾਂ ਨੂੰ ਬਣਦਾ ਕੰਮ ਨਹੀਂ ਮਿਲ ਰਿਹਾ। ਉਨ੍ਹਾਂ ਮੰਗ ਕੀਤੀ ਕਿ ਇਸ ਸਕੀਮ ਤਹਿਤ ਕੰਮ ਕਰਨ ਵਾਲੀਆਂ ਔਰਤਾਂ ਨੂੰ ਘੱਟੋ-ਘੱਟ 200 ਦਿਨ ਰੁਜ਼ਗਾਰ ਮਿਲਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਨਾ ਰੋਕਣ ਲਈ ਮੌਜੂਦਾ ਸਰਕਾਰ ਸਮੇਤ ਹੁਣ ਤੱਕ ਦੀਆਂ ਸਾਰੀਆਂ ਸਰਕਾਰਾਂ ਦੀ ਵੀ ਸਖ਼ਤ ਨਿਖੇਧੀ ਕੀਤੀ। ਅਖੀਰ ’ਚ ਸ੍ਰੀਮਤੀ ਹਰਜਿੰਦਰ ਕੌਰ ਵਲੀਪੁਰ ਕਲਾਂ ਨੂੰ ਪ੍ਰਧਾਨ, ਜਸਵੀਰ ਕੌਰ ਤਲਵੰਡੀ ਨੂੰ ਜ਼ਿਲ੍ਹਾ ਸਕੱਤਰ ਅਤੇ ਸ੍ਰੀਮਤੀ ਸੁਖਮਿੰਦਰ ਕੌਰ ਜਗਰਾਉਂ ਨੂੰ ਖ਼ਜ਼ਾਨਚੀ ਚੁਣਿਆ ਗਿਆ।