ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਆਜ਼ਾਦੀ ਦਿਹਾੜੇ ਦੇ ਸਬੰਧ ਵਿੱਚ ਵੱਖ-ਵੱਖ ਥਾਈਂ ਕੌਮੀ ਝੰਡੇ ਲਹਿਰਾਏ ਗਏ ਜਦਕਿ ਮੁਸਲਿਮ ਭਾਈਚਾਰੇ ਵੱਲੋਂ ਸ਼ਾਹੀ ਇਮਾਮ ਨੇ ਜਾਮਾ ਮਸਜਿਦ ਦੇ ਬਾਹਰ ਝੰਡਾ ਲਹਿਰਾਇਆ। ਇਸ ਮੌਕੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਿੱਥੇ ਆਜ਼ਾਦੀ ਦਿਹਾੜੇ ਮੌਕੇ ਵੱਡੇ ਵੱਡੇ ਸਮਾਗਮ ਕਰਦੀ ਹੈ ਉਥੇ ਸਮਾਗਮਾਂ ਦੌਰਾਨ ਕੀਮਤੀ ਜਾਨਾਂ ਗੁਆਉਣ ਵਾਲੇ ਲੱਖਾਂ ਪੰਜਾਬੀਆਂ ਨੂੰ ਵੀ ਯਾਦ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਮੁਹੰਮਦ ਮੁਸਤਕੀਮ ਅਹਿਰਾਰੀ ਨੇ ਵੀ ਸੰਬੋਧਨ ਕੀਤਾ। ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਅਗਵਾਈ ਹੇਠ ਘੰਟਾ ਘਰ ਚੌਕ ਸਥਿਤ ਭਾਜਪਾ ਦਫ਼ਤਰ ਬਾਹਰ ਕੌਮੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਸੂਬਾ ਮੀਤ ਪ੍ਰਧਾਨ ਪ੍ਰਵੀਨ ਬਾਂਸਲ, ਜੀਵਨ ਗੁਪਤਾ, ਗੁਰਦੇਵ ਸ਼ਰਮਾ ਦੇਬੀ, ਮੁੱਖ ਬੁਲਾਰੇ ਅਨਿਲ ਸਰੀਨ, ਐੱਸਸੀ ਮੋਰਚਾ ਪੰਜਾਬ ਦੇ ਪ੍ਰਧਾਨ ਰਾਜ ਕੁਮਾਰ ਅਟਵਾਲ, ਸੁਖਮਿੰਦਰਪਾਲ ਸਿੰਘ ਗਰੇਵਾਲ ਅਤੇ ਗੁਰਦੀਪ ਸਿੰਘ ਗੋਸ਼ਾ ਸਮੇਤ ਕਈ ਆਗੂ ਹਾਜ਼ਰ ਸਨ।