ਪੱਤਰ ਪ੍ਰੇਰਕ
ਮਾਛੀਵਾੜਾ, 7 ਸਤੰਬਰ
‘ਸ਼੍ਰੋਮਣੀ ਅਕਾਲੀ ਦਲ ਵੱਲੋਂ 10 ਸਤੰਬਰ ਨੂੰ ਜ਼ਿਲਾ ਪੱਧਰੀ ਧਰਨੇ ਦਿੱਤੇ ਜਾ ਰਹੇ ਹਨ ਜਿਸ ਸਬੰਧੀ ਲੁਧਿਆਣਾ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸਵੇਰੇ 10 ਵਜੇ ਹਲਕਾ ਸਮਰਾਲਾ ਦੇ ਅਕਾਲੀ ਆਗੂ ਅਤੇ ਵਰਕਰ ਵੀ ਧਰਨੇ ਵਿੱਚ ਸ਼ਮੂਲੀਅਤ ਕਰਨਗੇ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਸਮੇਲ ਸਿੰਘ ਬੌਂਦਲੀ ਨੇ ਅਕਾਲੀ ਆਗੂਆਂ ਨਾਲ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਕੀਤਾ। ਜਥੇਦਾਰ ਬੌਂਦਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੈਟਰੋਲੀਅਮ ਪਦਾਰਥਾਂ ਅਤੇ ਬਿਜਲੀ ਦੇ ਰੇਟ ਵਧਾ ਕੇ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਅਤੇ ਹੁਣ ਖਾਲੀ ਖ਼ਜ਼ਾਨਾ ਭਰਨ ਲਈ ਪਹਿਲਾਂ ਸਰਕਾਰੀ ਜਾਇਦਾਦਾਂ ਦੇ ਰੇਟ ਵਿੱਚ ਵਾਧਾ ਕੀਤਾ, ਫਿਰ ਵਾਹਨਾਂ ਦੇ ਟੈਕਸ ਵਧਾਏ ਅਤੇ ਹੁਣ ਪੈਟਰੋਲੀਅਮ ਪਦਾਰਥਾਂ ਦੇ ਰੇਟ ਵਧਾ ਕੇ ਲੋਕਾਂ ਦੀ ਜੇਬ ’ਤੇ ਡਾਕਾ ਮਾਰਿਆ ਹੈ। ਜਥੇਦਾਰ ਬੌਂਦਲੀ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਵਧਦੀ ਮਹਿੰਗਾਈ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਾਈ ਕਮਾਂਡ ਦੇ ਨਿਰਦੇਸ਼ਾਂ ਤਹਿਤ ਹਲਕਾ ਸਮਰਾਲਾ ਦੇ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ ਗਈ ਹੈ ਤਾਂ ਜੋ 10 ਸਤੰਬਰ ਦੇ ਧਰਨੇ ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਹਰਜਤਿੰਦਰ ਸਿੰਘ ਪਵਾਤ, ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਸਰਕਲ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਜੱਜ, ਚਰਨਜੀਤ ਸਿੰਘ ਲੱਖੋਵਾਲ, ਅਮਰੀਕ ਸਿੰਘ ਹੇੜੀਆਂ, ਜਥੇਦਾਰ ਹਰਦੀਪ ਸਿੰਘ ਬਹਿਲੋਲਪੁਰ, ਗੁਰਚਰਨ ਸਿੰਘ ਟੋਡਰਪੁਰ, ਮੇਵਾ ਸਿੰਘ ਰਾਣਵਾਂ ਮੌਜੂਦ ਸਨ।