ਨਿੱਜੀ ਪੱਤਰ ਪ੍ਰੇਰਕ
ਖੰਨਾ, 12 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਖੰਨਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ 450 ਸਾਲਾਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ। ਇਸ ਦਾ ਆਰੰਭ ਬੱਚਿਆਂ ਵੱਲੋਂ ਸਕੂਲ ਵਿਖੇ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਉਪਰੰਤ ਸ਼ਬਦ ਕੀਰਤਨ ਨਾਲ ਕੀਤਾ ਗਿਆ। ਇਹ ਮਾਰਚ ਆਲੇ-ਦੁਆਲੇ ਦੇ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਨੇੜਲੇ ਪਿੰਡ ਭੱਟੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਸਮਾਪਤ ਹੋਇਆ। ਪ੍ਰਿੰਸੀਪਲ ਭਿੰਦਰਪਾਲ ਕੌਰ ਅਤੇ ਪ੍ਰਿੰਸੀਪਲ ਮਨਪ੍ਰੀਤ ਕੌਰ ਨੇ ਗੁਰੂ ਅਮਰਦਾਸ ਜੀ ਦੇ ਜੀਵਨ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਗੋਬਿੰਦਵਾਲ ਸਾਹਿਬ ਵਿਖੇ 16 ਤੋਂ 18 ਸਤੰਬਰ ਤੱਕ ਮਨਾਏ ਜਾ ਰਹੇ 450 ਸਾਲਾਂ ਦਿਵਸ ਵਿਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਫੈਸਲਾ ਕੀਤਾ। ਇਸ ਮੌਕੇ ਰਾਜਿੰਦਰ ਸਿੰਘ ਢੀਂਡਸਾ, ਗੁਰਵਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਆਪਣੇ ਗੌਰਵਮਈ ਸਿੱਖ ਇਤਿਹਾਸ ਨੂੰ ਸੰਭਾਲਣ ਦਾ ਸੱਦਾ ਦਿੱਤਾ। ਮਾਰਚ ਦੀ ਸਮਾਪਤੀ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਕੀਤੀ ਗਈ। ਇਸ ਮੌਕੇ ਗ੍ਰੰਥੀ ਰਾਜਵੰਤ ਸਿੰਘ, ਹਰਪ੍ਰੀਤ ਸਿੰਘ, ਜਤਿੰਦਰ ਕੌਰ ਆਦਿ ਹਾਜ਼ਰ ਸਨ।