ਗੁਰਿੰਦਰ ਸਿੰਘ
ਲੁਧਿਆਣਾ, 15 ਮਈ
ਐੱਸਟੀਐੱਫ ਲੁਧਿਆਣਾ ਨੇ ਇੱਕ ਜੋੜੇ ਨੂੰ ਗ੍ਰਿਫ਼ਤਾਰ ਕਰ ਕੇ ਕਰੋੜਾਂ ਰੁਪਏ ਦੇ ਮੁੱਲ ਦੀ ਹੈਰੋਇਨ ਅਤੇ ਡਰੱਗ ਮਨੀ ਵਜੋਂ ਹਜ਼ਾਰਾਂ ਰੁਪਏ ਬਰਾਮਦ ਕੀਤੇ ਹਨ। ਐੱਸਟੀਐੱਫ ਦੇ ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ ਤਹਿਤ ਐੱਸਟੀਐੱਫ਼ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਬਸੰਤ ਨਗਰ ਵਾਸੀ ਅਖਤਰ ਹੁਸੈਨ ਅਤੇ ਉਸਦੀ ਪਤਨੀ ਅਨੀਤਾ ਰਾਣੀ ਉਰਫ਼ ਸਾਜੀਆ ਪ੍ਰਵੀਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦੋਵੇਂ ਜਣੇ ਹੈਰੋਇਨ ਵੇਚਦੇ ਹਨ ਅਤੇ ਅੱਜ ਵੀ ਇਨ੍ਹਾਂ ਨੂੰ ਬੋਨਾ ਨਾਮੀਂ ਵਿਅਕਤੀ ਹੈਰੋਇਨ ਦੀ ਸਪਲਾਈ ਦੇਣ ਲਈ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇੰਸਪੈਕਟਰ ਹਰਬੰਸ ਸਿੰਘ ਦੀ ਦੇਖ-ਰੇਖ ਹੇਠ ਏਐੱਸਆਈ ਜਗਤਾਰ ਸਿੰਘ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਨੇ ਗਲੀ ਨੰਬਰ 11 ਬਸੰਤ ਨਗਰ ਸਥਿਤ ਇਨ੍ਹਾਂ ਦੋਵਾਂ ਜਣਿਆਂ ਨੂੰ ਉਸ ਵਕਤ ਗ੍ਰਿਫ਼ਤਾਰ ਕਰ ਲਿਆ ਜਦੋਂ ਇਨ੍ਹਾਂ ਨੂੰ ਬੋਨਾ ਮੋਟਰਸਾਈਕਲ ’ਤੇ ਹੈਰੋਇਨ ਦੀ ਸਪਲਾਈ ਦੇਣ ਲਈ ਆਇਆ ਸੀ।
ਉਨ੍ਹਾਂ ਦੱਸਿਆ ਕਿ ਪੁਲੀਸ ਨੇ ਛਾਪੇ ਦੌਰਾਨ ਮੋਟਰਸਾਈਕਲ ’ਤੇ ਆ ਰਹੇ ਪਤੀ ਪਤਨੀ ਨੂੰ ਗ੍ਰਿਫ਼ਤਾਰ ਕਰ ਕੇ ਏਸੀਪੀ ਦਵਿੰਦਰ ਕੁਮਾਰ ਦੀ ਦੇਖ ਰੇਖ ਹੇਠ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 290 ਗ੍ਰਾਮ ਹੈਰੋਇਨ ਅਤੇ 24 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੂੰ ਵੇਖਕੇ ਬੋਨਾ ਆਪਣਾ ਮੋਟਰਸਾਈਕਲ ਛੱਡ ਕੇ ਭੱਜ ਗਿਆ। ਤਲਾਸ਼ੀ ਦੌਰਾਨ ਉਸ ਦੇ ਮੋਟਰਸਾਈਕਲ ਵਿੱਚੋਂ ਵੀ 360 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਅਖਤਰ ਹੁਸੈਨ ਨੇ ਦੱਸਿਆ ਹੈ ਕਿ ਉਸਦੀ ਘਰ ਵਿੱਚ ਹੀ ਰੈਡੀਮੇਡ ਕੱਪੜਿਆਂ ਦੀ ਦੁਕਾਨ ਹੈ ਜਿਸਦੀ ਆੜ ਹੇਠ ਉਹ ਹੈਰੋਇਨ ਸਪਲਾਈ ਕਰਦਾ ਹੈ। ਉਸਨੇ ਦੱਸਿਆ ਕਿ ਉਸ ਖ਼ਿਲਾਫ਼ ਪਹਿਲਾਂ ਵੀ ਐੱਨਡੀਪੀਐੱਸ ਐਕਟ ਅਧੀਨ ਕੇਸ ਚੱਲ ਰਿਹਾ ਹੈ ਜਿਸ ਵਿੱਚ ਉਹ ਜ਼ਮਾਨਤ ’ਤੇ ਬਾਹਰ ਹੈ। ਉਸਦੀ ਪਤਨੀ ਘਰੇਲੂ ਔਰਤ ਹੈ ਪਰ ਉਹ ਦੋਵੇਂ ਜਣੇ ਹੈਰੋਇਨ ਦਾ ਸੇਵਨ ਵੀ ਕਰਦੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਉਪਰੰਤ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ।