ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 14 ਸਤੰਬਰ
ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਘਰ ਦਾ ਘਿਰਾਓ ਕਰਨ ਵਾਲੇ ਟੈਕਸੀ ਡਰਾਈਵਰਾਂ ਦੀ ਵਿਧਾਇਕ ਗੋਗੀ ਨੇ ਅੱਜ ਚੰਡੀਗੜ੍ਹ ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕਰਵਾਈ। ਮੀਟਿੰਗ ਵਿੱਚ ਲੁਧਿਆਣਾ ਡਰਾਈਵਰ ਯੂਨੀਅਨ, ਆਜ਼ਾਦ ਟੈਕਸੀ ਯੂਨੀਅਨ ਪੰਜਾਬ ਅਤੇ ਪੰਜਾਬ ਸਕੂਲ ਬੱਸ ਅਪਰੇਟਰ ਯੂਨੀਅਨ ਦੇ ਨੁਮਾਇੰਦੇ ਸ਼ਾਮਲ ਸਨ। ਇਸ ਮੌਕੇ ਉਨ੍ਹਾਂ ਨਾਲ ਸਟੇਟ ਟ੍ਰਾਂਸਪੋਰਟ ਕਮਿਸ਼ਨਰ (ਐੱਸਟੀਸੀ) ਵਿਮਲ ਸੇਤੀਆ ਵੀ ਮੌਜੂਦ ਸਨ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਯੂਨੀਅਨਾਂ ਨੂੰ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਆ ਰਹੀਆਂ ਦਰਪੇਸ਼ ਮੁਸ਼ਕਲਾਂ ਧਿਆਨ ਨਾਲ ਸੁਣੀਆਂ ਅਤੇ ਵਿਚਾਰ-ਵਟਾਂਦਰੇ ਮਗਰੋਂ ਕੁਝ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਵੀ ਕੀਤਾ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀਆਂ ਸ਼ਿਕਾਇਤਾਂ ਦੇ ਨਬਿੇੜੇ ਲਈ ਸਰਕਾਰ ਜਲਦ ਨਵੀਂ ਨੀਤੀ ਲੈ ਕੇ ਆਵੇਗੀ। ਦੱਸ ਦਈਏ ਕਿ ਬੀਤੀ 7 ਸਤੰਬਰ ਨੂੰ ਟੈਕਸੀ ਚਾਲਕਾਂ ਵੱਲੋਂ ਆਪਣੀਆਂ ਔਕੜਾਂ ਸਬੰਧੀ, ਸਕੱਤਰ, ਰਿਜ਼ਨਲ ਟ੍ਰਾਂਸਪੋਰਟ ਅਥਾਰਟੀ (ਆਰਟੀਏ) ਨਰਿੰਦਰ ਸਿੰਘ ਧਾਲੀਵਾਲ ਦੀ ਮੌਜੂਦਗੀ ਵਿੱਚ ਵਿਧਾਇਕ ਗੋਗੀ ਨੂੰ ਮੰਗ ਪੱਤਰ ਸੌਂਪਿਆ ਸੀ ਤੇ ਮੌਕੇ ’ਤੇ ਟੈਕਸੀ ਮੁਲਾਜ਼ਮਾਂ ਲਈ ਟਰਾਂਸਪੋਰਟ ਮੰਤਰੀ ਕੋਲੋਂ ਮੁਲਾਕਾਤ ਦਾ ਸਮਾਂ ਮੰਗਿਆ ਸੀ। ਵਿਧਾਇਕ ਗੋਗੀ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਲੁਧਿਆਣਾ ਡਰਾਈਵਰ ਯੂਨੀਅਨ, ਆਜ਼ਾਦ ਟੈਕਸੀ ਯੂਨੀਅਨ ਪੰਜਾਬ ਅਤੇ ਪੰਜਾਬ ਸਕੂਲ ਬੱਸ ਅਪਰੇਟਰ ਯੂਨੀਅਨ ਦੇ ਨੁਮਾਇੰਦਿਆਂ ਦੀ ਨੇੜੇ ਹੋ ਕੇ ਸੁਣੀ।